ਦੇਸ਼ ਖ਼ਾਤਰ ਸ਼ਹੀਦ ਹੋਣ ਵਾਲਿਆਂ ਦੇ ਪਰਿਵਾਰਾਂ ਦੀ ਮਦਦਗਾਰ ਬਣੀ ਪੰਜਾਬ ਸਰਕਾਰ
Tuesday, Oct 15, 2024 - 04:15 PM (IST)
ਜਲੰਧਰ- ਪੰਜਾਬ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭਾਰਤੀ ਫ਼ੌਜ ਵਿਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਂਦੀ ਹੈ। ਮਾਨ ਸਰਕਾਰ ਵੱਲੋਂ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੇਣ ਦੀ ਯੋਜਨਾ ਚਲਾਈ ਜਾ ਰਹੀ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਫ਼ੌਜ ਦੇ ਜਵਾਨਾਂ ਘਰ ਜਾ ਕੇ ਉਨ੍ਹਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੇ ਚੈੱਕ ਸੌਂਪ ਰਹੇ ਹਨ। ਇਸ ਦੇ ਨਾਲ ਹੀ ਪਰਿਵਾਰ ਦੀ ਮਦਦ ਲਈ ਹੋਰ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਜੋ ਪਾਲਿਸੀ ਬਣਾਈ ਗਈ ਹੈ ਕਿ ਜਿਹੜੇ ਸੈਨਿਕ, ਫ਼ੌਜੀ ਜਵਾਨ ਡਿਊਟੀ ਦੌਰਾਨ ਦੇਸ਼ ਦੇ ਕਿਸੇ ਵੀ ਕੌਨੇ ਵਿਚ ਸ਼ਹੀਦ ਹੋਣਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਸਨਮਾਨ ਰਾਸ਼ੀ ਦੇ ਤੌਰ 'ਤੇ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਸੰਭਾਲਣਾ ਸਾਡਾ ਫਰਜ਼ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਫ ਆਰਥਿਕ ਮਦਦ ਹੀ ਨਹੀਂ ਕੀਤੀ ਜਾਂਦੀ ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਸ਼ਹੀਦ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਉਂਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਫ਼ ਸਿਲਾਈ ਮਸ਼ੀਨਾਂ ਹੀ ਵੰਡੀਆਂ ਜਾਂਦੀਆਂ ਸਨ ਪਰ ਪੰਜਾਬ ਸਰਕਾਰ ਦੀ ਕੁਰਬਾਨੀਆਂ ਦੇਣ ਵਾਲਿਆਂ ਨੂੰ ਸਨਮਾਨ ਦੇਣ ਦੀ ਜਿਹੜੀ ਨੀਤੀ ਹੈ, ਉਹ ਦਿੱਲੀ ਤੋਂ ਸ਼ੁਰੂ ਹੋਈ ਸੀ। ਭਾਵੇਂ ਕਿਸੇ ਦੀ ਜਾਨ ਦੀ ਕੀਮਤ ਨਹੀਂ ਰੱਖੀ ਜਾ ਸਕਦੀ ਪਰ ਸ਼ਹੀਦਾਂ ਨੂੰ ਸਨਮਾਨ ਵਜੋਂ ਇਕ ਕਰੋੜ ਰੁਪਏ ਦਿੱਤੇ ਜਾ ਰਹੇ ਹਨ।