ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦੀ ਕੀਤੀ ਸ਼ਲਾਘਾ

Friday, Mar 01, 2024 - 11:46 PM (IST)

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ (ਮਨਜੋਤ) : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਇਜਲਾਸ ਦੀ ਸ਼ੁਰੂਆਤ ਮੌਕੇ ਕਿਹਾ ਕਿ ਸਮਰੱਥ ਤੇ ਹਾਸ਼ੀਏ ਉੱਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ’ਚੋਂ ਇਕ ਸਰਵਪੱਖੀ ਵਿਕਾਸ ਦੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਜਿੱਥੇ ਹਰੇਕ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਬਰਾਬਰ ਮੌਕੇ ਮਿਲਣ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਤਹਿਤ ਪੰਜਾਬ ਦੇ ਹਰ ਘਰ ਤੱਕ ਰਾਸ਼ਨ ਪਹੁੰਚਾਉਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਮਹੱਤਵਪੂਰਨ ਖੇਤਰਾਂ ’ਚ ਕਈ ਅਗਾਂਹਵਧੂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। 664 ਆਮ ਆਦਮੀ ਕਲੀਨਿਕਾਂ ’ਚ ਹੁਣ ਤੱਕ ਕੁੱਲ 1.07 ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਸ਼ੁਰੂ ਕੀਤੀ ਹੈ। ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦੇ ਯਤਨਾਂ ਨਾਲ ਸਰਕਾਰੀ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਜਮਾਤਾਂ ’ਚ ਦਾਖ਼ਲਾ ਲਗਭਗ 17 ਫ਼ੀਸਦੀ ਵਧਿਆ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਯੋਜਨਾ ਨਾਲ ਤਕਰੀਬਨ 70 ਲੱਖ ਭਾਵ 90 ਫ਼ੀਸਦੀ ਪਰਿਵਾਰਾਂ ਨੂੰ ਲਾਭ ਹੋਇਆ ਹੈ।

PunjabKesari

ਇਹ ਵੀ ਪੜ੍ਹੋ- Paytm ਨੂੰ ਲੱਗਾ ਵੱਡਾ ਝਟਕਾ, ਮਨੀ ਲਾਂਡਰਿੰਗ ਮਾਮਲੇ 'ਚ ਕੰਪਨੀ 'ਤੇ ਲੱਗਾ 5 ਕਰੋੜ ਤੋਂ ਵੱਧ ਦਾ ਜੁਰਮਾਨਾ

‘ਆਪ ਦੀ ਸਰਕਾਰ ਤੁਹਾਡੇ ਦੁਆਰ’ ਯੋਜਨਾ ਤਹਿਤ ਹੁਣ ਤੱਕ 15,000 ਤੋਂ ਵੱਧ ਨਾਗਰਿਕ ਲਾਭ ਲੈ ਚੁੱਕੇ ਹਨ। ਸਰਕਾਰ ਨੇ ਪਿਛਲੇ ਇਕ ਸਾਲ ’ਚ 1332 ਪਲੇਸਮੈਂਟ ਕੈਂਪਾਂ/ਨੌਕਰੀ ਮੇਲਿਆਂ/ਸਵੈ-ਰੋਜ਼ਗਾਰ ਕੈਂਪਾਂ ਰਾਹੀਂ 1,11,810 ਉਮੀਦਵਾਰਾਂ ਨੂੰ ਨੌਕਰੀ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਦੀ ਮੁਹਿੰਮ ਤੇਜ਼ ਰਫ਼ਤਾਰ ਨਾਲ ਜਾਰੀ ਰਹੇਗੀ।

ਨਵੀਂ ਖੇਡ ਨੀਤੀ ਤਹਿਤ ਪਹਿਲੀ ਵਾਰ ਏਸ਼ਿਆਈ ਖੇਡਾਂ ’ਚ ਦੇਸ਼ ਦੀ ਨੁਮਾਇੰਦਗੀ ਕਰਨ ਲਈ ਚੁਣੇ ਗਏ 58 ਖਿਡਾਰੀਆਂ ਨੂੰ ਤਿਆਰੀ ਗਰਾਂਟ ਵਜੋਂ 4.59 ਕਰੋੜ ਰੁਪਏ ਦੀ ਰਾਸ਼ੀ ਐਡਵਾਂਸ ’ਚ ਦਿੱਤੀ ਗਈ ਹੈ। ਇਕ ਕ੍ਰਿਕਟਰ ਅਤੇ ਇਕ ਅਥਲੀਟ ਸਣੇ ਸੱਤ ਖਿਡਾਰੀਆਂ ਨੂੰ ਹਾਲ ਹੀ ’ਚ ਪੀ.ਪੀ.ਐੱਸ. ਅਤੇ 4 ਨੂੰ ਪੀ.ਸੀ.ਐੱਸ. ਵਜੋਂ ਨਿਯੁਕਤ ਕੀਤਾ ਹੈ।

PunjabKesari

ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਨਵੇਕਲੀ ਪਹਿਲਕਦਮੀ
ਰਾਜਪਾਲ ਨੇ ਕਿਹਾ ਕਿ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕਰ ਕੇ ਦੇਸ਼ ’ਚ ਆਪਣੇ ਕਿਸਮ ਦੀ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਵਿਸ਼ੇਸ਼ ਤੌਰ `ਤੇ ਸਿਖਲਾਈ ਪ੍ਰਾਪਤ ਤਾਜ਼ਾ ਭਰਤੀ ਕੀਤੇ 1597 ਜਵਾਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ। ਸੜਕੀ ਹਾਦਸਿਆਂ ਦੀ ਸੰਭਾਵਨਾ ਵਾਲੇ ਹਾਈਵੇਅ ਦੇ ਸਾਰੇ 4200 ਕਿਲੋਮੀਟਰ `ਤੇ ਫੋਰਸ ਤਾਇਨਾਤ ਕੀਤੀ ਗਈ ਹੈ। ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਬਚਾਉਣ ਲਈ ‘ਫਰਿਸ਼ਤੇ’ ਸਕੀਮ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਗੂਗਲ ਨੇ ALT ਤੇ Kuku FM ਸਣੇ ਇਨ੍ਹਾਂ 10 ਮਸ਼ਹੂਰ ਐਪਸ ਨੂੰ Playstore ਤੋਂ ਹਟਾਇਆ, ਦੱਸਿਆ ਇਹ ਕਾਰਨ

ਧਰ ਰਹੀ ਹੈ ਅਮਨ ਕਾਨੂੰਨ ਦੀ ਸਥਿਤੀ
ਰਾਜਪਾਲ ਨੇ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਸੁਧਰ ਰਹੀ ਹੈ। ਪੰਜਾਬ ਪੁਲਸ ਨੇ ਇਸ ਸਬੰਧੀ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ’ਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਪੀ.ਜੀ.ਡੀ. ਪੋਰਟਲ ਦੀ ਸ਼ੁਰੂਆਤ ਸ਼ਾਮਲ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸੂਬੇ ਅਤੇ ਦੇਸ਼ ਦੇ ਹੋਰ ਹਿੱਸਿਆਂ ’ਚ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਸਮਰਪਿਤ ਮੁਹਿੰਮਾਂ ਦੀ ਅਗਵਾਈ ਕੀਤੀ ਹੈ, ਜਿਸ ਨਾਲ ਕਈ ਲੋੜੀਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

PunjabKesari

ਗੋਇੰਦਵਾਲ ਥਰਮਲ ਪਲਾਂਟ ਨੂੰ ਦੱਸਿਆ ਇਤਿਹਾਸਕ ਪ੍ਰਾਪਤੀ
ਰਾਜਪਾਲ ਨੇ ਕਿਹਾ ਕਿ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ ਬਹੁਤ ਘੱਟ ਕੀਮਤ `ਤੇ ਖ਼ਰੀਦਿਆ ਹੈ, ਜੋ ਇਤਿਹਾਸਕ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ 1080 ਕਰੋੜ ਰੁਪਏ ਭਾਵ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੀ ਲਾਗਤ ਨਾਲ ਖ਼ਰੀਦਿਆ ਗਿਆ ਹੈ ਜਦਕਿ ਨਵੇਂ ਥਰਮਲ ਪਲਾਂਟ ਦੀ ਲਾਗਤ 8.5 ਕਰੋੜ ਰੁਪਏ ਪ੍ਰਤੀ ਮੈਗਾਵਾਟ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News