ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਨੂੰ 32 ਕਰੋੜ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ

Tuesday, Sep 06, 2022 - 06:31 PM (IST)

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਨੂੰ 32 ਕਰੋੜ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ (ਬਿਊਰੋ) : ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹੇ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਿਰ ਕੀਤਾ ਕਿ ਸਾਲ 2020 ’ਚ ਫਾਜ਼ਿਲਕਾ ਜ਼ਿਲ੍ਹੇ ’ਚ ਹੜ੍ਹਾਂ ਦੇ ਕਹਿਰ ਨਾਲ ਭਾਰੀ ਨੁਕਸਾਨ ਹੋਇਆ ਸੀ ਪਰ ਉਸ ਵੇਲੇ ਦੀ ਸਰਕਾਰ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ’ਚ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : 25 ਸਾਲ ਤੋਂ ਕਰ ਰਿਹਾ ਸੀ ਕੋਸ਼ਿਸ਼, ਆਖ਼ਿਰ ਚਮਕਿਆ ਕਿਸਮਤ ਦਾ ਸਿਤਾਰਾ ਤੇ ਲੱਖਪਤੀ ਬਣਿਆ ਸਫ਼ਾਈ ਮੁਲਾਜ਼ਮ

PunjabKesari

ਭਗਵੰਤ ਮਾਨ ਨੇ ਦੱਸਿਆ ਕਿ ਕੁੱਲ 32 ਕਰੋੜ ਰੁਪਏ ’ਚੋਂ 28 ਕਰੋੜ ਰੁਪਏ ਦਾ ਫਸਲਾਂ ਨੂੰ ਨੁਕਸਾਨ ਪਹੁੰਚਿਆ ਸੀ, ਜਦਕਿ ਬਾਕੀ 4 ਕਰੋੜ ਰੁਪਏ ਦਾ ਨੁਕਸਾਨ ਘਰਾਂ ਅਤੇ ਹੋਰ ਅਦਾਰਿਆਂ ਦਾ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਬਜਾਏ ਤੱਤਕਾਲੀ ਸੂਬਾ ਸਰਕਾਰ ਇਸ ਮਾਮਲੇ ’ਚ ਢਿੱਲਮੱਠ ਕਰ ਰਹੀ ਸੀ ਤਾਂ ਜੋ ਸੰਕਟ  ’ਚ ਘਿਰੇ ਲੋਕਾਂ ਨੂੰ ਰਾਹਤ ਨਾ ਮਿਲ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਸ ਵੇਲੇ ਦੀ ਸਰਕਾਰ ਦਾ ਨਾਂਹ-ਪੱਖੀ ਰਵੱਈਆ ਇਸ ਗੱਲ ਤੋਂ ਨਜ਼ਰ ਆਉਂਦਾ ਹੈ ਕਿ ਲੋਕਾਂ ਨੂੰ ਮੁਆਵਜ਼ੇ ਵਜੋਂ ਇਕ ਪੈਸਾ ਵੀ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਦੀ ਭਲਾਈ ਲਈ ਫਿਕਰਮੰਦ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਅਗਲੇ ਦੋ ਸਾਲਾਂ ’ਚ ਬੰਦ ਹੋ ਜਾਣਗੇ 13 ਹੋਰ ਟੋਲ ਪਲਾਜ਼ੇ

PunjabKesari

ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਹੁਕਮ ਦਿੱਤੇ ਕਿ ਲੋਕਾਂ ਨੂੰ ਮੁਆਵਜ਼ਾ ਜਲਦੀ ਵੰਡਣ ਦੀਆਂ ਰਸਮੀ ਕਾਰਵਾਈਆਂ ਤੁਰੰਤ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਨੇ ਹੁਕਮ ਦਿੱਤੇ ਕਿ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਲੋਕਾਂ ਨੂੰ ਵੰਡਿਆ ਜਾਵੇ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਤੋਂ ਵਿਧਾਇਕ ਨਰਿੰਦਰਪਾਲ ਸਿੰਘ, ਅਮਨਦੀਪ ਸਿੰਘ ਅਤੇ ਜਗਦੀਪ ਕੰਬੋਜ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਫਾਜ਼ਿਲਕਾ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਵਿਧਾਇਕਾਂ ਨੇ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਲੋਕਪੱਖੀ ਅਤੇ ਵਿਕਾਸ ਪੱਖੀ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ : MP ਰਾਘਵ ਚੱਢਾ ਤੇ ਮੰਤਰੀ ਅਨਮੋਲ ਗਗਨ ਮਾਨ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਪਰਿਵਾਰ ਨੂੰ ਮਿਲੇ  


author

Manoj

Content Editor

Related News