ਪੰਜਾਬ ਸਰਕਾਰ ਨੇ ਮੰਨੀ ਕਿਸਾਨਾਂ ਦੀ ਇਹ ਵੱਡੀ ਮੰਗ, ਲਿਆ ਇਹ ਫ਼ੈਸਲਾ

04/11/2023 6:26:51 PM

ਚੰਡੀਗੜ੍ਹ : ਸੂਬੇ ਵਿਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪ੍ਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤਾ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ। ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਜਲ ਸਰੋਤ ਅਤੇ ਖੇਤੀਬਾੜੀ ਵਿਭਾਗ ਵੱਲੋਂ ਮਿਲ ਕੇ 15 ਅਪ੍ਰੈਲ ਤੋਂ ਦੱਖਣੀ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦੀ ਸਿੰਜਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਪੀ. ਆਰ. ਟੀ. ਸੀ. ਬੱਸ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਨਰਮੇ ਦੀ ਫਸਲ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਜੇਕਰ ਅਪ੍ਰੈਲ ਮਹੀਨੇ ਵਿਚ ਨਹਿਰੀ ਪਾਣੀ ਮਿਲ ਜਾਵੇ ਤਾਂ ਨਰਮੇ ਦੀ ਫਸਲ ਲਈ ਬਹੁਤ ਲਾਹੇਵੰਦ ਹੋਵੇਗਾ। ਸੂਬਾ ਸਰਕਾਰ ਕਿਸਾਨਾਂ ਦੀ ਇਹ ਮੰਗ ਇਸ ਸਾਲ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਅਤੇ ਜਲ ਸਰੋਤ ਵਿਭਾਗ ਵਧੇਰੇ ਤਾਲਮੇਲ ਲਈ ਨਿਰੰਤਰ ਮੀਟਿੰਗਾਂ ਕਰਨਗੇ। ਜੇਕਰ ਕਿਸੇ ਕਿਸਾਨ ਕੋਈ ਦਿੱਕਤ ਆਵੇ ਤਾਂ ਉਹ ਟੋਲ ਫਰੀ ਨੰਬਰ 1100 ’ਤੇ ਕਾਲ ਕਰ ਸਕਦਾ ਹੈ।

ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗਲਤੀ ਨਾਲ ਫੜਿਆ ਗਿਆ ਅੰਮ੍ਰਿਤਪਾਲ ਦਾ ਖਾਸਮ-ਖਾਸ ਪਪਲਪ੍ਰੀਤ

ਜੰਜੂਆ ਨੇ ਮੀਟਿੰਗ ਦੌਰਾਨ ਪੁਲਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਹਿਰੀ ਪਾਣੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸੀ ਵਧਾਈ ਜਾਵੇ ਅਤੇ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੈਡਕੁਆਟਰ ਉਤੇ ਏ. ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਨੂੰ ਸਟੇਟ ਨੋਡਲ ਅਫਸਰ ਅਤੇ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿਚ ਐੱਸ. ਪੀ. ਰੈਂਕ ਦੇ ਅਧਿਕਾਰੀ ਨੂੰ ਜ਼ਿਲ੍ਹਾ ਪੱਧਰ ਦਾ ਨੋਡਲ ਅਫਸਰ ਤਾਇਨਾਤ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਜਾਗਰੂਕ ਅਭਿਆਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਸਵੇਰ ਦੀ ਪ੍ਰਾਥਨਾ ਸਭਾ ਵਿਚ ਵਿਸ਼ੇਸ਼ ਲੈਕਚਰ ਤੋਂ ਇਲਾਵਾ ਵਿਦਿਆਰਥੀਆਂ ਦੇ ਇਨ੍ਹਾਂ ਵਿਸ਼ਿਆਂ ਬਾਰੇ ਲੇਖ ਮੁਕਾਬਲੇ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਨੋਂ-ਦਿਨ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ, ਫਸਲੀ ਵਿਭਿੰਨਤਾ ਤਹਿਤ ਰਵਾਇਤੀ ਫਸਲਾਂ ਦੇ ਚੱਕਰ ਵਿਚੋਂ ਬਾਹਰ ਨਿਕਲਣ ਅਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਮੀਟਿੰਗ ਵਿਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੇ ਏ. ਆਈ. ਜੀ. (ਪ੍ਰਸੋਨਲ) ਗੌਰਵ ਤੂਰਾ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh