ਨਵੇਂ ਸਾਲ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ! 3 ਕਰੋੜ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ
Friday, Jan 02, 2026 - 02:49 PM (IST)
ਚੰਡੀਗੜ੍ਹ/ਜਲੰਧਰ (ਅੰਕੁਰ)- ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਇਕ ਇਤਿਹਾਸਕ ਕਦਮ ਚੁੱਕਦੇ ਹੋਏ ਸੂਬੇ ਦੇ ਤਿੰਨ ਕਰੋੜ ਨਿਵਾਸੀਆਂ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇੰਸ਼ੋਰੈਂਸ ਕਵਰ ਦਿੱਤਾ ਜਾਵੇਗਾ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ।
ਡਾ. ਬਲਵੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੈਕੰਡਰੀ ਅਤੇ ਟਰਸ਼ਰੀ ਕੇਅਰ ਇਲਾਜ ਦੌਰਾਨ ਕਿਸੇ ਵੀ ਪੰਜਾਬੀ ਨੂੰ ਆਪਣੀ ਜੇਬ ਵਿਚੋਂ ਇਕ ਰੁਪਇਆ ਵੀ ਖ਼ਰਚਣਾ ਨਾ ਪਵੇ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ‘ਸਰਬੱਤ ਦੇ ਭਲੇ’ ਦੇ ਸਿਧਾਂਤ ’ਤੇ ਆਧਾਰਿਤ ਹੈ, ਜਿਸ ਵਿੱਚ ਨਾ ਤਾਂ ਕਿਸੇ ਧਰਮ ਦੇ ਆਧਾਰ ’ਤੇ ਭੇਦਭਾਵ ਹੈ ਅਤੇ ਨਾ ਹੀ ਕੋਈ ਆਰਥਿਕ ਜਾਂ ਸਮਾਜਿਕ ਐਕਸਕਲੂਜ਼ਨ ਕ੍ਰਾਈਟੇਰੀਆ। ਸਿਹਤ ਮੰਤਰੀ ਨੇ ਸਪਸ਼ਟ ਕੀਤਾ ਕਿ ਪੰਜਾਬ ਦਾ ਹਰ ਉਹ ਨਿਵਾਸੀ, ਜਿਸ ਕੋਲ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਇਸ ਯੋਜਨਾ ਲਈ ਪੂਰੀ ਤਰ੍ਹਾਂ ਯੋਗ ਹੋਵੇਗਾ। ਇਸ ਤਹਿਤ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਇੰਸ਼ੋਰੈਂਸ ਕਵਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਦੁਨੀਆ ਦੀ ਪਹਿਲੀ ਯੂਨੀਵਰਸਲ ਸਿਹਤ ਯੋਜਨਾ ਹੈ, ਜਿਸ ਵਿੱਚ 100 ਫੀਸਦੀ ਆਬਾਦੀ ਨੂੰ ਕਵਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਨਹਿਰ ਕੋਲੋਂ ਮਿਲੀ ਕੁੜੀ ਦੀ ਲਾਸ਼! ਜਬਰ-ਜ਼ਿਨਾਹ ਮਗਰੋਂ ਕਤਲ ਦਾ ਸ਼ੱਕ

ਡਾ. ਬਲਵੀਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਪਬਲਿਕ ਸੈਕਟਰ ਦੀਆਂ ਇੰਸ਼ੋਰੈਂਸ ਕੰਪਨੀਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਵਿੱਚ ਇਹ ਮਾਡਲ ਸਫਲਤਾਪੂਰਵਕ ਲਾਗੂ ਹੈ ਅਤੇ ਪੰਜਾਬ ਸਰਕਾਰ ਨੇ ਵੀ ਉਸ ਤਜਰਬੇ ਤੋਂ ਪ੍ਰੇਰਨਾ ਲਈ ਹੈ। ਉਨ੍ਹਾਂ ਅਨੁਸਾਰ 15 ਤਰੀਖ਼ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਯੋਜਨਾ ਦੀ ਸਰਕਾਰੀ ਤੌਰ ’ਤੇ ਲਾਂਚਿੰਗ ਕਰਨਗੇ। ਇਸ ਤੋਂ ਬਾਅਦ ਸੂਬੇ ਭਰ ਵਿੱਚ 9,000 ਤੋਂ ਵੱਧ ਸਰਕਾਰੀ ਸੇਵਾ ਕੇਂਦਰਾਂ ਅਤੇ ਪਿੰਡਾਂ ਵਿੱਚ ਖ਼ਾਸ ਕੈਂਪ ਲਗਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਇਕ ਵਾਰ ਇਨਰੋਲਮੈਂਟ ਹੋਣ ਮਗਰੋਂ ਕਾਰਡ ਤਿਆਰ ਹੋਣ ਵਿੱਚ ਲਗਭਗ 15 ਦਿਨ ਲੱਗਣਗੇ। ਸਰਕਾਰ ਦੀ ਕੋਸ਼ਿਸ਼ ਹੈ ਕਿ ਅਗਲੇ ਤਿੰਨ ਤੋਂ ਚਾਰ ਮਹੀਨਿਆਂ ਵਿੱਚ ਪੰਜਾਬ ਦੇ ਹਰ ਨਾਗਰਿਕ ਦੀ ਜੇਬ ਵਿੱਚ 10 ਲੱਖ ਰੁਪਏ ਦਾ ਸਿਹਤ ਇੰਸ਼ੋਰੈਂਸ ਕਾਰਡ ਹੋਵੇ।
ਇਹ ਵੀ ਪੜ੍ਹੋ: Punjab : ਇਸ ਰੇਲਵੇ ਫਾਟਕ 'ਤੇ ਟੁੱਟਿਆ ਟਰਾਲੀ ਦਾ ਐਕਸਲ, ਡੇਢ ਘੰਟਾ ਰੋਕੀਆਂ ਰੇਲਾਂ
ਡਾ. ਬਲਵੀਰ ਸਿੰਘ ਨੇ ਕਿਹਾ ਕਿ ਅਕਸਰ ਅਚਾਨਕ ਬਿਮਾਰੀ, ਦਿਲ ਦਾ ਦੌਰਾ, ਸਟਰੋਕ ਜਾਂ ਹਾਦਸਿਆਂ ਕਾਰਨ ਪਰਿਵਾਰ ਆਰਥਿਕ ਤੌਰ ’ਤੇ ਤਬਾਹ ਹੋ ਜਾਂਦੇ ਹਨ, ਘਰ-ਜ਼ਮੀਨ ਵੇਚਣੀ ਪੈਂਦੀ ਹੈ ਅਤੇ ਲੋਕ ਕਰਜ਼ੇ ਹੇਠ ਦਬ ਜਾਂਦੇ ਹਨ। ਇਹ ਯੋਜਨਾ ਅਜਿਹੀਆਂ ਸਾਰੀਆਂ ਮੁਸ਼ਕਲਾਂ ਤੋਂ ਪੰਜਾਬੀਆਂ ਨੂੰ ਰਾਹਤ ਦੇਵੇਗੀ।
ਉਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 4 ਕਰੋੜ 59 ਲੱਖ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਅਤੇ ਮੁਫ਼ਤ ਦਵਾਈਆਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮੇਂ ’ਤੇ ਇਲਾਜ ਅਤੇ ਦਵਾਈ ਮਿਲਣ ਨਾਲ ਭਵਿੱਖ ਵਿੱਚ ਕੈਂਸਰ ਸਮੇਤ ਕਈ ਕਰੋਨਿਕ ਬੀਮਾਰੀਆਂ ਵਿੱਚ ਕਮੀ ਆਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ ਹੈ, ਜੋ ਆਉਣ ਵਾਲੇ ਸਾਲਾਂ ਵਿੱਚ ਸੂਬੇ ਦੀ ਸਿਹਤ ਪ੍ਰਣਾਲੀ ਦੀ ਤਸਵੀਰ ਹੀ ਬਦਲ ਦੇਵੇਗੀ।
ਇਹ ਵੀ ਪੜ੍ਹੋ: ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
