''ਮੱਛੀ ਪਾਲਣ'' ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਚਲਾ ਰਹੀ ਲਾਹੇਵੰਦ ਸਕੀਮਾਂ

Thursday, Nov 29, 2018 - 09:00 AM (IST)

''ਮੱਛੀ ਪਾਲਣ'' ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਚਲਾ ਰਹੀ ਲਾਹੇਵੰਦ ਸਕੀਮਾਂ

ਮਾਨਸਾ : ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸਮੇਂ-ਸਮੇਂ 'ਤੇ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਸ ਤਹਿਤ ਸਬਸਿਡੀ ਦੇ ਨਾਲ-ਨਾਲ ਚਾਹਵਾਨ ਵਿਅਕਤੀਆਂ ਲਈ ਮੁਫ਼ਤ ਸਿਖਲਾਈ ਕੈਂਪ ਵੀ ਲਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਸੁਖਵਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਵਾਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਛੱਪੜਾਂ ਦੀ ਪੁਟਾਈ ਅਤੇ ਮੱਛੀ ਦੀ ਖਾਦ-ਖੁਰਾਕ ਲਈ 7.50 ਲੱਖ ਰੁਪਏ ਪ੍ਰਤੀ ਹੈਕਟੇਅਰ ਕਰਜ਼ਾ ਦਿਵਾਇਆ ਜਾਂਦਾ ਹੈ ਅਤੇ ਅਨੁਮਾਨਤ ਲਾਗਤ 'ਤੇ 40 ਫੀਸਦੀ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਪੁਰਾਣੇ ਛੱਪੜਾਂ ਦੇ ਸੁਧਾਰ ਅਤੇ ਮੱਛੀ ਦੀ ਖੁਰਾਕ ਲਈ 4.50 ਲੱਖ ਰੁਪਏ ਪ੍ਰਤੀ ਹੈਕਟੇਅਰ ਕਰਜ਼ਾ ਦਿਵਾਇਆ ਜਾਂਦਾ ਹੈ ਅਤੇ ਅਨੁਮਾਨਤ ਲਾਗਤ 'ਤੇ 20 ਫੀਸਦੀ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੱਛੀ ਪਾਲਣ ਦੇ ਕੰਮ ਨੂੰ ਉਤਸ਼ਾਹਿਤ ਕਰਨ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਹੋਏ ਹਨ ਅਤੇ ਮੱਛੀ ਪਾਲਣ ਦਾ ਕੰਮ ਕਰਨ ਵਾਲੇ ਮੱਛੀ ਪਾਲਕਾਂ ਲਈ ਸਬਸਿਡੀ ਦਾ ਵੀ ਪ੍ਰਬੰਧ ਕੀਤਾ ਹੈ, ਜਿਸ ਨਾਲ ਇਸ ਕੰਮ ਨੂੰ ਸ਼ੁਰੂ ਕਰਨ ਲਈ ਨੌਜਵਾਨਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਬੈਂਕਾਂ ਤੋਂ ਅਸਾਨ ਕਿਸ਼ਤਾਂ 'ਤੇ ਕਰਜ਼ੇ ਵੀ ਦਿਵਾਏ ਜਾਂਦੇ ਹਨ।


author

Babita

Content Editor

Related News