ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ''ਚ ਸੀਨੀਅਰ IAS ਅਧਿਕਾਰੀ ਕੀਤੇ ਤਾਇਨਾਤ
Saturday, May 10, 2025 - 01:24 AM (IST)

ਜਲੰਧਰ (ਰਾਜ) - ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤੀ ਨੂੰ ਦੇਖਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕਾਂ ਨਾਲ ਕੀਤੀ ਵਚਨਬੱਧਤਾ ਅਨੁਸਾਰ ਕਿ ਉਨ੍ਹਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ, ਪੰਜਾਬ ਸਰਕਾਰ ਵੱਲੋਂ ਇੱਕ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਹਰੇਕ ਵਿਭਾਗ ਦਾ ਇੱਕ ਨੋਡਲ ਅਫ਼ਸਰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਾਰੇ ਜ਼ਿਲ੍ਹਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਦੀ ਜ਼ਿੰਮੇਵਾਰੀ, ਹਰੇਕ ਜ਼ਿਲ੍ਹੇ ਵਿੱਚ ਇੱਕ ਸੀਨੀਅਰ ਆਈਏਐਸ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਖੁਲਾਸਾ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਡੀਜੀਪੀ ਅਤੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤਾ। ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਪ੍ਰਸ਼ਾਸਨਿਕ ਸਕੱਤਰਾਂ ਨੂੰ ਸਿਹਤ ਸੇਵਾਵਾਂ, ਖੁਰਾਕ ਅਤੇ ਸਿਵਲ ਸਪਲਾਈ, ਬਿਜਲੀ, ਪਾਣੀ ਸਪਲਾਈ, ਸੜਕਾਂ, ਆਵਾਜਾਈ, ਸਿੱਖਿਆ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਿਵਲ ਅਤੇ ਫੌਜ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।