ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਭਰ ਵਿਚ ਲੱਗਣਗੇ ਸੋਲਰ ਪੰਪ
Saturday, Dec 07, 2024 - 05:09 PM (IST)
ਚੰਡੀਗੜ੍ਹ : ਖੇਤੀ ਸੈਕਟਰ ਵਿਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸੂਬੇ ਵਿਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਪ੍ਰਾਈਵੇਟ ਲਿਮਟਿਡ ਨੂੰ 2,356 ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ। ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਨੂੰ ਪਾਰਦਰਸ਼ੀ ਅਤੇ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਨ੍ਹਾਂ ਪੰਪਾਂ ਨੂੰ ਲਗਾਉਣ ਸਬੰਧੀ ਕਾਰਜ ਦੇ ਚਾਰ ਮਹੀਨਿਆਂ ਵਿਚ ਮੁਕੰਮਲ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ 3, 5, 7.5 ਅਤੇ 10 ਐੱਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60 ਫ਼ੀਸਦ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 80 ਫ਼ੀਸਦ ਸਬਸਿਡੀ ਉਪਲੱਬਧ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲਾਂ ਪਾਣੀ ਡੂੰਘਾ ਚਲਾ ਗਿਆ ਹੈ ਵਾਲੇ ਬਲਾਕ) ਵਿਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਦੇ ਬੋਰ-ਵੈਲਾਂ 'ਤੇ ਲਗਾਏ ਜਾਣਗੇ, ਜੋ ਪਹਿਲਾਂ ਹੀ ਮਾਈਕਰੋ ਸਿੰਜਾਈ ਪ੍ਰਣਾਲੀ (ਤੁਪਕਾ ਜਾਂ ਫੁਹਾਰਾ) ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਦੇ ਲੱਗਣ ਨਾਲ ਕਿਸਾਨਾਂ ਨੂੰ ਸਿੰਜਾਈ ਲਈ ਰਾਤ ਸਮੇਂ ਆਪਣੇ ਖੇਤਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਪੰਪ ਦਿਨ ਵੇਲੇ ਕਾਰਜਸ਼ੀਲ ਹੋਣਗੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਪ੍ਰਧਾਨਗੀ ਪ੍ਰਵਾਨ, ਸੁਖਦੇਵ ਢੀਂਡਸਾ ਦਾ ਵੱਡਾ ਬਿਆਨ
ਇਸ ਨਾਲ ਨਾ ਸਿਰਫ਼ ਡੀਜ਼ਲ ਉੱਤੇ ਆਉਣ ਵਾਲਾ ਖ਼ਰਚਾ ਬਚੇਗਾ ਸਗੋਂ ਜ਼ੀਰੋ ਫ਼ੀਸਦ ਕਾਰਬਨ ਨਿਕਾਸੀ ਹੋਵੇਗੀ, ਜਿਸ ਨਾਲ ਵਧੇਰੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹ ਮਿਲੇਗਾ। ਅਮਨ ਅਰੋੜਾ ਨੇ ਪੇਡਾ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਹੋਰ ਖੇਤੀ ਸੋਲਰ ਪੰਪ ਲਗਾਉਣ ਲਈ ਉਪਰਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੰਦੀਪ ਹੰਸ, ਡਾਇਰੈਕਟਰ ਐੱਮ.ਪੀ. ਸਿੰਘ ਅਤੇ ਸਬੰਧਤ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਐੱਚ. ਐਸ. ਫੂਲਕਾ ਵਲੋਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e