ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਰੈਫਰ ਕੀਤੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼

Friday, Jul 31, 2020 - 02:08 PM (IST)

ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਰੈਫਰ ਕੀਤੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ (ਅਸ਼ਵਨੀ) : ਕੋਵਿਡ-19 ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮਰੀਜ਼ਾਂ ਨੂੰ ਤੀਜੇ ਪੱਧਰ (ਐੱਚ .ਡੀ. ਯੂ. ਅਤੇ ਆਈ. ਸੀ. ਯੂ.) ਦਾ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਵਲੋਂ ਸਾਰੇ ਪ੍ਰਾਈਵੇਟ ਹਸਪਤਾਲਾਂ/ਨਰਸਿੰਗ ਹੋਮ/ਕਲੀਨਿਕਾਂ ਨੂੰ ਐਪੀਡੈਮਿਕ ਡਿਸੀਜ਼ ਐਕਟ 1897 (ਕੋਵਿਡ-19 ਰੈਗੂਲੇਸ਼ਨ 2020) ਅਧੀਨ ਸਿਹਤ ਮਹਿਕਮੇ ਵਲੋਂ ਰੈਫਰ ਕੀਤੇ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਕਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਭਰ 'ਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਹ ਲੋਕ ਪੱਖੀ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਰੈਫਰ ਕੀਤੇ ਗਏ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਬਿਲਿੰਗ ਪ੍ਰਣਾਲੀ ਦੇ ਆਧਾਰ 'ਤੇ ਦਿੱਤੀਆਂ ਜਾਣਗੀਆਂ। ਇਲਾਜ ਦੀ ਲਾਗਤ ਦਾ ਭੁਗਤਾਨ ਸੀ. ਜੀ. ਐੱਚ. ਐੱਸ. ਚੰਡੀਗੜ੍ਹ ਦੀਆਂ ਦਰਾਂ ਅਨੁਸਾਰ ਕੀਤਾ ਜਾਵੇਗਾ। ਇਸ ਤੋਂ ਬਾਅਦ ਭਾਰਤ ਸਰਕਾਰ ਵਲੋਂ ਇਸ 'ਚ ਕੀਤੀ ਗਈ ਕੋਈ ਤਬਦੀਲੀ ਬਿਲਿੰਗ ਦੇ ਉਦੇਸ਼ ਨਾਲ ਕੀਤੀ ਜਾਵੇਗੀ। ਸਿੱਧੂ ਨੇ ਸਪੱਸ਼ਟ ਕੀਤਾ ਕਿ ਦਵਾਈਆਂ ਦੀ ਕੀਮਤ ਦਾ ਭੁਗਤਾਨ ਅਸਲ ਕੀਮਤ ਅਨੁਸਾਰ ਕੀਤਾ ਜਾਵੇਗਾ। ਮਰੀਜ਼ ਨੂੰ ਛੁੱਟੀ ਮਿਲਣ ਉਪਰੰਤ ਸਿਵਲ ਸਰਜਨ ਵਲੋਂ ਤਸਦੀਕ ਕਰਨ ਤੋਂ ਬਾਅਦ ਹਸਪਤਾਲ ਵਲੋਂ ਅਧਿਕਾਰਤ ਰੈਫਰਲ, ਅੰਤਿਮ ਬਿੱਲ, ਡਿਸਚਾਰਜ ਵੇਰਵਾ, ਦਵਾਈਆਂ ਦੇ ਬਿੱਲ ਪੰਜਾਬ ਸਿਹਤ ਸਿਸਟਮਜ਼ ਕਾਰਪੋਰੇਸ਼ਨ ਨੂੰ ਭੇਜੇ ਜਾਣਗੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦਾ ਅੱਡਾ ਬੇਨਕਾਬ, ਜਾਂਚ 'ਚ ਹੋਇਆ ਵੱਡਾ ਖ਼ੁਲਾਸਾ

ਵੱਧਦੀ ਮੌਤ ਦਰ 'ਤੇ ਕੈਪਟਨ ਨੇ ਜਤਾਈ ਚਿੰਤਾ
ਵਧਦੀ ਮੌਤ ਦਰ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਦਰ ਨੂੰ ਘਟਾਉਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਪੰਜਾਬ 'ਚ ਹੁਣ ਤੱਕ ਕੋਰੋਨਾ ਕਾਰਨ 361 ਵਿਅਕਤੀਆਂ ਦੀ ਜਾਨ ਚਲੀ ਗਈ ਹੈ ਅਤੇ ਬੀਤੀ ਰਾਤ ਤੋਂ 25 ਮਰੀਜ਼ਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਹ ਤੱਥ ਸਵਿਕਾਰਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਮਾਰੀ ਦੀ ਜ਼ਲਦੀ ਸ਼ਨਾਖਤ ਹੀ ਇਕੋ-ਇਕ ਬਚਾਅ ਦਾ ਹੱਲ ਹੈ ਅਤੇ ਜਲਦੀ ਇਲਾਜ ਹੀ ਇਸ ਬੀਮਾਰੀ ਨੂੰ ਰੋਕਣ ਦਾ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਬੀਮਾਰੀ ਦੇ ਪਹਿਲੇ ਲੱਛਣ ਤੋਂ ਤੁਰੰਤ ਬਾਅਦ ਲੋਕਾਂ ਨੂੰ ਟੈਸਟ ਕਰਵਾਉਂਣ ਲਈ ਕਿਹਾ ਜਾਵੇ।

ਇਹ ਵੀ ਪੜ੍ਹੋ : ਸ਼ਹੀਦ ਹੋਏ ਮੋਗਾ ਜ਼ਿਲ੍ਹੇ ਦੇ ਫ਼ੌਜੀ ਜਵਾਨ ਦੇ ਪਰਿਵਾਰ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ

ਮੁੱਖ ਮੰਤਰੀ ਨੇ ਹਾਲਾਂਕਿ ਸੂਬੇ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਵਿੱਚ ਕੀਤੇ ਬੇਮਿਸਾਲ ਕੰਮਾਂ ਲਈ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਦੂਜੇ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ ਪਰ ਇਸ ਦੇ ਨਾਲ ਹੀ ਕੇਸਾਂ ਦਾ ਵਧਣਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਵਧਦੇ ਕੇਸਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਖਾਸ ਕਰਕੇ ਧਾਰਮਿਕ ਆਗੂਆਂ ਤੇ ਸਮਾਜਿਕ ਸੰਸਥਾਵਾਂ ਤੋਂ ਸਹਿਯੋਗ ਅਤੇ ਮੱਦਦ ਲੈਣ ਲਈ ਸਿਹਤ ਵਿਭਾਗ ਅਤੇ ਪੁਲਿਸ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭੀੜ-ਭਾੜ ਅਤੇ ਰਾਜਸੀ ਤੇ ਧਾਰਮਿਕ ਇਕੱਠਾਂ ਉਤੇ ਸਮਾਜਿਕ ਵਿੱਥ ਦੀ ਉਲੰਘਣਾ ਦੇ ਮਾਮਲਿਆਂ ਨੂੰ ਸਖਤੀ ਨਾਲ ਚੈਕ ਕਰਨਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਕੋਵਿਡ ਮਿਸ਼ਨ ਤਹਿਤ ਜੇ ਸਮਾਜ ਆਪਣੇ ਪੱਧਰ 'ਤੇ ਜ਼ਿੰਮੇਵਾਰੀ ਸਮਝੇ ਤਾਂ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰਥਿਕ ਨਤੀਜੇ ਸਾਹਮਣੇ ਆਉਣਗੇ।


author

Anuradha

Content Editor

Related News