ਦੇਸ਼ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲਿਆਂ ਦੇ ਪਰਿਵਾਰਾਂ ਦਾ ਸਹਾਰਾ ਬਣੀ ਪੰਜਾਬ ਸਰਕਾਰ

Friday, Sep 27, 2024 - 03:08 PM (IST)

ਦੇਸ਼ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲਿਆਂ ਦੇ ਪਰਿਵਾਰਾਂ ਦਾ ਸਹਾਰਾ ਬਣੀ ਪੰਜਾਬ ਸਰਕਾਰ

ਜਲੰਧਰ- ਪੰਜਾਬ ਸਰਕਾਰ ਵੱਲੋਂ ਦੇਸ਼ ਅਤੇ ਦੇਸ਼ਵਾਸੀਆਂ ਦੀ ਜਾਨ ਦੀ ਰੱਖਿਆ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਦੀ ਮਦਦ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੇਣ ਦੀ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਸ਼ਹਾਦਤ ਦਾ ਜਾਮ ਪੀਣ ਵਾਲੇ ਫ਼ੌਜ ਦੇ ਜਵਾਨਾਂ ਦੇ ਵਾਰਸਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਮੁੱਖ ਮੰਤਰੀ ਆਪ ਸ਼ਹੀਦ ਜਵਾਨ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਉਂਦੇ ਹਨ ਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪ ਕੇ ਆਉਂਦੇ ਹਨ। ਇਸ ਦੇ ਨਾਲ ਹੀ ਪਰਿਵਾਰ ਦੀ ਹੋਰ ਵੀ ਕੋਈ ਮੰਗ ਹੋਵੇ ਤਾਂ ਉਸ ਬਾਰੇ ਵੀ ਤੁਰੰਤ ਐਲਾਨ ਕੀਤਾ ਜਾਂਦਾ ਹੈ। 

ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਵੱਲੋਂ ਫ਼ੌਜ ਦੀ ਗੱਡੀ ’ਤੇ ਗ੍ਰਨੇਡ ਹਮਲਾ ਕੀਤਾ ਗਿਆ, ਜਿਸ ਵਿਚ ਸਵਾਰ 5 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿਚੋਂ 4 ਜਵਾਨ ਪੰਜਾਬ ਨਾਲ ਸਬੰਧਤ ਸਨ।  ਸ਼ਹੀਦ ਜਵਾਨਾਂ ਵਿਚ ਹੌਲਦਾਰ ਮਨਦੀਪ ਸਿੰਘ, ਲਾਂਸ ਨਾਇਕ ਦੇਵਾਸ਼ੀਸ਼ ਬਸਵਾਲ, ਲਾਂਸ ਨਾਇਕ ਕੁਲਵੰਤ ਸਿੰਘ, ਸਿਪਾਹੀ ਹਰਕਿਸ਼ਨ ਸਿੰਘ ਅਤੇ ਸਿਪਾਹੀ ਸੇਵਕ ਸਿੰਘ ਦੇ ਨਾਂ ਸ਼ਾਮਲ ਹਨ। ਇਹ ਸਾਰੇ ਜਵਾਨ ਰਾਸ਼ਟਰੀ ਰਾਈਫਲਜ਼ ਯੂਨਿਟ ਨਾਲ ਜੁੜੇ ਹੋਏ ਸਨ। ਉਨ੍ਹਾਂ ਨੂੰ ਇਨ੍ਹਾਂ ਇਲਾਕਿਆਂ ‘ਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਕਰੋੜ ਰੁਪਏ ਸਹਾਇਤਾ ਰਾਸ਼ੀ ਪ੍ਰਦਾਨ ਕਰੇਗੀ। ਇਸ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਸ਼ਹੀਦ ਜਵਾਨ ਕੁਲਵੰਤ ਸਿੰਘ ਦੇ ਪਰਿਵਾਰ ਇਕ ਕਰੋੜ ਰੁਪਏ ਦਾ ਚੈੱਕ ਭੇਟ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਤੇ ਪਰਿਵਾਰ ਦੇ ਨਾਲ ਦੁਖ ਸਾਂਝਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਭੇਂਟ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਵੀ ਪਾਕਿਸਤਾਨ ਦੇ ਨਾਲ ਹੋਈ ਕਾਰਗਿਲ ਦੀ ਲੜਾਈ ਵਿਚ ਸ਼ਹੀਦ ਹੋਏ ਸਨ।

 


author

Anmol Tagra

Content Editor

Related News