ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਦਾ ਕੀਤਾ ਗਿਆ ਨੋਟੀਫਿਕੇਸ਼ਨ ਕਿਸਾਨਾਂ ਨਾਲ ਕੋਝਾ ਮਜ਼ਾਕ : ਦਿਆਲ ਸੋਢੀ
Sunday, Oct 22, 2017 - 10:06 AM (IST)
ਭੁੱਚੋ ਮੰਡੀ (ਨਾਗਪਾਲ)-ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦਾ ਕੀਤਾ ਗਿਆ ਨੋਟੀਫਿਕੇਸ਼ਨ ਕਿਸਾਨਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਅਤੇ ਉਨ੍ਹਾਂ ਨਾਲ ਕੋਝਾ ਮਜ਼ਾਕ ਹੈ। ਇਹ ਪ੍ਰਗਟਾਵਾ ਕਰਦਿਆਂ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਦਿਆਲ ਸੋਢੀ ਨੇ ਕਿਹਾ ਕਿ ਹੁਣ ਸਰਕਾਰ ਸਿਰਫ਼ ਫਸਲੀ ਕਰਜ਼ਾ ਮੁਆਫ ਕਰਨ ਦੀ ਗੱਲ ਕਰ ਰਹੀ ਹੈ, ਜਦਕਿ ਚੋਣਾਂ ਸਮੇਂ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ੁਮੁਆਫ ਕੀਤਾ ਜਾਵੇਗਾ। ਇਸ ਸਬੰਧੀ ਕਾਂਗਰਸ ਵੱਲੋਂ ਪਿੰਡਾਂ ਵਿਚੋਂ ਫਾਰਮ ਵੀ ਭਰਵਾਏ ਗਏ ਸਨ ਅਤੇ ਭਰੋਸਾ ਦਿਵਾਇਆ ਗਿਆ ਸੀ ਕਿ ਕਿਸਾਨਾਂ ਦਾ ਹਰ ਪ੍ਰਕਾਰ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀ ਨਾਲ ਸਹਾਇਕ ਧੰਦਿਆਂ ਲਈ, ਜੋ ਖੇਤੀ ਮਸ਼ੀਨਰੀ ਲਈ ਬੈਂਕਾਂ ਤੋਂ ਜੋ ਕਰਜ਼ਾ ਲਿਆ ਸੀ, ਨੂੰ ਨੋਟੀਫਿਕੇਸ਼ਨ ਵਿਚ ਨਹੀਂ ਲਿਆ ਗਿਆ, ਜਿਸ ਕਰਕੇ ਖੇਤੀ ਸੰਦਾਂ, ਮਸ਼ੀਨਰੀ ਅਤੇ ਸਹਾਇਕ ਧੰਦਿਆਂ ਲਈ ਲਏ ਕਰਜ਼ੇ 'ਤੇ ਵੱਧ ਵਿਆਜ ਹੋਣ ਕਾਰਨ ਕਿਸਾਨ ਕਿਸ਼ਤਾਂ ਭਰਨ ਤੋਂ ਅਸਮਰੱਥ ਹਨ। ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਸਾਰਾ ਕਰਜ਼ਾ ਮੁਆਫ ਕਰਨਾ ਚਾਹੀਦਾ ਹੈ।
ਭਾਜਪਾ ਆਗੂ ਨੇ ਕਿਹਾ ਕਿ 25 ਹਜ਼ਾਰ ਲੋਕਾਂ ਨੂੰ ਨੌਕਰੀਆਂ ਦੇਣ ਦੀ ਗੱਲ ਕਰਨ ਵਾਲੇ ਕਾਂਗਰਸ ਸਰਕਾਰ ਦੇ ਆਗੂਆਂ ਨੇ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਚੋਣ ਮੈਨੀਫੈਸਟੋ ਅਨੁਸਾਰ ਹਰ ਘਰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਕੀਤੇ ਗਏ ਵਾਅਦੇ ਹਵਾ ਵਿਚ ਉੱਡਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕ੍ਰਾਈਮ ਜ਼ੋਰਾਂ ਨਾਲ ਵਧ ਰਿਹਾ ਹੈ ਅਤੇ ਆਏ ਦਿਨ ਦਿਹਾੜੇ ਕਤਲ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਧ ਰਹੀਆਂ ਹਨ।
