ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਦੇਵੇ ਸਜ਼ਾ : ਧਿਆਨ ਸਿੰਘ ਮੰਡ
Sunday, Aug 28, 2022 - 11:10 AM (IST)

ਅੰਮ੍ਰਿਤਸਰ (ਸਰਬਜੀਤ)- ਸਰਬੱਤ ਖਾਲਸਾ 2015 ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇ. ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਨਾ ਦਿੱਤੀਆਂ ਤਾਂ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਬਾਦਲ ਅਤੇ ਅਮਰਿੰਦਰ ਸਿੰਘ ਦੀ ਸਰਕਾਰ ਵਾਂਗ ਛੇਤੀ ਹੀ ਘਰ ਦਾ ਰਸਤਾ ਦਿਖਾਉਣਗੇ। ਮੰਡ ਨੇ ਅੱਗੇ ਕਿਹਾ ਕਿ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੋਗਾ ਵਿਖੇ 2 ਅਕਤੂਬਰ ਨੂੰ ਪੰਥ ਦਾ ਇਕ ਨੁਮਾਇੰਦਾ ਇਕੱਠ ਬੁਲਾ ਕੇ ਵਿਚਾਰ ਚਰਚਾ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੁੜੀ ਵਲੋਂ ਨ੍ਰਿਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ
ਜਰਨੈਲ ਸਿੰਘ ਸਖੀਰਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ’ਤੇ ਬਹੁਤ ਵਾਰ ਪੜਤਾਲ ਹੋ ਚੁੱਕੀ ਹੈ ਅਤੇ ਬਹੁਤ ਵਾਰ ਰਿਪੋਰਟਾਂ ਸਰਕਾਰਾਂ ਤਕ ਪੇਸ਼ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਬਹੁਤ ਵਾਰ ਸਿਟ ਵੀ ਬਣ ਚੁੱਕੀਆਂ ਹਨ ਪਰ ਉਨ੍ਹਾਂ ਦਾ ਅਜੇ ਤੱਕ ਕੋਈ ਵੀ ਸਿੱਟਾ ਨਹੀਂ ਨਿਕਲ ਸਕਿਆ ਹੈ। ਉਨ੍ਹਾਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਟ ਅੱਗੇ ਪੇਸ਼ ਹੋਣ ਬਾਰੇ ਮਿਲੇ ਸੰਮਨ ’ਤੇ ਕਿਹਾ ਕਿ ਉਸ ਨੂੰ ਪੇਸ਼ ਹੋਣ ਦਾ ਕਹਿਣ ਦੀ ਬਜਾਏ, ਜੇਲ੍ਹ ਵਿਚ ਬੰਦ ਕਰਨ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਸਨ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਗੁਜਰਾਤ 'ਚ ਮੌਤ, ਵੀਡੀਓ ਬਣਾ ਮੰਗੀ ਸੀ ਮਦਦ
ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਦੇ 48 ਘੰਟੇ ਬਾਅਦ ਦੋਸ਼ੀ ਕਟਿਹਰੇ ’ਚ ਹੋਣਗੇ ਪਰ ਸਰਕਾਰ ਦਾ ਇਹ ਵਾਅਦਾ ਵਫਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਥੇ. ਹਵਾਰਾ ਦੀ ਗੈਰ-ਹਾਜ਼ਰੀ ਵਿਚ ਉਹ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ 2 ਅਕਤੂਬਰ ਨੂੰ ਗੁਰਦੁਆਰਾ ਬਾਬਾ ਵਿਸ਼ਕਰਮਾ ਮੋਗਾ ਵਿਖੇ ਵੱਖ-ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਇਕ ਇਕੱਠ ਕਰਨ ਜਾ ਰਹੇ ਹਨ ਤਾਂ ਕਿ ਕੌਮ ਦੀ ਵਿਗੜੀ ਸਵਾਰੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਭਾਈ ਜਰਨੈਲ ਸਿੰਘ ਸਖੀਰਾ ਵੀ ਹਾਜ਼ਰ ਸਨ।