ਸ਼ਹੀਦ ਅਗਨੀਵੀਰਾਂ ਦੇ ਪਰਿਵਾਰਾਂ ਨੂੰ ਵੀ 1-1 ਕਰੋੜ ਦੀ ਵਿੱਤੀ ਸਹਾਇਤਾ ਦੇ ਰਹੀ ਪੰਜਾਬ ਸਰਕਾਰ

Monday, Sep 30, 2024 - 03:57 PM (IST)

ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਸਨਮਾਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਆਪਣੇ ਸ਼ੁਰੂਆਤੀ ਦਿਨਾਂ ਵਿਚ ਹੀ ਦੇਸ਼ ਦੀ ਰਾਖੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੇਣ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਸ਼ਹੀਦ ਦੇ ਘਰ ਪਹੁੰਚ ਕੇ ਨਾ ਸਿਰਫ਼ ਪਰਿਵਾਰ ਨਾਲ ਦੁੱਖ ਵੰਡਾਉਂਦੇ ਹਨ, ਸਗੋਂ ਸ਼ਹੀਦ ਜਵਾਨ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦਾ ਚੈੱਕ ਵੀ ਸੌਂਪ ਕੇ ਆਉਂਦੇ ਹਨ। ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅਗਨੀਵੀਰ ਯੋਜਨਾ ਦਾ ਜਿੱਥੇ ਕਾਫ਼ੀ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਸਰਕਾਰ ਨੇ ਸਾਰੇ ਸ਼ਹੀਦਾਂ ਨੂੰ ਬਰਾਬਰ ਦਾ ਦਰਜਾ ਦਿੰਦਿਆਂ ਸ਼ਹੀਦ ਅਗਨੀਵੀਰਾਂ ਦੇ ਵਾਰਸਾਂ ਨੂੰ ਵੀ 1-1 ਕਰੋੜ ਰੁਪਏ ਦਿੱਤੇ ਜਾ ਰਹੇ ਹਨ। 

ਮਾਨਸਾ ਦੇ ਪਿੰਡ ਕੋਟਲੀ ਕਲਾਂ ਦੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੇ ਜੰਮੂ-ਕਸ਼ਮੀਰ ਵਿਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ। ਉਸ ਨੇ 19 ਸਾਲਾਂ ਦੀ ਉਮਰ ਵਿਚ ਹੀ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਦਾ ਬਲਿਦਾਨ ਦੇ ਦਿੱਤਾ। ਪਰ ਅੰਮ੍ਰਿਤਪਾਲ ਸਿੰਘ ਨੂੰ ਸ਼ਹੀਦ ਵਜੋਂ ਸਨਮਾਨ ਨਾ ਮਿਲਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਫ਼ੌਜ ਵੱਲੋਂ ਉਨ੍ਹਾਂ ਨੂੰ ਨਾ ਤਾਂ ਗਾਰਡ ਆਫ਼ ਆਨਰ ਦਿੱਤਾ ਗਿਆ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਵੀ ਪ੍ਰਾਈਵੇਟ ਐਂਬੂਲੈਂਸ ਰਾਹੀਂ ਪਿੰਡ ਭੇਜਿਆ ਗਿਆ। 

PunjabKesari

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ 60 ਫੀਸਦੀ ਬਜਟ ਰੱਖਿਆ ਦੇ ਖੇਤਰ ਲਈ ਹੁੰਦਾ ਹੈ ਪਰ ਫੌਜ ਵੱਲੋਂ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਹ ਲਿਜਾਣ ਲਈ ਐਂਬੂਲੈਂਸ ਤੱਕ ਵੀ ਮੁਹੱਈਆ ਨਹੀਂ ਕਰਵਾਈ ਗਈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨਾਲ ਅਜਿਹਾ ਸਲੂਕ ਕੀਤਾ ਜਾਣਾ ਲੱਗਾ ਤਾਂ ਫੇਰ ਮਾਪੇ ਆਪਣੇ ਬੱਚਿਆਂ ਨੂੰ ਫੌਜ ਵਿੱਚ ਭੇਜਣ ਤੋਂ ਗੁਰੇਜ਼ ਕਰਨ ਲੱਗ ਪੈਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ਼ਹੀਦ ਅੰਮ੍ਰਿਤਪਾਲ ਸਿੰਘ ਜੀ ਦੀ ਸ਼ਹੀਦੀ ਬਾਰੇ ਫ਼ੌਜ ਦੀ ਨੀਤੀ ਜੋ ਵੀ ਹੋਵੇ, ਪਰ ਪੰਜਾਬ ਸਰਕਾਰ ਦੀ ਨੀਤੀ ਓਹੀ ਰਹੇਗੀ ਜੋ ਹਰੇਕ ਸ਼ਹੀਦ ਲਈ ਹੁੰਦੀ ਹੈ। ਸ਼ਹੀਦ ਅੰਮ੍ਰਿਤਪਾਲ ਸਿੰਘ ਦੇਸ਼ ਦਾ ਸ਼ਹੀਦ ਹੈ। ਇਸ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ ਵੀ ਦਿੱਤੀ ਗਈ।


Anmol Tagra

Content Editor

Related News