ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦੇ ਵੱਡੇ ਉਪਰਾਲੇ
Tuesday, Jan 28, 2025 - 01:47 PM (IST)
ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਸਰਕਾਰ ਵੱਲੋਂ ਬਜ਼ੁਰਗਾਂ ਨੂੰ ਪੈਨਸ਼ਨ ਦੇ ਕੇ ਨਾ ਸਿਰਫ਼ ਉਨ੍ਹਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਮਦਦ ਕੀਤੀ ਜਾ ਰਹੀ ਹੈ, ਸਗੋਂ ਇਸ ਦੇ ਨਾਲ ਹੀ ਉਨ੍ਹਾਂ ਦੇ ਸਨਮਾਨ ਦੀ ਰਾਖੀ ਵੀ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਤਹਿਤ ਹਰ ਮਹੀਨੇ 1500 ਰੁਪਏ ਦਿੱਤੇ ਜਾ ਰਹੇ ਹਨ। ਸਰਕਾਰ ਵੱਲੋਂ ਬਜਟ ਵਿਚ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਬੱਚਿਆਂ ਤੇ ਦਿਵਿਆਂਗਾਂ ਲਈ 5924.50 ਕਰੋੜ ਰੁਪਏ ਦਾ ਪ੍ਰਾਵਧਾਨ ਰੱਖਿਆ ਗਿਆ ਸੀ। ਸਰਕਾਰ ਵੱਲੋਂ ਸੂਬੇ ਦੇ 34.90 ਲੱਖ ਲਾਭਪਾਤਰੀਆਂ ਨੂੰ 4532.60 ਕਰੋੜ ਰੁਪਏ ਦੀ ਪੈਨਸ਼ਨ ਦੀ ਵੰਡ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਸਾਡੇ ਬਜ਼ੁਰਗ ਸਾਡਾ ਸਰਮਾਇਆ ਹਨ। ਅਸੀਂ ਉਨ੍ਹਾਂ ਨੂੰ ਮਹੀਨਾਵਾਰ ਪੈਨਸ਼ਨ ਯਕੀਨੀ ਬਣਾ ਕੇ ਆਪਣਾ ਫਰਜ਼ ਨਿਭਾਅ ਰਹੇ ਹਾਂ। ਮੁੱਖ ਮੰਤਰੀ ਮਾਨ ਅਜਿਹੇ ਰੰਗਲੇ ਪੰਜਾਬ ਦਾ ਸੁਫ਼ਨਾ ਵੇਖਦੇ ਹਨ, ਜਿੱਥੇ ਹਰ ਨਾਗਰਿਕ ਇਕ ਖ਼ੁਸ਼ਹਾਲ ਤੇ ਸੰਤੁਸ਼ਟ ਜੀਵਨ ਦਾ ਆਨੰਦ ਲੈ ਸਕੇ।