ਡੇਰਾ ਸਿਰਸਾ ਮੁਖੀ ਨੂੰ ਬਚਾਉਣ ਦੇ ਯਤਨ ਨਾ ਕਰੇ ਪੰਜਾਬ ਸਰਕਾਰ : ਸ਼੍ਰੋਮਣੀ ਕਮੇਟੀ
Friday, Jul 16, 2021 - 03:09 PM (IST)
ਅੰਮ੍ਰਿਤਸਰ (ਦੀਪਕ) : ਬਰਗਾੜੀ ’ਚ ਸਾਲ 2015 ’ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਪੇਸ਼ ਕੀਤੇ ਚਲਾਨ ’ਚ ਸਿਟ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਬਾਹਰ ਰੱਖਣ ਦੀ ਨਿੰਦਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਰਾਜਨੀਤੀ ਇਰਾਦਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਉਪ-ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਉਪ-ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ‘ਸਿਟ’ ਵੀ ਕਾਂਗਰਸ ਦਾ ਏਜੰਡਾ ਲਾਗੂ ਕਰਨਾ ਚਾਹੁੰਦੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜਾਂਚ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਐੱਫ. ਆਈ. ਆਰ. 128 ਅਨੁਸਾਰ ਪੇਸ਼ ਕੀਤੇ ਚਲਾਨ ’ਚੋਂ ਬਾਹਰ ਰੱਖਣਾ ਹੈਰਾਨ ਕਰਨ ਦੇ ਨਾਲ-ਨਾਲ ਪੱਖਪਾਤੀ ਵਤੀਰੇ ਨੂੰ ਦਿਖਾਉਂਦਾ ਹੈ।
ਇਹ ਵੀ ਪੜ੍ਹੋ : ਸਿੰਚਾਈ ਘਪਲਾ : ਜਨਹਿਤ ਪਟੀਸ਼ਨ ’ਤੇ ਹਾਈਕੋਰਟ ਨੇ ਸਰਕਾਰ ਨੂੰ ਉਚਿਤ ਕਾਰਵਾਈ ਦੇ ਦਿੱਤੇ ਹੁਕਮ
ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ’ਚ ਗ੍ਰਿਫਤਾਰ ਕੀਤੇ ਡੇਰਾ ਪ੍ਰੇਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਗੁਰਮੀਤ ਰਾਮ ਰਹੀਮ ਦਾ ਨਾਂ ਐੱਫ. ਆਈ. ਆਰ. ’ਚ ਸ਼ਾਮਲ ਹੋਇਆ ਸੀ ਪਰ ਹੁਣ ਚਲਾਨ ਪੇਸ਼ ਕਰਨ ’ਚ ਉਸ ਨੂੰ ਬਚਾਉਣ ਲਈ ਸਿਟ ਦੀ ਕਾਰਵਾਈ ਸਰਕਾਰ ਦੇ ਇਰਾਦੇ ਨੂੰ ਸਾਫ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਚਾਹੇ ਸਿਟ ਮੁਖੀ ਵੱਲੋਂ ਮਾਮਲਾ ਚਰਚਾ ’ਚ ਹੋਣ ਉਪਰੰਤ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਹੈ ਪਰ ਇਹ ਸਿੱਖ ਸੰਗਤ ਨੂੰ ਗੁੰਮਰਾਹ ਕਰਨ ਵਾਲਾ ਬਿਆਨ ਹੈ। ਪਹਿਲਾਂ ਚਲਾਨ ’ਚ ਡੇਰਾ ਮੁਖੀ ਨੂੰ ਬਾਹਰ ਹੀ ਕਿਉਂ ਰੱਖਿਆ ਗਿਆ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਬੇਅਦਬੀ ਮਾਮਲੇ ’ਤੇ ਰਾਜਨੀਤੀ ਨਾ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਇਹ ਸਿੱਖਾਂ ਲਈ ਬੇਹਦ ਗੰਭੀਰ ਮਾਮਲਾ ਹੈ ਅਤੇ ਇਸ ਦੀ ਜਾਂਚ ’ਤੇ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ ਹੈ। ਸਿਟ ਨੂੰ ਆਪਣੇ ਹਿਸਾਬ ਨਾਲ ਚਲਾਉਣਾ ਸਰਕਾਰ ਦਾ ਮਾੜਾ ਇਰਾਦਾ ਜ਼ਾਹਿਰ ਕਰਦਾ ਹੈ।
ਇਹ ਵੀ ਪੜ੍ਹੋ : ਸ਼੍ਰੋਅਦ ਵੱਲੋਂ ਦਿੱਲੀ ਹਾਈਕੋਰਟ ’ਚ ਪਟੀਸ਼ਨ ਦਾਇਰ, ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਕਰਵਾਉਣ ਦੀ ਕੀਤੀ ਮੰਗ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ