ਪੰਜਾਬ ''ਚ ਵੈਟਰਨਰੀ ਪੌਲੀਕਲੀਨਿਕਾਂ ਲਈ ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ

Wednesday, Dec 25, 2024 - 05:46 PM (IST)

ਪੰਜਾਬ ''ਚ ਵੈਟਰਨਰੀ ਪੌਲੀਕਲੀਨਿਕਾਂ ਲਈ ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ

ਚੰਡੀਗੜ੍ਹ- ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵੈਟਰਨਰੀ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਿਸਥਾਰ ਲਈ 1.85 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਉਪਕਰਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਬਹੁਤ ਸਾਰੀਆਂ ਇਨਡੋਰ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬੀਮਾਰੀ ਦਾ ਇਲਾਜ, ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ਅਲਟਰਾਸਾਊਂਡ ਸਹੂਲਤਾਂ ਸ਼ਾਮਲ ਹਨ। 

ਇਹ ਵੀ ਪੜ੍ਹੋ-  ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ Advisory ਜਾਰੀ, ਬਜ਼ੁਰਗਾਂ ਤੇ ਬੱਚਿਆਂ ਨੂੰ ਚੌਕਸ ਰਹਿਣ ਦੀ ਲੋੜ

ਪਸ਼ੂ ਪਾਲਣ ਵਿਭਾਗ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਲਈ ਸਾਰੇ ਪਸ਼ੂਧਨ ਨੂੰ ਦੋ ਵਾਰ ਗੋਟ ਪੌਕਸ ਦੀਆਂ ਖ਼ੁਰਾਕਾਂ ਮੁਫ਼ਤ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਾਰੇ ਯੋਗ ਪਸ਼ੂਆਂ ਦਾ ਸਾਲ ਵਿੱਚ ਦੋ ਵਾਰ ਮੂੰਹ-ਖੁਰ ਦੀ ਬੀਮਾਰੀ ਖਿਲਾਫ਼ ਟੀਕਾਕਰਨ ਵੀ ਕੀਤਾ ਗਿਆ ਹੈ। ਇਸ ਸਾਲ ਦੌਰਾਨ ਪਸ਼ੂਆਂ ਨੂੰ ਮੂੰਹ-ਖੁਰ ਦੀ ਬੀਮਾਰੀ ਤੋਂ ਬਚਾਉਣ ਲਈ ਵੈਕਸੀਨ ਦੀਆਂ 126.22 ਲੱਖ ਖ਼ੁਰਾਕਾਂ ਦੋ ਪੜਾਵਾਂ ਵਿੱਚ ਮੁਫ਼ਤ ਦਿੱਤੀਆਂ ਗਈਆਂ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਪਸ਼ੂ ਪਾਲਕਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ 11.81 ਕਰੋੜ ਰੁਪਏ ਦੀ ਲਾਗਤ ਨਾਲ ਫ੍ਰੋਜ਼ਨ ਸੈਕਸਡ ਸੀਮਨ (ਸਿਰਫ਼ ਵੱਛੀਆਂ/ਕੱਟੀਆਂ ਪੈਦਾ ਕਰਨ ਲਈ) ਦੀਆਂ 1,75,000 ਖ਼ੁਰਾਕਾਂ ਖ਼ਰੀਦੀਆਂ ਗਈਆਂ। ਉਨ੍ਹਾਂ ਕਿਹਾ ਕਿ ਬਿਹਤਰ ਪਸ਼ੂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 326 ਨਵੇਂ ਵੈਟਰਨਰੀ ਅਫ਼ਸਰ, 538 ਵੈਟਰਨਰੀ ਇੰਸਪੈਕਟਰ ਅਤੇ 59 ਗਰੁੱਪ ਸੀ ਦੀਆਂ ਅਸਾਮੀਆਂ ਭਰੀਆਂ ਗਈਆਂ ਹਨ ਅਤੇ 405 ਹੋਰ ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ 6.37 ਕਰੋੜ ਰੁਪਏ ਦੇ ਡੀਵਾਰਮਰ ਸੂਬੇ ਭਰ ਦੇ ਸਾਰੇ ਪਸ਼ੂ ਪਾਲਕਾਂ ਨੂੰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਸ਼ੂਆਂ ਦੇ ਇਲਾਜ ਲਈ ਹਸਪਤਾਲਾਂ/ਡਿਸਪੈਂਸਰੀਆਂ ਨੂੰ 3 ਕਰੋੜ ਰੁਪਏ ਦੀਆਂ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 1 ਕਰੋੜ ਰੁਪਏ ਦੀਆਂ ਹੋਰ ਦਵਾਈਆਂ ਵੀ ਖ਼ਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ 199 ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ ਅਤੇ ਸੂਬੇ ਵਿੱਚ 21ਵੀਂ ਪਸ਼ੂ ਗਣਨਾ ਕਰਵਾਈ ਜਾ ਰਹੀ ਹੈ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ. ਐਸ. ਬੇਦੀ ਨੇ ਦੱਸਿਆ ਕਿ ਟ੍ਰਾਈਸਿਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਸ਼ੂ ਪਾਲਣ ਵਿਭਾਗ ਨੇ 21 ਅਤੇ 22 ਦਸੰਬਰ, 2024 ਨੂੰ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਕਰਵਾਏ ਗਏ ਪੈੱਟ ਐਕਸਪੋ ਦੀ ਹੋਰ ਅਦਾਰਿਆਂ ਨਾਲ ਮਿਲ ਕੇ ਮੇਜ਼ਬਾਨੀ ਵੀ ਕੀਤੀ।

ਇਹ ਵੀ ਪੜ੍ਹੋ-  ਪੰਜਾਬ 'ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਪਿਓ ਦੇ ਹੋਸ਼


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News