''ਨੌਜਵਾਨ ਭਾਰਤ ਸਭਾ'' ਵਲੋਂ ਰੋਜ਼ਗਾਰ ਦੇ ਮੁੱਦੇ ''ਤੇ ਸਰਕਾਰ ਨੂੰ ਘੇਰਨ ਦੀ ਤਿਆਰੀ
Saturday, Aug 19, 2017 - 04:22 PM (IST)
ਨਿਹਾਲ ਸਿੰਘ ਵਾਲਾ (ਬਾਵਾ ਜਗਸੀਰ) : ਕੈਪਟਨ ਸਰਕਾਰ ਵਲੋਂ ਚੋਣਾ ਦੌਰਾਨ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਨੂੰ ਪੂਰਾ ਕਰਾਉਣ ਲਈ ਨੌਜਵਾਨ ਭਾਰਤ ਸਭਾ ਵਲੋਂ ਸਰਕਾਰ ਨੂੰ ਘੇਰਨ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਦੇ ਪਹਿਲੇ ਪੜਾਅ ਤਹਿਤ 18 ਅਗਸਤ ਨੂੰ ਐਸ. ਡੀ. ਐਮ ਨਿਹਾਲ ਸਿੰਘ ਵਾਲਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ। ਇਹ ਫੈਸਲਾ ਸਭਾ ਦੀ ਪਿੰਡ ਹਿੰਮਤਪੁਰਾ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਇਲਾਕਾ ਕਮੇਟੀ ਆਗੂ ਗੁਰਮਖ ਸਿੰਘ ਅਤੇ ਨਿਰਮਲ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਜਾਂ ਹਰੇਕ ਨੌਜਵਾਨ ਨੂੰ ਰੋਜ਼ਗਾਰ ਨਾ ਮਿਲਣ ਤੱਕ ਬੇਰੋਜ਼ਗਾਰੀ ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨਾਲ ਜੋ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਉਹ ਵਾਅਦਾ 4 ਮਹੀਨੇ ਬੀਤ ਜਾਣ 'ਤੇ ਵੀ ਪੂਰਾ ਨਹੀ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਵਾਅਦਾ ਵੀ ਵਫਾ ਨਹੀਂ ਹੋਇਆ ਅਤੇ ਨੌਜਵਾਨ ਭਾਰਤ ਸਭਾ ਵਲੋਂ ਕੈਪਟਨ ਸਰਕਾਰ ਨੂੰ ਚੋਣਾ ਦੌਰਾਨ ਕੀਤੇ ਵਾਅਦੇ ਯਾਦ ਕਰਵਾਉਣ ਲਈ ਨੌਜਵਾਨਾਂ ਨੂੰ ਜਥੇਬੰਦ ਕਰਕੇ ਸਰਕਾਰ ਖਿਲਾਫ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਸਮੇਂ ਅਮਨ ਸਿੰਘ, ਕੁਲਦੀਪ ਸਿੰਘ, ਰਾਜ ਕੁਮਾਰ, ਲੱਖਾ ਸਿੰਘ, ਦਰਸਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
