ਪੰਜਾਬ ਸਰਕਾਰ ਵਲੋਂ ਪੇਸ਼ ਬਜਟ ਵਿਕਾਸ ਨੂੰ ਦੇਵੇਗਾ ਨਵੀਂ ਦਿਸ਼ਾ : ਜਾਖੜ

02/28/2020 9:34:21 PM

ਜਲੰਧਰ,(ਧਵਨ)–ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਵਿਕਾਸ ਮੁਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਦਾ ਲਾਭ ਸਮਾਜ ਦੇ ਹਰ ਵਰਗ ਨੂੰ ਮਿਲੇਗਾ ਅਤੇ ਇਹ ਸੂਬੇ ਵਿਚ ਵਿਕਾਸ ਕੰਮਾਂ ਨੂੰ ਉਤਸ਼ਾਹਿਤ ਕਰਨ ਵਾਲਾ ਬਜਟ ਸਿੱਧ ਹੋਵੇਗਾ। ਜਾਖੜ ਨੇ ਕਿਹਾ ਕਿ ਪੰਜਾਬ ਦਾ ਬਜਟ ਖੇਤੀਬਾੜੀ, ਹੁਨਰ ਸਿਖਲਾਈ, ਇੰਡਸਟਰੀ, ਨਿਵੇਸ਼ ਅਤੇ ਬੁਨਿਆਦੀ ਢਾਂਚੇ ਨੂੰ ਪ੍ਰਫੁੱਲਿਤ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਜਟ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਬੈਠਕ ਕੀਤੀ ਸੀ ਤਾਂ ਕਿ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਦੇਣ ਲਈ ਬਿਹਤਰ ਬਜਟ ਪੇਸ਼ ਕੀਤਾ ਜਾ ਸਕੇ ਅਤੇ ਉਸੇ ਦੇ ਅਨੁਸਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੀ ਅਰਥਵਿਵਸਥਾ ਨੂੰ ਲੀਹ 'ਤੇ ਲਿਆਉਣ ਲਈ ਵੱਡੇ ਫੈਸਲੇ ਕੀਤੇ ਹਨ। ਸਰਕਾਰ ਨੇ ਕਰਮਚਾਰੀਆਂ ਨੂੰ ਜਿਥੇ 6 ਫੀਸਦੀ ਡੀ. ਏ. ਦਿੱਤਾ ਹੈ, ਉਥੇ ਹੀ ਉਨ੍ਹਾਂ ਦੇ ਸੇਵਾਕਾਲ ਵਿਚ ਵਾਧੇ ਦਾ ਫੈਸਲਾ ਵਾਪਸ ਲਿਆ ਹੈ, ਜਿਸ ਨਾਲ ਸੂਬੇ ਭਰ ਵਿਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਸੂਬਾ ਸਰਕਾਰ ਵਲੋਂ ਹੁਣ ਨੌਜਵਾਨਾਂ ਲਈ ਨੌਕਰੀਆਂ ਦਾ ਪਿਟਾਰਾ ਖੋਲ੍ਹਿਆ ਜਾਵੇਗਾ।

ਜਾਖੜ ਨੇ ਕਿਹਾ ਕਿ ਬਜਟ ਵਿਚ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਰਕਾਰ ਨੇ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤੇ ਹਨ। ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦੇ ਹਨ, ਜਿਨ੍ਹਾਂ ਦੀ ਅਗਾਂਹਵਧੂ ਸੋਚ ਕਾਰਣ ਇਕ ਵਧੀਆ ਬਜਟ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਅਬੋਹਰ ਦੇ ਪਿੰਡਾਂ ਵਿਚ ਵਿਕਾਸ ਲਈ 62 ਕਰੋੜ ਰੁਪਏ ਦੀ ਲਾਗਤ ਨਾਲ ਵੈਟਰਨਰੀ ਕਾਲਜ ਦੀ ਸਥਾਪਨਾ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਅਤੇ ਬਲਾਚੌਰ ਵਿਚ ਐਗਰੀਕਲਚਰਲ ਕਾਲਜ ਖੋਲ੍ਹਣ ਲਈ 14 ਕਰੋੜ ਰੁਪਏ ਰੱਖੇ ਗਏ ਹਨ। ਸਰਕਾਰ ਨੇ ਗੁਰਦਾਸਪੁਰ ਅਤੇ ਬਟਾਲਾ ਵਿਚ ਖੰਡ ਮਿੱਲਾਂ ਦੇ ਨਵੀਨੀਕਰਨ 'ਤੇ 50 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਨੌਜਵਾਨਾਂ ਵਿਚ ਹੁਨਰ ਵਧਾਉਣ ਲਈ 19 ਨਵੇਂ ਆਈ. ਟੀ. ਆਈਜ਼ ਦੀ ਸਥਾਪਨਾ ਦਾ ਵੀ ਐਲਾਨ ਕੀਤਾ ਗਿਆ ਹੈ, ਜਦਕਿ ਸਮਾਰਟ ਵਿਲੇਜ ਸਕੀਮ ਤਹਿਤ ਪਿੰਡਾਂ ਦੇ ਵਿਕਾਸ 'ਤੇ 3000 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਅਕਾਲੀ ਦਲ ਵਲੋਂ ਬਜਟ ਨੂੰ ਲੈ ਕੇ ਕੀਤੇ ਗਏ ਵਰੋਧ ਪ੍ਰਦਰਸ਼ਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਆਪਣੀ 10 ਸਾਲਾਂ ਦੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਝਾਤ ਮਾਰਨੀ ਚਾਹੀਦੀ ਹੈ। ਪੰਜਾਬ ਨੂੰ ਆਰਥਿਕ ਤੌਰ 'ਤੇ ਤਬਾਹ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਹੀ ਜ਼ਿੰਮੇਵਾਰ ਸੀ। ਪਿਛਲੀ ਅਕਾਲੀ-ਭਾਜਪਾ ਸਰਕਾਰ ਜਾਂਦੇ-ਜਾਂਦੇ ਪੰਜਾਬ 'ਤੇ 31,000 ਕਰੋੜ ਰੁਪਏ ਦਾ ਬੋਝ ਵੀ ਪਾ ਗਈ ਸੀ।


Related News