ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ
Thursday, Dec 05, 2024 - 02:04 PM (IST)
ਜਲੰਧਰ (ਪੁਨੀਤ)- ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿਚ ਹੋ ਰਹੀ ਦੇਰੀ ਸਬੰਧੀ ਪਨਬੱਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸਬੰਧੀ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਨਾਕਾਮ ਸਾਬਤ ਹੋਈ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਵਧਦਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੜਕ ਜਾਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪ੍ਰਦਰਸ਼ਨਾਂ ਦੀ ਸ਼ੁਰੂਆਤ ਤੋਂ ਪਹਿਲਾਂ 11 ਦਸੰਬਰ ਨੂੰ ਚੰਡੀਗੜ੍ਹ ਵਿਖੇ ਸਰਕਾਰ ਦੀਆਂ ਨੀਤੀਆਂ ਨੂੰ ਉਜਾਗਰ ਕੀਤਾ ਜਾਵੇਗਾ, ਜਦ ਕਿ 18 ਦਸੰਬਰ ਨੂੰ ਸੂਬੇ ਦੇ ਸਾਰੇ ਡਿਪੂਆਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 22 ਦਸੰਬਰ ਨੂੰ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪ੍ਰਦਰਸ਼ਨਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ ਬੁਲਾਈ ਗਈ, ਜਿਸ ਵਿਚ ਪੰਜਾਬ ਦੇ ਸਾਰੇ 27 ਡਿਪੂਆਂ ਦੇ ਸੀਨੀਅਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵਿਚ ਠੇਕੇਦਾਰੀ ਸਿਸਟਮ ਕਾਰਨ ਮੁਲਾਜ਼ਮਾਂ ਦਾ ਸ਼ੋਸ਼ਣ ਹੋ ਰਿਹਾ ਹੈ। ਠੇਕੇਦਾਰਾਂ ਵੱਲੋਂ ਤਨਖਾਹ ’ਚ ਕਟੌਤੀ, ਪੀ. ਐੱਫ. ਅਤੇ ਈ. ਐੱਸ. ਆਈ. ’ਚ ਗੜਬੜੀ ਅਤੇ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਨੇ ਮੁਲਾਜ਼ਮਾਂ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਪੰਨੂ, ਚੰਨਣ ਸਿੰਘ ਚੰਨਾ, ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮੁਲਾਜ਼ਮਾਂ ਦੇ ਸ਼ੋਸ਼ਣ ਅਤੇ ਨਿੱਜੀਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਉਂਦਿਆਂ ਨੀਤੀਆਂ ’ਤੇ ਸਵਾਲੀਆ ਨਿਸ਼ਾਨ ਲਾਏ ਗਏ। ਬੁਲਾਰਿਆਂ ਨੇ ਕਿਹਾ ਕਿ ਇਸੇ ਲੜੀ ਤਹਿਤ ਆਪਸੀ ਸਹਿਮਤੀ ਨਾਲ ਚੱਕਾ ਜਾਮ ਦੀ ਤਿਆਰੀ ਕੀਤੀ ਗਈ ਹੈ ਤਾਂ ਜੋ ਵਿਭਾਗੀ ਅਧਿਕਾਰੀਆਂ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾ ਸਕੇ। ਇਸ ਕਾਰਨ ਯੂਨੀਅਨ ਵੱਲੋਂ 6, 7 ਅਤੇ 8 ਜਨਵਰੀ ਨੂੰ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਜਾਵੇਗਾ। ਇਸ ਮੌਕੇ ਜਲੌਰ ਸਿੰਘ, ਜੋਧ ਸਿੰਘ, ਰੋਹੀ ਰਾਮ, ਰਣਜੀਤ ਸਿੰਘ, ਹਰਪ੍ਰੀਤ ਸਿੰਘ ਸੋਢੀ, ਰਣਧੀਰ ਸਿੰਘ ਰਾਣਾ, ਬਲਜੀਤ ਸਿੰਘ, ਜਗਜੀਤ ਸਿੰਘ ਲਿਬੜਾ, ਬਲਜੀਤ ਸਿੰਘ ਗਿੱਲ ਅਤੇ ਗੁਰਪ੍ਰੀਤ ਸਿੰਘ ਆਦਿ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8