ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਿਆ ਵੱਡਾ ਕਦਮ, ਇੰਸਪੈਕਟਰ ਸਣੇ 3 ਪੁਲਸ ਮੁਲਾਜ਼ਮ ਕੀਤੇ ਮੁਅੱਤਲ
Monday, Jul 25, 2022 - 09:56 PM (IST)
ਫ਼ਿਰੋਜ਼ਪੁਰ (ਕੁਮਾਰ) : ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟੌਲਰੈਂਸ ਦੇ ਕੀਤੇ ਗਏ ਵਾਅਦੇ ’ਤੇ ਕਾਇਮ ਰਹਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ ਅਨੁਸਾਰ ਅੱਜ ਪੰਜਾਬ ਸਰਕਾਰ ਵੱਲੋਂ ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੇ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏ.ਐੱਸ. ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹਨਾਂ ’ਤੇ ਦੋਸ਼ ਹੈ ਕਿ ਇਨ੍ਹਾਂ ਨੇ ਦੋ ਨੌਜਵਾਨਾਂ ਕੰਵਲਜੀਤ ਪੁੱਤਰ ਬਲਜੀਤ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ (ਜ਼ਿਲ੍ਹਾ ਲੁਧਿਆਣਾ) ਅਤੇ ਗੌਰਵ ਪਾਰੀਕ ਪੁੱਤਰ ਲਕਸ਼ਮੀ ਨਾਰਾਇਣ ਪਾਰੀਕ ਵਾਸੀ ਭੇਰੂ ਜੀ ਬੀਕਾਨੇਰ (ਰਾਜਸਥਾਨ) ਨੂੰ ਇਕ ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਵਾਲੇ ਝੂਠੇ ਕੇਸ ’ਚ ਫਸਾਇਆ ਹੈ। ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਨੂੰ ਜਿਵੇਂ ਹੀ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਕਰਨ ਦੇ ਹੁਕਮ ਦਿੱਤੇ, ਜਿਸ ’ਚ ਪਾਇਆ ਗਿਆ ਕਿ ਫੜੇ ਗਏ ਨੌਜਵਾਨਾਂ ਖ਼ਿਲਾਫ਼ ਪੁਲਸ ਨੇ ਪੈਸੇ ਕਮਾਉਣ ਦੇ ਲਾਲਚ ’ਚ ਝੂਠਾ ਮੁਕਦਮਾ ਦਰਜ ਕੀਤਾ ਹੈ ਅਤੇ ਦਬਾਅ ਪਾ ਕੇ ਉਨ੍ਹਾਂ ਕੋਲੋਂ ਪੈਸੇ ਲਏ ਹਨ।
ਇਹ ਵੀ ਪੜ੍ਹੋ : ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਨੂੰ ਲੈ ਕੇ ਪੰਚਾਇਤ ਮੰਤਰੀ ਧਾਲੀਵਾਲ ਦਾ ਅਹਿਮ ਬਿਆਨ, ਕਹੀਆਂ ਇਹ ਗੱਲਾਂ
ਫਿਰੋਜ਼ਪੁਰ ਛਾਉਣੀ ਵਿਚ ਪੁਲਸ ਵੱਲੋਂ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਅੰਗਰੇਜ਼ ਸਿੰਘ ਅਤੇ ਜੋਗਿੰਦਰ ਸਿੰਘ ਦੇ ਖ਼ਿਲਾਫ਼ ਆਈ.ਪੀ.ਸੀ. ਦੀਆਂ ਧਾਰਾਵਾਂ 166, 167 ,195 ,471 ,218 ਅਤੇ 120 ਬੀ ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਵਰਣਨਯੋਗ ਹੈ ਕਿ ਇਹ ਗੱਲ ਬਹੁਤ ਵੱਡੀ ਹੈਰਾਨੀ ਦੀ ਹੈ ਕਿ ਆਖਿਰ ਨਾਰਕੋਟਿਕਸ ਕੰਟਰੋਲ ਸੈੱਲ ਦੀ ਪੁਲਸ ਦੇ ਕੋਲ ਇਕ ਕਿਲੋ ਹੈਰੋਇਨ ਆਖਿਰ ਕਿੱਥੋਂ ਆਈ? ਇਸ ਕੇਸ ’ਚ ਜਿਵੇਂ-ਜਿਵੇਂ ਜਾਂਚ ਅੱਗੇ ਵਧੇਗੀ, ਉਵੇਂ ਉਵੇਂ ਇਸ ਕੇਸ ’ਚ ਹੋਰ ਵੀ ਕਈ ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆ ਸਕਦੀਆਂ ਹਨ।