ਪੰਜਾਬ ਸਰਕਾਰ ਨੂੰ ਮੈਡੀਕਲ ਕਾਲਜ ਦੇ 250 ਡਾਕਟਰਾਂ ਨੂੰ ਤਨਖਾਹਾਂ ਦੇਣ ਦੇ ਪਏ ਲਾਲੇ

02/22/2023 1:52:44 PM

ਅੰਮ੍ਰਿਤਸਰ (ਦਲਜੀਤ) : ਪੰਜਾਬ ਸਰਕਾਰ ਨੂੰ ਤਨਖਾਹਾਂ ਦੇਣ ਦੇ ਲਾਲੇ ਪਏ ਹੋਏ ਹਨ। ਸਰਕਾਰ ਵੱਲੋਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ’ਚ ਤਾਇਨਾਤ 250 ਡਾਕਟਰਾਂ ਦੀ ਤਨਖਾਹ ਲਈ ਜਨਵਰੀ ਮਹੀਨੇ ਦਾ ਬਜਟ ਜਾਰੀ ਨਹੀਂ ਕੀਤਾ ਹੈ। ਤਨਖਾਹ ਨਾ ਮਿਲਣ ਕਾਰਨ ਜਿੱਥੇ ਡਾਕਟਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਡਾਕਟਰ ਅੰਦਰੋਂ-ਅੰਦਰੀਂ ਸਰਕਾਰ ਨੂੰ ਕੋਸ ਰਹੇ ਹਨ, ਨਾ ਤਾਂ ਕਿਸੇ ਅਧਿਕਾਰੀ ਨੂੰ ਤੇ ਨਾ ਹੀ ਕਿਸੇ ਕਰਮਚਾਰੀ ਨੂੰ ਪਤਾ ਹੈ ਕਿ ਡਾਕਟਰ ਨੂੰ ਤਨਖਾਹ ਕਦੋਂ ਮਿਲੇਗੀ। ਜਾਣਕਾਰੀ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅਧੀਨ ਚੱਲਣ ਵਾਲੇ ਗੁਰੂ ਨਾਨਕ ਦੇਵ ਹਸਪਤਾਲ, ਸਰਕਾਰੀ ਟੀ. ਬੀ. ਹਸਪਤਾਲ, ਸਰਕਾਰੀ ਈ. ਐੱਨ. ਟੀ. ਹਸਪਤਾਲਾਂ ਆਦਿ ’ਚ ਕੰਮ ਕਰਦੇ 250 ਦੇ ਕਰੀਬ ਡਾਕਟਰਾਂ ਨੂੰ ਜਨਵਰੀ ਮਹੀਨੇ ਦੀ ਤਨਖਾਹ ਨਹੀਂ ਮਿਲੀ ਤੇ ਫਰਵਰੀ ਦਾ ਮਹੀਨਾ ਵੀ ਲੰਘਣ ਵਾਲਾ ਹੈ। ਤਨਖਾਹ ਨਾ ਮਿਲਣ ਕਾਰਨ ਡਾਕਟਰਾਂ ’ ਭਾਰੀ ਰੋਸ ਹੈ। ਕਈ ਡਾਕਟਰਾਂ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀ ਮਿਹਨਤ ਦਾ ਮੁੱਲ ਤਾਰਨ ਦੇ ਦਾਅਵੇ ਕਰਦੀ ਹੈ ਪਰ ਅਫਸੋਸ ਦੀ ਗੱਲ ਹੈ ਕਿ ਦਿਨ ਰਾਤ ਕੰਮ ਕਰਨ ਤੋਂ ਬਾਅਦ ਵੀ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਜਾ ਰਹੀ।

ਇਹ ਵੀ ਪੜ੍ਹੋ : ਕਿੱਥੇ ਰੁਕੀ ਹੈ ਹੈਰੋਇਨ ਤੇ ਹਥਿਆਰਾਂ ਦੀ ਸਮੱਗਲਿੰਗ! ਡਰੋਨ ਸਮੇਤ ਜ਼ਮੀਨ ਤੇ ਸਮੁੰਦਰੀ ਰਸਤੇ ਤੋਂ ਆ ਰਿਹਾ ਹੈ ਚਿੱਟਾ

ਡਾਕਟਰ ਨੇ ਦੱਸਿਆ ਕਿ ਫਰਵਰੀ ਦਾ ਮਹੀਨਾ ਵੀ ਲੰਘਣ ਵਾਲਾ ਹੈ, ਅਜੇ ਤੱਕ ਤਨਖਾਹ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਸਰਕਾਰ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਲਈ ਸਰਕਾਰ ਨੂੰ ਲਾਲੇ ਪਏ ਹੋਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਦੀਆਂ ਤਨਖਾਹਾਂ ਜਲਦੀ ਜਾਰੀ ਕੀਤੀਆਂ ਜਾਣ। ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਜਟ ਜਾਰੀ ਨਹੀਂ ਕੀਤਾ ਗਿਆ, ਜਦੋਂ ਬਜਟ ਆਵੇਗਾ ਤਾਂ ਡਾਕਟਰਾਂ ਨੂੰ ਤਨਖ਼ਾਹ ਦੇ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਜਾਰੀ, ਹੁਣ ਤੱਕ 26478 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Anuradha

This news is Content Editor Anuradha