ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਮੌਕੇ ਸੁਖਬੀਰ ਨੇ ਘੇਰੀ ਕੈਪਟਨ ਸਰਕਾਰ, ਕਿਹਾ- ਪੰਜਾਬ 'ਚ ਮੌਤ ਦਰ ਸਭ ਤੋਂ ਵੱਧ
Saturday, May 29, 2021 - 06:06 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਇਸ ਕੈਂਪ ਲਈ 53 ਲੱਖ ਰੁਪਏ ਨਾਲ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਹੈ, ਜੋ ਲੋਕਾਂ ਨੂੰ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਕੈਂਪ ਦੀ ਸ਼ੂਰੂਆਤ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਉਸ ਵੇਲੇ ਹੋਰ ਵੱਡੀ ਅਹਿਮੀਅਤ ਰੱਖਦਾ ਹੈ, ਜਦੋਂ ਲੋਕ ਵੈਕਸੀਨ ਲਗਵਾਉਣ ਲਈ ਖੱਜਲ ਹੋ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਵੱਲੋਂ ਵੈਕਸੀਨ ਦਾ ਯੋਗ ਪ੍ਰਬੰਧ ਨਹੀਂ ਹੈ। ਬਾਦਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਸਮੇਂ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ, ਜਿਸ ਕਾਰਨ ਅੱਜ ਪੰਜਾਬ ਅੰਦਰ ਕੋਰੋਨਾ ਕਾਰਨ ਮੌਤ ਦਰ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ : ਦੀਪ ਸਿੱਧੂ ਵਲੋਂ ਲਗਾਏ ਗਏ ਦੋਸ਼ਾਂ ਦਾ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਵਲੋਂ ਠੋਕਵਾਂ ਜਵਾਬ
ਪੰਜਾਬ ਅੰਦਰ ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਨੇ ਵੈਕਸੀਨ, ਦਵਾਈਆਂ, ਵੈਂਟੀਲੈਂਟਰ ਅਤੇ ਕੋਵਿਡ ਕੇਅਰ ਕੇਂਦਰਾਂ ਦਾ ਕੋਈ ਪ੍ਰਬੰਧ ਹੀ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵੈਕਸੀਨ ਸਭ ਤੋਂ ਵੱਡੀ ਜ਼ਰੂਰਤ ਹੈ ਪਰ ਪੰਜਾਬ ਸਰਕਾਰ ਇਸ ਲਈ ਕੁਝ ਨਹੀਂ ਕਰ ਰਹੀ। ਉਨ੍ਹਾਂ ਭਾਰਤ ਸਰਕਾਰ ਦੇ ਪ੍ਰਬੰਧਾਂ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਤ ਸਮਾਜ ਸੇਵੀ ਸੰਸਥਾਵਾਂ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਹੋਰ ਵੀ ਵਧੇਰੇ ਮਦਦ ਕਰਨਾ ਚਾਹੁੰਦੀਆਂ ਹਨ ਪਰ ਕੇਂਦਰ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ ਸੰਭਵ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਣ ਸ਼੍ਰੋਮਣੀ ਕਮੇਟੀ ਨੂੰ ਫਾਈਜ਼ਰ ਵੈਕਸੀਨ ਦੀ ਸਰਕਾਰ ਵੱਲੋਂ ਇਜਾਜ਼ਤ ਨਾ ਦੇਣਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਦੀ ਮਦਦ ਨਾਲ ਪ੍ਰਬੰਧ ਕੀਤਾ ਸੀ। ਬਾਦਲ ਨੇ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਸਰਕਾਰਾਂ ਅਜਿਹੇ ਸੰਕਟਮਈ ਸਮੇਂ ਨਕਾਰਾਤਮਕ ਰਵੱਈਆ ਕਿਉਂ ਅਪਣਾ ਰਹੀਆਂ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੱਲੋਂ ਮਾਨਵਤਾ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਪੱਧਰ ’ਤੇ ਸਹਿਯੋਗ ਦੇਣ ਦੀ ਵਚਨਬੱਧਤਾ ਦੁਹਰਾਈ।
ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਮੌਕੇ ਸੁਖਬੀਰ ਨੇ ਘੇਰੀ ਕੈਪਟਨ ਸਰਕਾਰ, ਕਿਹਾ- ਪੰਜਾਬ 'ਚ ਮੌਤ ਦਰ ਸਭ ਤੋਂ ਵੱਧ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ