ਪੰਜਾਬ ਸਰਕਾਰ ਨੇ ਜਾਰੀ ਕੀਤੀ ਸਿੱਧੀ ਚਿਤਾਵਨੀ, ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ

Tuesday, Jul 08, 2025 - 03:55 PM (IST)

ਪੰਜਾਬ ਸਰਕਾਰ ਨੇ ਜਾਰੀ ਕੀਤੀ ਸਿੱਧੀ ਚਿਤਾਵਨੀ, ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ

ਚੰਡੀਗੜ੍ਹ : ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐੱਫਐੱਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਇਸ ਪ੍ਰਕਿਰਿਆ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਡੀਐੱਫਐੱਸਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸੂਬੇ ਦੇ ਕੁੱਲ 1.57 ਕਰੋੜ ਲਾਭਪਾਤਰੀਆਂ ਵਿਚੋਂ 1.25 ਕਰੋੜ ਲਾਭਪਾਤਰੀਆਂ (1,25,55,621) ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਆਖਰੀ ਮਿਤੀ 30 ਜੂਨ, 2025 ਸੀ ਪਰ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਣ ਦੇ ਬਾਵਜੂਦ ਅਜੇ ਵੀ ਕਈ ਲਾਭਪਾਤਰੀ ਦੀ ਈ-ਕੇਵਾਈਸੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਕੈਬਨਿਟ ਨੇ ਲਿਆ ਫ਼ੈਸਲਾ

ਇਸ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਇਸ ਪ੍ਰਕਿਰਿਆ ਲਈ ਆਖਰੀ ਮਿਤੀ 31 ਅਗਸਤ, 2025 ਤੱਕ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਡੀਐੱਫਐੱਸਸੀ ਨੂੰ ਈ-ਕੇਵਾਈਸੀ ਵਿਧੀ ਨੂੰ ਤੇਜ਼ੀ ਨਾਲ ਨੇਪਰੇ ਚਾੜਨ, ਮਾੜੀ ਕਾਰਗੁਜ਼ਾਰੀ ਵਾਲੇ ਡਿਪੂ ਹੋਲਡਰਾਂ ਦੀ ਪਛਾਣ ਕਰਨ ਅਤੇ ਅਜਿਹੇ ਡਿਪੂ ਹੋਲਡਰਾਂ ਨੂੰ ਸਖ਼ਤ ਚੇਤਾਵਨੀ ਦੇਣ ਲਈ ਕਿਹਾ ਹੈ ਕਿ ਜੇਕਰ ਇਸ ਸਬੰਧ ਵਿਚ ਕੋਈ ਵੀ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਦੇ ਡਿਪੂ ਰੱਦ ਕੀਤੇ  ਜਾਣਗੇ। ਉਨ੍ਹਾਂ ਕਿਹਾ ਕਿ ਜੁਲਾਈ-ਅਗਸਤ-ਸਤੰਬਰ ਸਰਕਲ ਵਿਚ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਵੇ। ਡੀਐੱਫਐੱਸਸੀ ਨੂੰ ਇਸ ਪਹਿਲਕਦਮੀ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦਾ ਨਿਰਦੇਸ਼ ਦਿੰਦਿਆਂ ਕਟਾਰੂਚੱਕ ਨੇ ਕਿਹਾ ਕਿ ਇਸ ਦੌਰਾਨ ਇਹ ਧਿਆਨ ਵਿਚ ਰੱਖਿਆ ਜਾਵੇ ਕਿ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੀ ਅਗਲੀ ਸਮੀਖਿਆ 1 ਹਫ਼ਤੇ ਬਾਅਦ ਕੀਤੀ ਜਾਵੇਗੀ ਅਤੇ ਮਾੜੀ-ਕਾਰਗੁਜ਼ਾਰੀ ਵਾਲਿਆਂ ਨਾਲ ਲਿਹਾਜ਼ ਨਹੀਂ ਰੱਖੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ

ਜ਼ਿਕਰਯੋਗ ਹੈ ਕਿ ਈ-ਕੇਵਾਈਸੀ ਇਕ ਡਿਜੀਟਲ ਵਿਧੀ ਹੈ ਜੋ ਲਾਭਪਾਤਰੀ ਦੀ ਪਛਾਣ ਅਤੇ ਉਸਦੇ ਪਤੇ ਦੀ ਪੁਸ਼ਟੀ ਲਈ ਮੁੱਖ ਤੌਰ 'ਤੇ ਆਧਾਰ ਕਾਰਡ ਨੰਬਰ ਅਤੇ ਪ੍ਰਮਾਣਿਕਤਾ ਲਈ ਬਾਇਓਮੈਟ੍ਰਿਕਸ ਦੀ ਵਰਤੋਂ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ 2 ਸ਼੍ਰੇਣੀਆਂ ਵਿਚ ਕੀਤੀ ਜਾਂਦੀ ਹੈ। ਅੰਤੋਦਿਯਾ ਅੰਨ ਯੋਜਨਾ (ਏਏਵਾਈ) ਅਧੀਨ ਪ੍ਰਤੀ ਪਰਿਵਾਰ ਅਤੇ ਹਰ ਮਹੀਨੇ 35 ਕਿਲੋ ਕਣਕ ਦਿੱਤੀ ਜਾਂਦੀ ਹੈ ਜਦੋਂ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐੱਨਐੱਫਐੱਸਏ), 2013 ਅਧੀਨ ਤਰਜੀਹੀ ਪਰਿਵਾਰ(ਪੀਪੀਐਚ) ਸ਼੍ਰੇਣੀ ਦੇ ਤਹਿਤ ਪ੍ਰਤੀ ਵਿਅਕਤੀ ਹਰ ਮਹੀਨੇ 5 ਕਿਲੋ ਕਣਕ ਮੁਫ਼ਤ ਦਿੱਤੀ ਜਾਂਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ ਦੇ 31 ਲੱਖ ਪਰਿਵਾਰਾਂ ਨੂੰ ਵੱਡਾ ਝਟਕਾ, ਮਾਝਾ ਤੇ ਦੁਆਬਾ ਸਭ ਤੋਂ ਵੱਧ ਪ੍ਰਭਾਵਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News