'ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ ਦੀ ਵਿਕਰੀ ਮੌਕੇ ਹੀ ਭਾਅ ’ਚ ਕਟੌਤੀ ਕਰ ਸਬਸਿਡੀ ਦਾ ਦਿੱਤਾ ਜਾਵੇਗਾ ਲਾਭ'

Tuesday, Sep 13, 2022 - 12:46 AM (IST)

ਚੰਡੀਗੜ੍ਹ (ਬਿਊਰੋ) : ਸੂਬੇ ਦੇ ਕਿਸਾਨਾਂ ਨੂੰ ਕਣਕ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਸੂਬੇ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਅੱਜ ਇਥੇ ਆਗਾਮੀ ਸੀਜ਼ਨ ਦੌਰਾਨ ਕਣਕ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਅਤੇ ਪਨਸੀਡ ਵੱਲੋਂ ਕੀਤੀ ਤਿਆਰੀ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਅਤੇ ਪਨਸੀਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਪਨਸੀਡ ਦੇ ਚੇਅਰਮੈਨ ਮੋਹਿੰਦਰ ਸਿੰਘ ਸਿੱਧੂ ਅਤੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਲਏ ਅਹਿਮ ਫ਼ੈਸਲੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਕਣਕ ਦੇ ਬੀਜ ’ਤੇ ਸਬਸਿਡੀ ਦਾ ਲਾਭ ਕਿਸਾਨਾਂ ਨੂੰ ਖਰੀਦ ਮੌਕੇ ਭਾਅ ਵਿਚ ਕਟੌਤੀ ਕਰਕੇ ਮੌਕੇ ’ਤੇ ਹੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਕਣਕ ਦੇ ਬੀਜ ’ਤੇ ਲਾਭ ਲੈਣ ਲਈ ਕਿਸਾਨਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪੈਂਦਾ ਸੀ, ਲੰਬਰਦਾਰ/ਸਰਪੰਚ ਤੋਂ ਤਸਦੀਕ ਕਰਵਾ ਕੇ ਆਨਲਾਈਨ ਰਜਿਸਟਰ ਕਰਵਾਉਣਾ ਪੈਂਦਾ ਸੀ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੀ ਜੇਲ੍ਹ ’ਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਦੀ ਸੜਕ ਹਾਦਸੇ ’ਚ ਮੌਤ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਬੇਲੋੜੀ ਕਾਗਜ਼ੀ ਕਾਰਵਾਈ ਅਤੇ ਆਨਲਾਈਨ ਸਿਸਟਮ ਤੋਂ ਰਾਹਤ ਦਿਵਾਉਣ ਲਈ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਨੂੰ ਮੌਕੇ ’ਤੇ ਹੀ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਦੇਣ ਲਈ ਇਹ ਫੈਸਲਾ ਲਿਆ ਗਿਆ ਹੈ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਪਨਸੀਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਨੂੰ ਮਿਆਰੀ ਬੀਜ ਦੇਣ ਲਈ ਰਾਸ਼ਟਰੀ ਬੀਣ ਕਾਰਪੋਰੇਸ਼ਨ ਨਾਲ ਰਾਬਤਾ ਕਾਇਮ ਕਰਕੇ ਵਧੀਆ ਸੀਡ ਖਰੀਦ ਕੇ ਕਿਸਾਨਾਂ ਨੂੰ ਦਿੱਤਾ ਜਾਵੇ।ਉਨ੍ਹਾਂ ਪ੍ਰਾਈਵੇਟ ਬੀਜ ਵੇਚਣ ਵਾਲਿਆਂ ਨੂੰ ਵੀ ਤਾੜਨਾ ਕਰਦਿਆਂ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੇ ਬੀਜ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਿਰਫ ਉੱਚ ਪਾਏ ਦਾ ਮਿਆਰੀ ਬੀਜ ਹੀ ਵਿਕਣ ਦਿੱਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਨੇ ਕਿਸਾਨਾਂ ਨੂੰ ਗੈਰ ਮਿਆਰੀ ਬੀਜ਼ ਵੇਚਣ ਦੀ ਕੋਸਿਸ਼ ਕੀਤੀ, ਉਸ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।  


Manoj

Content Editor

Related News