ਦਲਿਤ ਨੌਜਵਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਵੰਡੇ ਲੱਖਾਂ ਦੇ ਕਰਜ਼ੇ

Saturday, Feb 06, 2021 - 10:33 AM (IST)

ਦਲਿਤ ਨੌਜਵਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਵੰਡੇ ਲੱਖਾਂ ਦੇ ਕਰਜ਼ੇ

ਚੰਡੀਗੜ੍ਹ : ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ 695.20 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਹ ਕਰਜ਼ੇ 494 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ 1400 ਗਰੀਬ ਅਤੇ ਯੋਗ ਨੌਜਵਾਨਾਂ ਨੂੰ 2250 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ।

ਹੁਣ ਤੱਕ 494 ਨੌਜਵਾਨਾਂ ਨੂੰ 695.20 ਲੱਖ ਦਾ ਕਰਜ਼ਾ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਹੋਰਨਾਂ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਲਗਭੱਗ 4 ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 6404 ਗ਼ਰੀਬ ਦਲਿਤ ਨੌਜਵਾਨਾਂ ਨੂੰ 5842.89 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਹਨ, ਜਿਨ੍ਹਾਂ ਨੂੰ ਪ੍ਰਾਪਤ ਕਰਕੇ ਉਹ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਚੁੱਕੇ ਹਨ ਅਤੇ ਆਪਣਾ ਜੀਵਨ ਨਿਰਬਾਹ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਛੇਤੀ ਨਿਪਟਾਰੇ ਲਈ 1 ਲੱਖ ਤੱਕ ਦੇ ਕਰਜ਼ੇ ਨੂੰ ਪ੍ਰਵਾਨ ਕਰਨ ਦਾ ਅਧਿਕਾਰ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਮੈਨੇਜਰਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰਨ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ 'ਚ ਵੀ ਸੋਧ ਕੀਤੀ ਗਈ ਹੈ। ਧਰਮਸੋਤ ਨੇ ਦੱਸਿਆ ਕਿ ਐਸ. ਸੀ. ਕਾਰਪੋਰੇਸ਼ਨ ਦਾ ਮੁੱਖ ਮਕਸਦ ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਲੋਕਾਂ ਨੂੰ ਘੱਟ ਵਿਆਜ ਦਰ ’ਤੇ ਸਵੈ-ਰੁਜ਼ਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਵਪਾਰ ਅਤੇ ਉਚੇਰੀ ਸਿੱਖਿਆ ਲਈ ਕਰਜ਼ੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਇਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ਅਤੇ ਇਨ੍ਹਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।


 


author

Babita

Content Editor

Related News