ਪੰਜਾਬ ਸਰਕਾਰ ਨੇ ਫਸਲਾਂ ਦੇ ਸਮਰਥਨ ਮੁੱਲ ''ਚ ਵਾਧੇ ਲਈ ਕੇਂਦਰ ਨੂੰ ਭੇਜਿਆ ਪ੍ਰਸਤਾਵ
Wednesday, Jun 12, 2019 - 07:59 PM (IST)

ਚੰਡੀਗੜ੍ਹ(ਭੁੱਲਰ)— ਸੂਬੇ 'ਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਰਾਹੀਂ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜ ਕੇ ਹਾੜ੍ਹੀ ਦੀਆਂ ਵੱਖ-ਵੱਖ ਫਸਲਾਂ ਦੇ ਸਮਰਥਨ ਮੁੱਲ 'ਚ ਵਾਧੇ ਦੀ ਮੰਗ ਕੀਤੀ ਹੈ।
ਖੇਤੀਬਾੜੀ ਵਿਭਾਗ ਵਲੋਂ ਵਿਸਥਾਰ 'ਚ ਤਿਆਰ ਕੀਤੇ ਪ੍ਰਸਤਾਵ 'ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਜੋ ਸਾਲ 2018-19 'ਚ 1,840 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2019-20 'ਚ 2,710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਹੀ ਜੌਂ ਦਾ ਸਮਰਥਨ ਮੁੱਲ 1,440 ਰੁਪਏ ਤੋਂ ਵਧਾ ਕੇ 1,974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਛੋਲਿਆਂ ਦਾ ਘੱਟੋ-ਘੱਟ ਸਮਰਥਨ ਮੁੱਲ 4,620 ਰੁਪਏ ਤੋਂ ਵਧਾ ਕੇ 5,631 ਰੁਪਏ ਪ੍ਰਤੀ ਕੁਇੰਟਲ ਤੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 4,200 ਰੁਪਏ ਤੋਂ ਵਧਾ ਕੇ 5,384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਜੌਂ, ਛੋਲੇ ਅਤੇ ਸਰੋਂ ਦੀਆਂ ਫਸਲਾਂ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ। ਇਹ ਨਾ ਸਿਰਫ ਸੂਬੇ ਦੀ ਕਿਸਾਨੀ ਲਈ ਫਾਇਦੇਮੰਦ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕੇਗਾ।