ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ

08/18/2018 10:22:43 AM

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਅਰਜ਼ੀਆਂ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਦੇ ਵਿਭਾਗ ਦੀਆਂ ਹਿਦਾਇਤਾਂ ਦੇ ਅਨੁਸਾਰ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਪ੍ਰੈਸ ਬਿਆਨ ਵਿੱਚ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅਰੁਣਾ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਸਬੰਧਤ ਹਰ ਕਿਸਮ ਦੀਆਂ ਗਤਿਵਿਧੀਆਂ ਨੂੰ ਬੜੀ ਸੰਜੀਦਗੀ ਤੇ ਤਰਜੀਹ ਨਾਲ ਅਮਲ ਵਿੱਚ ਲਿਆ ਰਹੀ ਹੈ ਅਤੇ ਅਜਿਹੇ ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਦੱਸਿਆ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ 9ਵੀਂ ਅਤੇ 10ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੁੰਦੀ ਹੈ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 2.50 ਲੱਖ ਤੋਂ ਵੱਧ ਨਾ ਹੋਵੇ ਅਤੇ ਇਸ ਸਕਾਲਰਸ਼ਿਪ ਲਈ ਬਿਨੈ ਕਰਨ ਦੀ ਅੰਤਿਮ ਮਿਤੀ 30 ਸਤੰਬਰ ,2018 ਹੈ। ਜਦਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਫਾਇਦਾ 11ਵੀਂ ਜਮਾਤ ਤੋਂ ਲੈਕੇ ਮਾਸਟਰ ਡਿਗਰੀ/ਡਿਪਲੋਮਾ ਕਰਨ ਵਾਲੇ ਉਹ ਵਿਦਿਆਰਥੀ ਲੈ ਸਕਣਗੇ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 2.50 ਲੱਖ ਤੋਂ ਵੱਧ ਨਹੀਂ ਹੈ।

ਇਸ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ 31 ਅਕਤੂਬਰ ,2018 ਹੈ। ਅਰੁਣਾ ਚੌਧਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਅਗਲੀ ਭਲਾਈ ਸਕੀਮ, ਸਰਵੋਤਮ ਸ੍ਰੇਣੀ ਵਿਦਿਆ ਹੈ ਅਤੇ ਇਸ ਸਕੀਮ ਦਾ ਲਾਹਾ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 6 ਲੱਖ ਰੁਪਏ ਤੋਂ ਵੱਧ ਨਹੀਂ ਹੈ। ਇਸ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਵੀ 31 ਅਕਤੂਬਰ, 2018 ਹੈ।