ਸੁਪਰੀਮ ਕੋਰਟ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਨਵਜੋਤ ਸਿੱਧੂ ਨੂੰ ਦਿੱਤਾ ਵੱਡਾ ਝਟਕਾ

05/20/2022 4:52:50 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਪੰਜਾਬ ਸਰਕਾਰ ਤੋਂ ਵੀ ਵੱਡਾ ਝਟਕਾ ਲੱਗਾ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਤਕਰੀਬਨ 45 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ 'ਚ ਸਨ, ਫ਼ਿਲਹਾਲ ਪੰਜਾਬ ਸਰਕਾਰ ਵੱਲੋਂ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਇਹ ਵੀ ਪੜ੍ਹੋ: ਲੋਕ ਸਭਾ ਹਲਕਾ ਸੰਗਰੂਰ 'ਚ ਜ਼ਿਮਨੀ ਚੋਣ ਦੀ ਆਹਟ, 'ਆਪ' ਦੇ ਸੰਭਾਵੀ ਉਮੀਦਵਾਰ 'ਤੇ ਟਿਕੀਆਂ ਨਜ਼ਰਾਂ

ਦੱਸ ਦਈਏ ਕਿ ਸੁਪਰੀਮ ਕੋਰਟ ਨੇ  ਬੀਤੇ ਦਿਨ 1988 ਦੇ ‘ਰੋਡ ਰੇਜ’ ਕੇਸ ਵਿੱਚ ਸਿੱਧੂ ਨੂੰ ਇਕ ਸਾਲ ਦੀ ਕਠੋਰ ਸਜ਼ਾ ਸੁਣਾਈ ਸੀ। ਕਰੀਬ 34 ਸਾਲ ਪਹਿਲਾਂ ਵਾਪਰੇ ਰੋਡ ਰੇਜ ਮਾਮਲੇ ਵਿਚ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਉਸ ਸਮੇਂ ਸਿੱਧੂ ਦੀ ਉਮਰ 25 ਸਾਲ ਦੇ ਕਰੀਬ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਪਹਿਲਾਂ ਸਿਰਫ਼ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ। ਇਸ ਵਿਰੁੱਧ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਪ੍ਰਵਾਨ ਕਰ ਲਿਆ ਅਤੇ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ।

ਇਹ ਵੀ ਪੜ੍ਹੋ:  PM ਮੋਦੀ ਨਾਲ ਮੁਲਾਕਾਤ ਕਰਨਗੇ ਸੁਨੀਲ ਜਾਖੜ, ਵੱਡੀ ਜ਼ਿੰਮੇਵਾਰੀ ਸੌਂਪਣ ਦੇ ਮੂਡ ’ਚ ਭਾਜਪਾ

ਸੁਪਰੀਮ ਕੋਰਟ ਨੇ ਆਪਣਾ ਚਾਰ ਸਾਲ ਪੁਰਾਣਾ ਫ਼ੈਸਲਾ ਬਦਲਦੇ ਹੋਏ ਕਾਂਗਰਸ ਆਗੂ ਨਵਜੋਤ ਸਿੱਧੂ ਨੂੰ ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ। ਇਸ ਦੇ ਚੱਲਦੇ ਸਿੱਧੂ ਵਲੋਂ ਅੱਜ ਅਦਾਲਤ ਵਿਚ ਆਤਮ ਸਮਰਪਣ ਕੀਤਾ ਜਾਣਾ ਸੀ, ਇਸ ਲਈ ਸਿੱਧੂ ਨੇ ਸੁਪਰੀਮ ਕੋਰਟ ਵਿਚ ਸਰੰਡਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ। ਸਿੱਧੂ ਨੇ ਪਟੀਸ਼ਨ ਦਾਇਰ ਕਰਦੇ ਹੋਏ ਸਿਹਤ ਦਾ ਹਵਾਲਾ ਦਿੰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਸਰੰਡਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਜਾਵੇ। ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ ਦੇ ਜਸਟਿਸ ਖਾਨਵਾਲਿਕਰ ਨੂੰ ਬੇਨਤੀ ਕਰਦੇ ਹੋਏ ਆਖਿਆ ਕਿ ਸਿੱਧੂ ਦੀ ਸਿਹਤ ਠੀਕ ਨਹੀਂ ਹੈ, ਲਿਹਾਜ਼ਾ ਉਨ੍ਹਾਂ ਨੂੰ ਸਰੰਡਰ ਕਰਨ ਲਈ ਇਕ ਹਫ਼ਤੇ ਦੀ ਮੁਹਲਤ ਦਿੱਤੀ ਜਾਵੇ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

 


Harnek Seechewal

Content Editor

Related News