ਨੇਤਰਹੀਣਾਂ ਤੇ ਦਿਵਿਆਂਗਜਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Tuesday, Mar 12, 2024 - 06:39 PM (IST)

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ’ਚ ਕਿਰਾਏ ਸਬੰਧੀ ਛੋਟ ਅਤੇ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਸਬੰਧੀ ਫੀਸ ਸਬੰਧੀ ਛੋਟ ਜਲਦੀ ਲਾਗੂ ਕੀਤੀ ਜਾਵੇਗੀ। ਇਹ ਐਲਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੈਕਟਰ 67 ਸਥਿਤ ਸੰਸਥਾ ਨਾਈਪਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ’ਚ ਨਵ ਨਿਯੁਕਤ 09 ਸੁਪਰਵਾਈਜ਼ਰ, 09 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ’ਚ 14 ਸਟੈਨੋਜ਼ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੀ ਵੰਡੇ।

ਇਹ ਵੀ ਪੜ੍ਹੋ : ਬਿਜਲੀ ਮੰਤਰੀ ਦਾ ਵੱਡਾ ਬਿਆਨ, 71 ਲੱਖ ਘਰੇਲੂ ਖ਼ਪਤਕਾਰਾਂ ਦਾ ਆਇਆ ਜ਼ੀਰੋ ਬਿੱਲ

ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਤਨ ਸਮਿਆਂ ’ਚ ਔਰਤਾਂ ਨਾਲ ਬਹੁਤ ਧੱਕਾ ਕੀਤਾ ਜਾਂਦਾ ਸੀ ਅਤੇ ਉਸ ਵਰਤਾਰੇ ਦੇ ਅੰਸ਼ ਅੱਜ ਵੀ ਦਿਸਦੇ ਹਨ। ਆਪਣੇ ਆਪ ਨੂੰ ਤਰਜੀਹ ਨਾ ਦੇਣ ਕਰ ਕੇ ਅੱਜ ਵੀ ਸਰੀਰ ’ਚ ਖੂਨ ਦੀ ਕਮੀ ਦੇ ਜਿਹੜੇ ਕੇਸ ਆਉਂਦੇ ਹਨ, ਉਨ੍ਹਾਂ ’ਚ ਔਰਤਾਂ ਦੀ ਬਹੁਗਿਣਤੀ ਹੁੰਦੀ ਹੈ। ਔਰਤ ਸਦਾ ਸਬਰ ਅਤੇ ਸਹਿਜ ਨਾਲ ਹੀ ਸੰਘਰਸ਼ ਕਰਦੀ ਰਹੀ ਹੈ। ਇਤਿਹਾਸ ’ਚ ਮਾਈ ਭਾਗੋ ਤੇ ਰਾਣੀ ਲਕਸ਼ਮੀ ਬਾਈ ਵਰਗੀਆਂ ਔਰਤਾਂ ਨੇ ਆਪਣੀ ਵੱਖਰੀ ਥਾਂ ਬਣਾਈ ਹੈ, ਜਿਨ੍ਹਾਂ ਤੋਂ ਸੇਧ ਲੈਣ ਦੀ ਲੋੜ ਹੈ। ਵਿਭਾਗ ਦਾ ਟੀਚਾ ਹੈ ਕਿ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਸਦਕਾ ਔਰਤਾਂ ਮਜ਼ਬੂਤ ਹੋਣਗੀਆਂ ਅਤੇ ਅੱਗੇ ਉਹ ਸਮਾਜ ਨੂੰ ਹੋਰ ਮਜ਼ਬੂਤ ਕਰਨਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਵੀ ਪ੍ਰਕਿਰਿਆ ਜਾਰੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤ ਕੋਲ ਸਭ ਤੋਂ ਵੱਡੀ ਤਾਕਤ ਸਿੱਖਿਆ ਹੈ ਅਤੇ ਆਉਣ ਵਾਲੀਆਂ ਬੱਚੀਆਂ ਨੂੰ ਸਿੱਖਿਆ ਤੋਂ ਕਿਸੇ ਵੀ ਹਾਲ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਪੇ ਆਪਣੀਆਂ ਬੱਚੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ।  

ਇਹ ਵੀ ਪੜ੍ਹੋ : ਬਜਟ ਸੈਸ਼ਨ ਦੇ ਆਖਿਰੀ ਦਿਨ ਕੇਂਦਰ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ ਮਾਨ, ਵਿਰੋਧੀਆਂ ਨੂੰ ਵੀ ਕੀਤੀ ਇਹ ਅਪੀਲ

ਜਾਰੀ ਕੀਤੇ ਕਰਜ਼ਿਆਂ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਐੱਸ. ਸੀ. ਅਤੇ ਬੀ. ਸੀ. ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਰਜ਼ੇ ਬਹੁਤ ਹੀ ਘੱਟ ਵਿਆਜ ਦਰਾਂ ’ਤੇ ਉਪਲੱਬਧ ਕਰਵਾਏ ਜਾਂਦੇ ਹਨ। ਇਨ੍ਹਾਂ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਸਮਾਗਮ ਦੌਰਾਨ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ। ਇਸ ਦੇ ਨਾਲ ਹੀ 40 ਨਵ ਜਨਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਦਾ ਸਨਮਾਨ ਵੀ ਕੀਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਲਈ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 


Anuradha

Content Editor

Related News