ਵਿਦਿਆਰਥੀਆਂ ਦੀ ਪੜ੍ਹਾਈ ਲਈ ਵਚਨਬੱਧ ਪੰਜਾਬ ਸਰਕਾਰ, ਸਕਾਲਰਸ਼ਿਪ ਤਹਿਤ ਵੰਡੀ ਕਰੋੜਾਂ ਦੀ ਰਾਸ਼ੀ
Wednesday, Jan 29, 2025 - 04:46 PM (IST)
 
            
            ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਪੋਸਟ ਮੈਟਰਿਕ ਸਕਾਲਸ਼ਿਪ ਯੋਜਨਾ ਦੌਰਾਨ ਕਰੋੜਾਂ ਦੀ ਰਾਸ਼ੀ ਵਿਦਿਆਰਥੀਆਂ ਨੂੰ ਵੰਡ ਚੁੱਕੀ ਹੈ। ਵਿਦਿਆਰਥੀ ਸਕੀਮ ਤਹਿਤ ਸਾਲ 2024-25 ਦੇ ਬਜਟ ਉਪਬੰਧ 'ਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਇਸ ਸਬੰਧੀ ਹਾਲ ਹੀ ਵਿਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਵਿਦਿਆਰਥੀ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਬਕਾਇਆ ਰਾਸ਼ੀ ਲਈ ਸਾਲ 2023-24 ਵਿੱਚ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਿਸ ਵਿੱਚੋਂ 1008 ਸੰਸਥਾਵਾਂ ਨੂੰ 283.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਬਾਕੀ ਸੰਸਥਾਵਾਂ ਨੂੰ ਵੀ ਜਲਦੀ ਹੀ ਅਦਾਇਗੀ ਕਰ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਅਤੇ ਪੰਜਾਬ ਰਾਜ ਦੇ ਜਿਹੜੇ ਵਿਦਿਆਰਥੀ ਦੂਜੇ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਸਾਲ 2024-25 ਵਿਚ ਲਗਭਗ 2 ਲੱਖ 31 ਹਜ਼ਾਰ ਵਿਦਿਆਰਥੀਆਂ ਨੇ ਸਕਾਲਰਸ਼ਿਪ ਯੋਜਨਾ ਤਹਿਤ ਰਜਿਸ਼ਟ੍ਰੇਸ਼ਨ ਕਰਵਾਇਆ ਅਤੇ ਬਜਟ ਵਿਚੋਂ 92 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਥੇ ਇਹ ਦੱਸਣਯੋਗ ਹੈ ਕਿ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫ਼ਿਕੇਟ ਜਮ੍ਹਾ ਕਰਵਾਉਣ। ਮੰਤਰੀ ਨੇ ਕਿਹਾ ਕਿ ਸਮਾਜਿਕ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਾਰਨਾਂ ਕਰਕੇ ਆਪਣੀ ਪੜ੍ਹਾਈ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            