ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ : ਭੁੱਲਰ

04/25/2022 7:22:34 PM

ਚੰਡੀਗੜ੍ਹ  (ਬਿਊਰੋ) : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਵਚਨਬੱਧ ਹੈ। ਇੱਥੇ ਵੱਖ-ਵੱਖ ਬੱਸ ਟਰਾਂਸਪੋਰਟਰਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੁੱਲਰ ਨੇ ਟਰਾਂਸਪੋਰਟਰਾਂ ਦੀਆਂ ਜਾਇਜ਼ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਢੁੱਕਵੀਆਂ ਮੰਗਾਂ ਬਾਰੇ ਛੇਤੀ ਹੀ ਉਸਾਰੂ ਫੈਸਲਾ ਲਿਆ ਜਾਵੇਗਾ। ਬੜੇ ਹੀ ਸਕਾਰਾਤਮਕ ਮਾਹੌਲ 'ਚ ਹੋਈ ਇਸ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ੍ਹ ਹੈ, ਜਿਸ ਦੇ ਚੱਲਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਸੂਬੇ ਦੇ ਟਰਾਂਸਪੋਰਟਰਾਂ ਵੱਲ ਖੜ੍ਹੇ ਮੋਟਰ ਟੈਕਸਾਂ/ਏਰੀਅਰ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਅਗਲੇ 3 ਮਹੀਨਿਆਂ ਵਿੱਚ ਜਮ੍ਹਾ ਕਰਵਾਉਣ ਲਈ ਸਮਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਫ਼ਿਲਮ ਦੀ ਟੀਮ ਨਾਲ ਮੁਲਾਕਾਤ ਤੋਂ ਬਾਅਦ ਮਨੀਸ਼ਾ ਗੁਲਾਟੀ ਦੇ ਭੁਲੇਖੇ ਹੋਏ ਦੂਰ, 'ਨੀ ਮੈਂ ਸੱਸ ਕੁੱਟਣੀ' ਹੋਵੇਗੀ ਰਿਲੀਜ਼

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਟੇਟ ਕੈਰਿਜ ਟੈਕਸ ਪਹਿਲਾਂ ਹੀ ਘਟਾ ਦਿੱਤਾ ਗਿਆ ਸੀ ਅਤੇ ਹੁਣ ਜਿਹੜੇ ਟਰਾਂਸਪੋਰਟਰ ਆਪ੍ਰੇਟਰ ਟੈਕਸ ਅਦਾ ਕਰਨ ਵਿੱਚ ਨਾਕਾਮ ਰਹੇ ਸਨ, ਉਨ੍ਹਾਂ ਲਈ ਸਰਕਾਰ ਵੱਲੋਂ ਐਮਨੇਸਟੀ ਸਕੀਮ ਤਹਿਤ ਰਾਹਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਵੱਲੋਂ ਗੱਡੀਆਂ ਦੇ ਬਣਦੇ ਟੈਕਸ 'ਤੇ 10 ਫ਼ੀਸਦੀ ਸੋਸ਼ਲ ਸਕਿਓਰਿਟੀ ਸੈੱਸ ਹਟਾਉਣ ਦੀ ਮੰਗ ਬਾਰੇ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਵਿੱਤ ਵਿਭਾਗ ਨਾਲ ਸਬੰਧਿਤ ਹੈ ਪਰ ਫਿਰ ਵੀ ਉਹ ਇਸ ਬਾਰੇ ਵਿੱਤ ਵਿਭਾਗ ਨਾਲ ਰਾਬਤਾ ਕਰਨਗੇ।

ਇਹ ਵੀ ਪੜ੍ਹੋ : ਸਾਲਾਨਾ ਫੰਡ ਦੇ ਵਿਰੋਧ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ

ਮੋਟਰ ਟੈਕਸ/ਏਰੀਅਰ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਅਗਲੇ 3 ਮਹੀਨਿਆਂ ਵਿੱਚ ਜਮ੍ਹਾ ਕਰਵਾਉਣ ਲਈ ਸਮਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਟਰਾਂਸਪੋਰਟਰਾਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਨਿੱਜੀ ਬੱਸ ਸਰਵਿਸ ਮਾਲਕਾਂ ਨੂੰ ਬਹੁਤ ਵੱਡਾ ਲਾਭ ਮਿਲਿਆ ਹੈ, ਜਿਸ ਨਾਲ ਕੋਵਿਡ ਕਾਰਨ ਭਾਰੀ ਆਰਥਿਕ ਸੰਕਟ 'ਚੋਂ ਨਿਕਲ ਕੇ ਮੁੜ ਪੈਰਾਂ ਸਿਰ ਹੋਣ ਦਾ ਮੌਕਾ ਮਿਲੇਗਾ। ਟਰਾਂਸਪੋਰਟਰਾਂ ਵੱਲੋਂ ਭੁੱਲਰ ਨੂੰ ਭਰੋਸਾ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਭਾਗ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਟਰਾਂਸਪੋਰਟ ਡਾਇਰੈਕਟਰ ਸ਼੍ਰੀਮਤੀ ਅਮਨਦੀਪ ਕੌਰ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ ਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।


Anuradha

Content Editor

Related News