ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪੇ 2 ਕਰੋੜ ਰੁਪਏ ਦੇ ਚੈੱਕ

Saturday, Dec 17, 2022 - 06:39 PM (IST)

ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪੇ 2 ਕਰੋੜ ਰੁਪਏ ਦੇ ਚੈੱਕ

ਚੰਡੀਗੜ੍ਹ/ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੁਲਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਸ਼ਾਹਕੋਟ ਜਲੰਧਰ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਅਤੇ ਇਕ ਕੱਪੜਾ ਵਪਾਰੀ ਮ੍ਰਿਤਕ ਭੁਪਿੰਦਰ ਸਿੰਘ ਉਰਫ਼ ਟਿੰਮੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ। ਮਨਦੀਪ ਨੇ ਬਹਾਦਰੀ ਭਰੇ ਅਤੇ ਜੋਖ਼ਮ ਭਰਪੂਰ ਕਾਰਜ ਨੂੰ ਅੰਜਾਮ ਦਿੰਦੇ ਹੋਏ 7 ਦਸੰਬਰ,2022 ਨੂੰ ਨਕੋਦਰ ਵਿੱਚ ਹਮਲਾਵਰਾਂ ਨਾਲ ਮੁੱਠਭੇੜ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ।

PunjabKesari

ਸ਼ਹੀਦ ਸਿਪਾਹੀ ਦੀ ਇਸ ਮਹਾਨ ਕੁਰਬਾਨੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਦੇਣ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। 2 ਕਰੋੜ ਰੁਪਏ ਦੀ ਰਕਮ ਵਿੱਚ ਰਾਜ ਸਰਕਾਰ ਦੁਆਰਾ ਐਕਸ-ਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਸ਼ਾਮਲ ਹਨ ਜਦਕਿ 1 ਕਰੋੜ ਰੁਪਿਆ ਬੀਮਾ ਕਵਰ ਵਜੋਂ ਐੱਚ. ਡੀ. ਐੱਫ਼. ਸੀ. ਬੈਂਕ ਵੱਲੋਂ ਅਦਾ ਕੀਤਾ ਗਿਆ ਹੈ। ਏ. ਡੀ. ਜੀ. ਪੀ ਜਲੰਧਰ ਰੇਂਜ ਦੇ ਇੰਸਪੈਕਟਰ ਜਨਰਲ ਗੁਰਸ਼ਰਨ ਸਿੰਘ ਸੰਧੂ ਦੇ ਨਾਲ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼ਹੀਦ ਨਿਮਿੱਤ ਅੰਤਿਮ ਅਰਦਾਸ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ। ਏ. ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੀ ਤਰਫੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਹੈ, ਜਦਕਿ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੀਤੀ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਚ.ਡੀ.ਐਫ.ਸੀ. ਬੈਂਕ ਦੀ ਤਰਫੋਂ ਸ਼ਹੀਦ ਪਰਿਵਾਰ ਨੂੰ 1 ਕਰੋੜ ਰੁਪਏ ਦਾ ਇੱਕ ਹੋਰ ਚੈੱਕ ਵੀ ਦਿੱਤਾ ਹੈ।

ਇਹ ਵੀ ਪੜ੍ਹੋ : ਕਾਲੀ ਵੇਈਂ 'ਚ ਡੁੱਬਣ ਕਾਰਨ 22 ਸਾਲਾ ਨੌਜਵਾਨ ਦੀ ਮੌਤ, 5 ਦਿਨ ਬਾਅਦ ਮਿਲੀ ਲਾਸ਼

PunjabKesari

ਉਨਾਂ ਕਿਹਾ ਕਿ ਸ਼ਹੀਦ ਦੀ ਇਸ ਲਾਸਾਨੀ ਅਤੇ ਮਹਾਨ ਕੁਰਬਾਨੀ ਸਦਕਾ ਸ਼ਹੀਦ ਮਨਦੀਪ ਸਿੰਘ ਦਾ ਨਾਂ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਵੀ ਸਿਫਾਰਸ਼ ਵੀ ਕੀਤਾ ਗਿਆ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਅਤੇ ਪੁਲਸ ਤੋਂ) ਅਤੇ ਉਨਾਂ ਦੇ ਪਰਿਵਾਰਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ।

ਇਹ ਵੀ ਪੜ੍ਹੋ : ਐੱਨ. ਆਰ. ਆਈਜ਼ ਦੇ ਮਸਲੇ ਨਿਪਟਾਉਣ ਲਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News