ਗਰੀਬਾਂ ਨੂੰ ਦਿੱਤੇ ਜਾਣ ਵਾਲੇ 5-5 ਮਰਲੇ ਦੇ ਪਲਾਟਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

12/07/2022 12:15:58 PM

ਜਲੰਧਰ (ਧਵਨ) : ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਕਈ ਸਾਲਾਂ ’ਚ ਸਰਕਾਰਾਂ ਵਲੋਂ ਗਰੀਬਾਂ ਨੂੰ ਅਲਾਟ ਕੀਤੇ ਗਏ 5-5 ਮਰਲੇ ਦੇ ਪਲਾਟਾਂ ਨੂੰ ਲੈ ਕੇ ਸਾਰੀ ਜਾਣਕਾਰੀ ਤਲਬ ਕਰ ਲਈ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਇਕ ਲਿਖਤੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ ਜੋ ਸੂਬੇ ਦੇ ਸਮੂਹ ਵਧੀਕ ਜ਼ਿਲ੍ਹਾ ਮੈਜਿਸਟ੍ਰੇਟਾਂ (ਵਿਕਾਸ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਬਲਾਕ ਪੰਚਾਇਤ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਬੇਘਰੇ ਅਤੇ ਬੇਜ਼ਮੀਨੇ ਲੋਕਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਸਬੰਧੀ ਸਾਰੀ ਜਾਣਕਾਰੀ ਗੂਗਲ ਸ਼ੀਟ ’ਤੇ ਭਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਨੇ ਭਰਿਆ ਪੰਜਾਬ ਸਰਕਾਰ ਦਾ ਖਜ਼ਾਨਾ, ਆਮਦਨ ’ਚ 21 ਫੀਸਦੀ ਦਾ ਵਾਧਾ

ਉਨ੍ਹਾਂ ਦੱਸਿਆ ਕਿ ਸਾਬਕਾ ਅਕਾਲੀ ਅਤੇ ਕਾਂਗਰਸ ਸਰਕਾਰਾਂ ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦਾ ਵਾਅਦਾ ਕਰ ਕੇ ਵੋਟਾਂ ਲੈ ਰਹੀਆਂ ਹਨ ਪਰ ਇਨ੍ਹਾਂ ਲੋਕਾਂ ਨੂੰ ਹਕੀਕਤ ’ਚ ਪਲਾਟਾਂ ਦੀ ਅਲਾਟਮੈਂਟ ਨਹੀਂ ਕੀਤੀ ਗਈ ਹੈ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਜ਼ਿਲ੍ਹਿਆਂ ਅਤੇ ਖੇਤਰਾਂ ’ਚ ਬੇਘਰੇ ਅਤੇ ਬੇਜ਼ਮੀਨੇ ਲੋਕਾਂ ਨੂੰ ਅਲਾਟ ਕੀਤੇ ਗਏ ਪਲਾਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਰਜ ਕਰਨ, ਜਿਸ ’ਚ ਇਨ੍ਹਾਂ ਲੋਕਾਂ ਦੀ ਯੋਗਤਾ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਅਸਲ ’ਚ ਪਲਾਟ ਲੋੜਵੰਦਾਂ ਨੂੰ ਅਲਾਟ ਕੀਤੇ ਗਏ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਬੇਘਰੇ ਪਰਿਵਾਰਾਂ ਨੂੰ ਹੁਣ ਤੱਕ ਅਲਾਟ ਕੀਤੇ ਗਏ 5-5 ਮਰਲੇ ਦੇ ਪਲਾਟਾਂ ਦੀ ਸਾਰੀ ਜਾਣਕਾਰੀ 20 ਦਸੰਬਰ 2022 ਤੱਕ ਮੁਕੰਮਲ ਕਰ ਕੇ ਭੇਜੀ ਜਾਣੀ ਹੈ। ਉਨ੍ਹਾਂ ਕਿਹਾ ਕਿ ਜੋ ਅਧਿਕਾਰੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰੇਗਾ ਉਸ ਦੇ ਖ਼ਿਲਾਫ਼ ਸਰਕਾਰ ਵਲੋਂ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਵੇਰਕਾ ਦੇ ਗਾਹਕਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh