ਪੰਜਾਬ ਦੇ 50 ਹਜ਼ਾਰ ਨੌਜਵਾਨਾਂ ਨੂੰ ਮਿਲੀ ਨੌਕਰੀ, ਹੁਣ ਇਸ ਮਹਿਕਮੇ 'ਚ ਭਰਤੀ ਦੀ ਤਿਆਰੀ

Thursday, Jan 30, 2025 - 01:06 PM (IST)

ਪੰਜਾਬ ਦੇ 50 ਹਜ਼ਾਰ ਨੌਜਵਾਨਾਂ ਨੂੰ ਮਿਲੀ ਨੌਕਰੀ, ਹੁਣ ਇਸ ਮਹਿਕਮੇ 'ਚ ਭਰਤੀ ਦੀ ਤਿਆਰੀ

ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਸਰ ਆਖ਼ ਚੁੱਕੇ ਹਨ ਕਿ ਕੋਈ ਵੀ ਸਰਕਾਰ ਆਟਾ-ਦਾਲ ਦੇ ਕੇ ਲੋਕਾਂ ਦੀ ਗਰੀਬੀ ਦੂਰ ਨਹੀਂ ਕਰ ਸਕਦੀ, ਸਗੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਪਰਿਵਾਰਾਂ ਦੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ। ਇਸੇ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ 33 ਮਹੀਨਿਆਂ ਦੇ ਅੰਦਰ ਹੀ 50 ਹਜ਼ਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਟੀ.ਸੀ.ਐੱਲ.) ਵਿਚ ਵੀ ਭਰਤੀ ਦੀ ਤਿਆਰੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਮੁਤਾਬਕ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਟੀ.ਸੀ.ਐੱਲ.) ਵੱਲੋਂ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ ਤੇ ਸਾਲ 2025-26 ਦੌਰਾਨ 4,864 ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਬੀਤੇ ਦਿਨੀਂ ਹੀ 35 ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਕੁੱਲ ਭਰਤੀਆਂ ’ਚੋਂ 4,444 ਨੌਜਵਾਨਾਂ ਨੂੰ ਪੀ. ਐੱਸ. ਪੀ. ਸੀ. ਐੱਲ. ’ਚ ਤੇ 782 ਨੂੰ ਪੀ. ਐੱਸ. ਟੀ. ਸੀ.ਐੱਲ. ’ਚ ਸਿੱਧੀ ਭਰਤੀ ਰਾਹੀਂ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 1,360 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ 35 ਸਹਾਇਕ ਇੰਜੀਨੀਅਰਾਂ ’ਚੋਂ 22 ਇਲੈਕਟ੍ਰੋਨਿਕਸ ਤੇ ਕਮਿਊਨੀਕੇਸ਼ਨ ’ਚ ਜਦਕਿ 13 ਇਲੈਕਟ੍ਰੀਕਲ ’ਚ ਮਾਹਿਰ ਹਨ । ਉਨ੍ਹਾਂ ਕਿਹਾ ਕਿ ਮਾਰਚ 2022 ’ਚ ਸਰਕਾਰ ਬਣਨ ਤੋਂ ਲੈ ਕੇ ਹੁਣ ਤਕ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਤੇ ਬਿਜਲੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰਦੀ ਰਹੇਗੀ।


author

Anmol Tagra

Content Editor

Related News