ਪੰਜਾਬ ਸਰਕਾਰ ਜਲਦ ਦੇਣ ਜਾ ਰਹੀ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਸਿਹਤ ਬੀਮੇ ਨੂੰ ਲੈ ਕੇ ਮਿਲੇਗੀ ਵੱਡੀ ਸਹੂਲਤ

Sunday, Mar 30, 2025 - 03:54 PM (IST)

ਪੰਜਾਬ ਸਰਕਾਰ ਜਲਦ ਦੇਣ ਜਾ ਰਹੀ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਸਿਹਤ ਬੀਮੇ ਨੂੰ ਲੈ ਕੇ ਮਿਲੇਗੀ ਵੱਡੀ ਸਹੂਲਤ

ਅੰਮ੍ਰਿਤਸਰ (ਦਲਜੀਤ)- ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਕੈਸ਼ਲੈੱਸ ਸਿਹਤ ਬੀਮਾ ਮਿਲੇਗਾ। ਅੰਮ੍ਰਿਤਸਰ ’ਚ ਮੌਜੂਦਾ ਸਮੇਂ ’ਚ ਇਸ ਯੋਜਨਾ ਤਹਿਤ 7 ਲੱਖ ਦੇ ਕਰੀਬ ਲੋਕਾਂ ਦੇ ਕਾਰਡ ਬਣਾਏ ਗਏ ਹਨ, ਜਦਕਿ ਜ਼ਿਲੇ ’ਚ ਰਹਿੰਦੇ 20 ਲੱਖ ਦੇ ਕਰੀਬ ਪਰਿਵਾਰਾਂ ਨੂੰ ਸ਼ਾਮਲ ਕਰਨ ਦੀ ਭਵਿੱਖ ’ਚ ਯੋਜਨਾ ਹੈ। ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ’ਚ ਮੰਤਰੀ ਹਰਪਾਲ ਚੀਮਾ ਵਲੋਂ ਐਲਾਨੇ ਗਏ ਉਕਤ ਫੈਸਲੇ ਤੋਂ ਬਾਅਦ ਜਨਤਾ ’ਚ ਖੁਸ਼ੀ ਪਾਈ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸੂਬੇ ’ਚ 2019 ਵਿਚ ਆਯੁਸ਼ਮਾਨ ਯੋਜਨਾ ਸ਼ੁਰੂ ਕੀਤੀ ਗਈ। ਅੰਮ੍ਰਿਤਸਰ ’ਚ 105 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਇਹ ਸਹੂਲਤ ਦਿੱਤੀ ਗਈ। ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਨੂੰ ਵੀ ਸ਼ਾਮਲ ਕੀਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਬੀਮਾਰੀਆਂ ਦਾ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ’ਚ 5 ਲੱਖ ਤੱਕ ਇਲਾਜ ਦੀ ਸਹੂਲਤ ਦਿੱਤੀ ਗਈ। ਕਾਫੀ ਸਮਾਂ ਯੋਜਨਾ ਠੀਕ ਚੱਲਦੀ ਰਹੀ ਪਰ ਕੁਝ ਸਮੇਂ ਬਾਅਦ ਨਿੱਜੀ ਹਸਪਤਾਲਾਂ ਵੱਲੋਂ ਯੋਜਨਾ ਤਹਿਤ ਮਰੀਜ਼ਾਂ ਦੇ ਕੀਤੇ ਗਏ ਇਲਾਜ ਦੀ ਅਦਾਇਗੀ ਨਿਰਧਾਰਤ ਸਮੇਂ ’ਤੇ ਨਾ ਹੋਣ ਕਾਰਨ ਉਹ ਕੰਨੀਂ ਕਤਰਾਉਣ ਲੱਗ ਪਏ। ਫਿਲਹਾਲ ਪੰਜਾਬ ਸਰਕਾਰ ਵੱਲੋਂ ਬਜਟ ’ਚ ਰਾਸ਼ੀ ਵਧਾਉਣ ਦਾ ਫੈਸਲਾ ਲਿਆ ਗਿਆ ਹੈ ਜਿਸ ਕਾਰਨ ਜਨਤਾ ’ਚ ਖੁਸ਼ੀ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ-  ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਦੂਸਰੇ ਪਾਸੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ ਨੇ ਕਿਹਾ ਸਰਕਾਰ ਵੱਲੋਂ ਬਜਟ ’ਚ ਭਾਵੇਂ ਕਿਹਾ ਗਿਆ ਹੈ ਪਰ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ। ਉਨਾਂ ਕਿਹਾ ਕਿ ਹੁਣ ਤੱਕ 7 ਲੱਖ ਦੇ ਕਰੀਬ ਲੋਕਾਂ ਦੇ ਜ਼ਿਲੇ ’ਚ ਯੋਜਨਾ ਤਹਿਤ ਕਾਰਡ ਬਣਾਏ ਗਏ ਹਨ। ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਆਉਣ ’ਤੇ ਬਾਕੀ ਰਹਿੰਦੇ ਲੋਕਾਂ ਦੇ ਵੀ ਕਾਰਡ ਬਣਾਏ ਜਾਣਗੇ।

ਸਰਕਾਰ ਯੋਜਨਾ ਤਹਿਤ ਬਕਾਇਆ ਰਾਸ਼ੀ ਜਲਦ ਕਰੇ ਜਾਰੀ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪਬਲਿਕ ਰਿਲੇਸ਼ਨ ਅਧਿਕਾਰੀ ਡਾ. ਨਰੇਸ਼ ਚਾਵਲਾ ਨੇ ਕਿਹਾ ਕਿ ਯੋਜਨਾ ਮਰੀਜ਼ਾਂ ਲਈ ਕਾਫੀ ਲਾਭਦਾਇਕ ਸਾਬਿਤ ਹੋ ਰਹੀ ਹੈ ਪਰ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਯੋਜਨਾ ਦਾ ਲਾਭ ਹੇਠਲੇ ਪੱਧਰ ਤੱਕ ਮਰੀਜ਼ਾਂ ਨੂੰ ਦੇਣ ਲਈ ਪ੍ਰਾਈਵੇਟ ਹਸਪਤਾਲਾਂ ਵੱਲੋਂ ਯੋਜਨਾ ਤਹਿਤ ਕੀਤੇ ਜਾ ਰਹੇ ਇਲਾਜ ਦੀ ਅਦਾਇਗੀ ਨਿਰਧਾਰਤ ਸਮੇਂ ’ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਵੀ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਦਾ ਕਾਫੀ ਬਕਾਇਆ ਸਰਕਾਰ ਵੱਲ ਖੜ੍ਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਸਾਰੀ ਬਕਾਇਆ ਰਾਸ਼ੀ ਜਲਦ ਜਾਰੀ ਕੀਤੀ ਜਾਵੇ ਅਤੇ ਭਵਿੱਖ ’ਚ ਅਜਿਹੀ ਨੀਤੀ ਬਣਾਈ ਜਾਵੇ ਕਿ ਇਲਾਜ ਦੇ ਤੁਰੰਤ ਬਾਅਦ ਅਦਾਇਗੀ ਪ੍ਰਾਈਵੇਟ ਹਸਪਤਾਲਾਂ ਨੂੰ ਹੋ ਸਕੇ।

ਇਹ ਵੀ ਪੜ੍ਹੋ-  ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲ ਨਿਯਮਾਂ ਦੀ ਕਰ ਰਹੇ ਹਨ ਪਾਲਣਾ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੂਬਾਈ ਆਗੂ ਡਾ. ਆਰ. ਐੱਸ. ਸੇਠੀ ਨੇ ਕਿਹਾ ਕਿ ਯੋਜਨਾ ਕਾਫੀ ਵਧੀਆ ਹੈ। ਪ੍ਰਾਈਵੇਟ ਹਸਪਤਾਲ ਮਰੀਜ਼ਾਂ ਨੂੰ ਯੋਜਨਾ ਤਹਿਤ ਕਾਫੀ ਵਧੀਆ ਸੇਵਾਵਾਂ ਦੇ ਰਹੇ ਹਨ। ਸਰਕਾਰ ਨੂੰ ਵੀ ਚਾਹੀਦਾ ਹੈ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਯੋਜਨਾ ਤਹਿਤ ਆ ਰਹੀ ਸਮੱਸਿਆਵਾਂ ਦਾ ਤੁਰੰਤ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਸਰਕਾਰ ਨਾਲ ਵੀ ਮੀਟਿੰਗ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈ ਖੱਜਲ-ਖੁਆਰੀ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਪ੍ਰਾਈਵੇਟ ਹਸਪਤਾਲ ਪਾਲਣਾ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News