ਪੰਜਾਬ ਸਰਕਾਰ ਨੇ ਖਿੱਚੀ 350 ਸਾਲਾ ਸ਼ਹੀਦੀ ਸਮਾਗਮਾਂ ਦੀ ਤਿਆਰੀ, ਜਾਣੋ ਕੀ ਹੈ ਪੂਰਾ ਪ੍ਰੋਗਰਾਮ (ਵੀਡੀਓ)
Monday, Oct 06, 2025 - 04:50 PM (IST)

ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸੰਤ ਸਮਾਜ ਦੀ ਬੈਠਕ ਸੱਦੀ ਗਈ ਸੀ। ਇਸ ਬੈਠਕ ਦੌਰਾਨ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂ ਸ਼ਾਮਲ ਹੋਏ ਅਤੇ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ 'ਤੇ ਮੰਥਨ ਹੋਇਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਅਰਦਾਸ ਕਰਕੇ ਰਸਮੀਂ ਤੌਰ 'ਤੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਸੇ ਦਿਨ ਸ਼ਾਮ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਵਿਖੇ ਕੀਰਤਨ ਦਰਬਾਰ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਅੱਜ ਭਾਰੀ ਮੀਂਹ ਦਾ ਅਲਰਟ, ਇਨ੍ਹਾਂ 13 ਜ਼ਿਲ੍ਹਿਆਂ ਲਈ ਜਾਰੀ ਹੋਈ ਵੱਡੀ ਚਿਤਾਵਨੀ
25 ਅਕਤੂਬਰ ਤੋਂ ਬਾਅਦ ਪੰਜਾਬ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਨੌਵੇਂ ਪਾਤਸ਼ਾਹ ਦੇ ਜੀਵਨ ਬਾਰੇ ਸੈਮੀਨਾਰ ਹੋਣਗੇ। ਉਨ੍ਹਾਂ ਦੱਸਿਆ ਕਿ 1 ਨਵੰਬਰ ਤੋਂ ਲੈ ਕੇ 18 ਨਵੰਬਰ ਤੱਕ ਪੰਜਾਬ ਦੇ 23 ਜ਼ਿਲ੍ਹਿਆਂ 'ਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ ਅਤੇ ਲੇਜ਼ਰ ਲਾਈਟਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਸ਼ਹਾਦਤ ਬਾਰੇ ਦੱਸਿਆ ਜਾਵੇਗਾ। ਇਸ ਦੇ ਨਾਲ ਹੀ 1 ਤੋਂ 30 ਨਵੰਬਰ ਤੱਕ ਅੰਮ੍ਰਿਤਸਰ, ਬਾਬਾ ਬਕਾਲਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ ਵਿਖੇ ਵੱਡੇ ਸਮਾਗਮ ਹੋਣਗੇ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਲਈ ਵੱਡੀ ਚਿੰਤਾ ਭਰੀ ਖ਼ਬਰ, ਡਿਊਟੀ ਨੂੰ ਲੈ ਕੇ ਹੈਰਾਨ ਕਰਨ ਵਾਲਾ ਹੋਇਆ ਖ਼ੁਲਾਸਾ
ਇਸ ਤੋਂ ਬਾਅਦ 19 ਨਵੰਬਰ ਨੂੰ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਸੰਤਾਂ-ਮਹਾਂਪੁਰਸ਼ਾਂ ਦੀ ਹਾਜ਼ਰੀ 'ਚ ਸ਼੍ਰੀਨਗਰ ਤੋਂ ਪਹਿਲਾ ਨਗਰ ਕੀਰਤਨ ਸ਼ੁਰੂ ਹੋਵੇਗਾ। ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ 22 ਨਵੰਬਰ ਨੂੰ ਪੁੱਜੇਗਾ। ਇਸੇ ਤਰ੍ਹਾਂ ਕੁੱਲ 4 ਨਗਰ ਕੀਰਤਨ ਕੱਢੇ ਜਾਣਗੇ। 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਹੋਣਗੇ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਕ ਕਰੋੜ ਤੋਂ ਵੱਧ ਸੰਗਤ ਦੇ ਇੱਥੇ ਪੁੱਜਣ ਦੀ ਸੰਭਾਵਨਾ ਹੈ। 23 ਨਵੰਬਰ ਨੂੰ ਸਵੇਰੇ 10 ਵਜੇ ਮੁੱਖ ਮੰਤਰੀ ਸੰਤਾਂ-ਮਹਾਂਪੁਰਖਾਂ ਦੀ ਹਾਜ਼ਰੀ 'ਚ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਸਰਵ ਧਰਮ ਸੰਮੇਲਨ ਹੋਵੇਗਾ ਅਤੇ 23, 24 ਅਤੇ 25 ਨਵੰਬਰ ਨੂੰ ਵਿਰਾਸਤ-ਏ-ਖ਼ਾਲਸਾ 'ਚ ਗੁਰੂ ਸਾਹਿਬ ਦੇ ਜੀਵਨ ਬਾਰੇ ਡਰੋਨ ਸ਼ੋਅ ਹੋਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8