ਪੰਜਾਬ ਸਰਕਾਰ ਸਫ਼ਾਈ ਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਕਰੇਗੀ ਮੁਕੰਮਲ

Thursday, Dec 16, 2021 - 10:48 PM (IST)

ਪੰਜਾਬ ਸਰਕਾਰ ਸਫ਼ਾਈ ਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਕਰੇਗੀ ਮੁਕੰਮਲ

ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਰਾਜ 'ਚ ਸਫਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰੇਗੀ।
ਅੱਜ ਇੱਥੇ ਭਗਵਾਨ ਵਾਲਮੀਕਿ ਭਵਨ ਦੇ ਵਿਕਾਸ ਲਈ 1.83 ਕਰੋੜ ਰੁਪਏ ਦਾ ਚੈੱਕ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਫਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਪਹਿਲਾਂ ਹੀ ਕੰਮ ਸੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨਾਂ ਲੋਕਾਂ ਨੂੰ ਰਾਹਤ ਦੇਣ ਲਈ ਜਲਦੀ ਹੀ ਸਾਰੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਮੰਤਵ ਲਈ ਲੋੜੀਂਦੇ ਨਿਰਦੇਸ ਪਹਿਲਾਂ ਹੀ ਜਾਰੀ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਗਰੀਬ ਵਰਗ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸਹਾਲੀ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਅਮੀਰ ਵਿਰਾਸਤ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਪਹਿਲਾਂ ਹੀ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ 5 ਕਰੋੜ ਰੁਪਏ ਸਲਾਨਾ ਬਜਟ ਗਰਾਂਟ ਦੇਣ ਦਾ ਐਲਾਨ ਕੀਤਾ ਹੈ। 
ਉਨ੍ਹਾਂ ਕਿਹਾ ਕਿ ਇਸੇ ਤਰਾਂ ਮਹਾਨ ਸਿੱਖ ਯੋਧੇ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਲੂ ਸਾਥੀ ਸਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਨਾਮ ’ਤੇ ਚੇਅਰ ਸਥਾਪਿਤ ਕੀਤੀ ਗਈ ਹੈ ਜੋ ਤਤਕਾਲੀ ਮੁਗਲ ਸ਼ਾਸਨ ਦੁਆਰਾ ਢਾਹੇ ਅੱਤਿਆਚਾਰ ਦਰਮਿਆਨ ਸਾਰੀਆਂ ਔਕੜਾਂ ਨੂੰ ਪਾਰ ਕਰਦਿਆਂ ਦਿੱਲੀ ਦੇ ਚਾਂਦਨੀ ਚੌਂਕ ਤੋਂ ਆਨੰਦਪੁਰ ਸਾਹਿਬ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਏ ਸਨ।
ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ਅਤੇ ਉੱਚ ਆਦਰਸਾਂ ’ਤੇ ਚੱਲਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਸਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਹੋਰ ਮਜਬੂਤ ਕਰਨ ਦੀ ਅਪੀਲ ਕੀਤੀ, ਜੋ ਕਿ ਸਮੇਂ ਦੀ ਲੋੜ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸਣ ਆਸੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸਿੰਘ ਤੇ ਸੀਨੀਅਰ ਕਾਂਗਰਸੀ ਲੀਡਰ ਪਾਲ ਸਿੰਘ ਗਰੇਵਾਲ ਮੌਜੂਦ ਸਨ।


author

Bharat Thapa

Content Editor

Related News