ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ, ਜਾਰੀ ਹੋ ਗਏ ਹੁਕਮ
Tuesday, Dec 24, 2024 - 06:36 PM (IST)
 
            
            ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਸ ਕੜੀ ਤਹਿਤ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਇਕੱਠੀ ਕਰਨਗੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੇ ਜੀਵਨ ਨੂੰ ਸੌਖਾ ਬਣਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਸਰਵੇਖਣ ਕਰਨ ਲਈ ਉਨ੍ਹਾਂ ਦੀ ਮੁਕੰਮਲ ਜਾਣਕਾਰੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਨਮਾਨ ਦਿੰਦੇ ਹੋਏ ਉਨ੍ਹਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਸਰਕਾਰ ਦਾ ਮੁੱਖ ਟੀਚਾ ਹੈ। ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਕਰਨੀ ਸਾਡੀ ਨੈਤਿਕ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੁਪਰਵਾਈਜ਼ਰ ਘਰ-ਘਰ ਜਾ ਕੇ ਐੱਮ-ਸੇਵਾ ਮੋਬਾਈਲ ਐਪ ਵਿਚ ਡਾਟਾ ਇਕੱਠਾ ਕਰਨਗੇ। ਮੋਬਾਈਲ ਐਪ ਹਰੇਕ ਸੁਪਰਵਾਈਜ਼ਰ ਨੂੰ ਨਿਰਧਾਰਤ ਪੈਨਸ਼ਨਰਾਂ ਦੇ ਵੇਰਵੇ ਪ੍ਰਦਰਸ਼ਿਤ ਕਰੇਗੀ। ਇਸ ਵਿਚ ਲਾਭਪਾਤਰੀ ਦਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ/ਪਤਾ, ਫ਼ੋਨ ਨੰਬਰ, ਉਮਰ ਅਤੇ ਲਿੰਗ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਦਾ ਮੁਲਾਂਕਣ ਕਰਨ ਲਈ ਤਿਆਰ ਕੀਤੇ ਗਏ ਸਰਵੇਖਣ ਸ਼ਾਮਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਜ਼ੁਰਗਾਂ ਦੀ ਫੋਟੋ, ਮ੍ਰਿਤਕ ਦੀ ਸੂਰਤ ਵਿਚ ਮੌਤ ਦੀ ਤਾਰੀਖ, ਮੌਤ ਸਰਟੀਫਿਕੇਟ ਅਪਲੋਡ ਕਰਕੇ ਰੀ-ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਸਿਹਤ ਸਰਵੇਖਣਾਂ ਲਈ ਬਜ਼ੁਰਗਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ, ਬਾਲ ਵਿਕਾਸ ਪ੍ਰਜੈਕਟ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਜ਼ੁਰਗਾਂ ਦੇ ਸਿਹਤ ਸਰਵੇਖਣ ਲਈ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਪੈਨਸ਼ਨ ਅਧੂਰੀ ਜਾਂ ਗਲਤ ਜਾਣਕਾਰੀ ਕਾਰਨ ਰੋਕੀ ਗਈ ਹੈ, ਉਹ ਡੀ. ਜੀ. ਆਰ ਹੈਲਪਲਾਈਨ (1100) ਰਾਹੀਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਹੋ ਗਿਆ ਇਕ ਹੋਰ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            