ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 7 ਵਿਅਕਤੀ ਗ੍ਰਿਫ਼ਤਾਰ

Monday, Dec 04, 2023 - 06:38 PM (IST)

ਚੰਡੀਗੜ੍ਹ (ਬਿਊਰੋ) : ਸੂਬੇ ’ਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ’ਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਸ ਵਿਭਾਗ ਨੂੰ ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ ਕਰਨ ਲਈ ਕਿਹਾ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਸ ਦੀ ਸਫ਼ਲ ਕਾਰਵਾਈ ਅਧੀਨ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ’ਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ।

PunjabKesari

ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ. ਸੀ. ਬੀ. ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ  ਆਈ. ਪੀ. ਸੀ. ਦੀ ਧਾਰਾ 379 ਅਧੀਨ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਵਿਕਾਸ ਪ੍ਰੋਜੈਕਟਾਂ ਦੇ ਐਲਾਨ ਤੋਂ ਬਾਅਦ ਬਾਗੋ-ਬਾਗ ਹੋਏ ਗੁਰਦਾਸਪੁਰੀਏ

ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਐੱਸ. ਪੀ. ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐੱਸ. ਐੱਚ .ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ। ਖਣਨ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ।

PunjabKesari

ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ’ਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਹਾਈ ਸਕਿਓਰਿਟੀ ਨੰਬਰ ਪਲੇਟ ਨਾ ਲਗਾਉਣ ’ਤੇ ਹੁਣ ਹੋਵੇਗੀ ਸਖ਼ਤ ਕਾਰਵਾਈ, ਕੱਟਿਆ ਜਾਵੇਗਾ 5000 ਰੁਪਏ ਦਾ ਚਲਾਨ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News