ਦਿੱਲੀ-ਜਲੰਧਰ ਹਾਈਵੇਅ ਮੁੜ ਬਹਾਲ, ਕਿਸਾਨਾਂ ਨੇ ਚੁੱਕਿਆ ਧਰਨਾ

12/05/2018 7:16:39 PM

ਫਗਵਾੜਾ : ਪੰਜਾਬ ਸਰਕਾਰ ਵਲੋਂ ਮੰਗਾਂ ਮੰਨਣ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਨੇ ਫਗਵਾੜਾ ਸਥਿਤ ਦਿੱਲੀ-ਜਲੰਧਰ ਹਾਈਵੇਅ 'ਤੇ ਲਗਾਇਆ ਧਰਨਾ ਚੁੱਕਣ ਦਾ ਐਲਾਨ ਕੀਤਾ ਹੈ। ਪਹਿਲਾਂ ਪੰਜਾਬ ਸਰਕਾਰ ਦੇ ਫੈਸਲੇ ਤੋਂ ਬਾਅਦ ਵੀ ਕਿਸਾਨਾਂ ਵਲੋਂ ਧਰਨਾ ਨਾ ਚੁੱਕਣ ਦੀ ਗੱਲ ਆਖੀ ਸੀ ਪਰ ਬਾਅਦ ਵਿਚ ਡੀ. ਸੀ. ਅਤੇ ਐੱਸ. ਐੱਸ. ਪੀ. ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ।
ਗੰਨਾ ਕਾਸ਼ਤਕਾਰਾਂ ਦੇ ਵੱਧਦੇ ਰੋਹ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਈਵੇਟ ਸ਼ੂਗਰ ਮਿੱਲ ਮਾਲਕਾਂ ਨਾਲ ਬੁੱਧਵਾਰ ਅਹਿਮ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਸਰਕਾਰ ਨੇ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਸ਼ੂਗਰ ਮਿੱਲਾਂ ਵਿਚ ਗੰਨੇ ਦੀ ਪਿੜਾਈ ਸ਼ੁਰੂ ਹੋ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੇਵੇਗੀ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਗੰਨੇ ਦਾ ਭਾਅ 275 ਰੁਪਏ ਤੈਅ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 35 ਰੁਪਏ ਵਧਾ ਤੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਦੂਜੇ ਪਾਸੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਕਿਸਾਨ ਵਲੋਂ ਸੜਕਾਂ 'ਤੇ ਉਤਰ ਕੇ ਵਿਰੋਧ ਕੀਤਾ ਗਿਆ।

Gurminder Singh

This news is Content Editor Gurminder Singh