ਪਰਾਲੀ ਦੇ ਹੱਲ ਲਈ ਪੰਜਾਬ ਸਰਕਾਰ ਨੇ ਕੀਤਾ ਚੇਨਈ ਦੀ ਕੰਪਨੀ ਨਾਲ ਸਮਝੌਤਾ

11/16/2017 9:53:17 AM


ਚੰਡੀਗੜ੍ਹ (ਬਿਊਰੋ) - ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ ਇਕ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਚੇਨਈ ਆਧਾਰਿਤ ਇਕ ਕੰਪਨੀ ਨਾਲ ਸਹਿਮਤੀ ਪੱਤਰ (ਐੱਮ. ਓ. ਯੂ.) 'ਤੇ ਸਹੀ ਪਾਈ ਹੈ, ਜਿਸ ਅਨੁਸਾਰ ਸੂਬੇ ਵਿਚ ਪਰਾਲੀ ਤੋਂ ਬਾਇਓ-ਊਰਜਾ ਬਣਾਉਣ ਲਈ 400 ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਸਿਰ-ਤੋੜ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਇਹ ਸਮਝੌਤਾ ਹੋਇਆ ਹੈ। ਇਹ ਪਲਾਂਟ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਕਾਰਜਸ਼ੀਲ ਹੋ ਜਾਣਗੇ। ਇਸ ਨਾਲ ਪਰਾਲੀ ਨੂੰ ਸਾੜਨ 'ਤੇ ਰੋਕ ਲੱਗੇਗੀ, ਜਿਸ ਨੇ ਮੌਜੂਦਾ ਸੀਜ਼ਨ ਦੌਰਾਨ ਵਾਤਾਵਰਣ 'ਤੇ ਬਹੁਤ ਪ੍ਰਭਾਵ ਪਾਇਆ ਹੈ।
ਇਸ ਸਹਿਮਤੀ ਪੱਤਰ 'ਤੇ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ. ਈ. ਓ. ਆਰ. ਕੇ. ਵਰਮਾ ਅਤੇ ਨਿਊਵੇ ਦੇ ਐੱਮ. ਡੀ. ਕੇ. ਇਯੱਪਨ ਨੇ ਹਸਤਾਖਰ ਕੀਤੇ। ਇਸ ਸਮਝੌਤੇ ਅਨੁਸਾਰ ਇਹ ਪਲਾਂਟ ਨਿਊਵੇ ਇੰਜੀਨੀਅਰਜ਼ ਐੱਮ. ਐੱਸ. ਡਬਲਿਊ. ਪ੍ਰਾਈਵੇਟ ਲਿਮਟਿਡ ਵੱਲੋਂ ਅਗਲੇ 10 ਮਹੀਨਿਆਂ ਦੌਰਾਨ 10,000 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾਣਗੇ।