ਪੰਜਾਬ ਰਾਜਪਾਲ ਨੇ ਕੀਤਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਦਾ ਦੌਰਾ, ਆਖੀਆਂ ਇਹ ਗੱਲਾਂ

06/07/2023 6:18:50 PM

ਗੁਰਦਾਸਪੁਰ(ਵਿਨੋਦ) : ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਨਾਲ ਨਜਿੱਠਣ ਦੇ ਸੁਹਿਰਦ ਯਤਨਾਂ ਤਹਿਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜਲੇ ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਮੌਜੂਦਾ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਕਰਨਾ ਅਤੇ ਸਰਹੱਦੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਮਨੋਬਲ ਨੂੰ ਵਧਾਉਣਾ ਸੀ। ਸਰਹੱਦੀ ਇਲਾਕੇ ਦੀ ਇਸ ਫੇਰੀ ਦੌਰਾਨ ਰਾਜਪਾਲ ਬਨਵਾਰੀ ਲਾਲ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ, ਡੀ. ਜੀ. ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦੇ ਦੌਰੇ ਦੌਰਾਨ ਰਾਜਪਾਲ ਨੇ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਮੋਹਤਬਰ ਵਿਅਕਤੀਆਂ ਨਾਲ ਵਿਆਪਕ ਚਰਚਾ ਕੀਤੀ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਟੋਲ ਪਲਾਜ਼ਾ ਨੂੰ 20 ਰੁਪਏ ਵੱਧ ਵਸੂਲਣੇ ਪਏ ਮਹਿੰਗੇ, ਲੱਗਾ ਮੋਟਾ ਜੁਰਮਾਨਾ

ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਬਹਾਦਰ ਵਸਨੀਕਾਂ ਨੇ ਹਮੇਸ਼ਾਂ ਹੀ ਦੁਸ਼ਮਣ ਦੇਸ਼ ਦੇ ਮਾੜੇ ਮਨਸੂਬਿਆਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣਾ ਵੀ ਦੇਸ਼ ਸੇਵਾ ਅਤੇ ਦੇਸ਼ ਭਗਤੀ ਹੈ ਅਤੇ ਸਰਹੱਦੀ ਖੇਤਰ ਦੇ ਵਸਨੀਕ ਇਸ ਸੇਵਾ ਨੂੰ ਬਾਖੂਬੀ ਨਿਭਾ ਰਹੇ ਹਨ। ਉਨ੍ਹਾਂ ਸਰਹੱਦੀ ਵਸਨੀਕਾਂ ਨੂੰ ਚੌਕਸ ਰਹਿਣ, ਸੁਰੱਖਿਆ ਬਲਾਂ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਅਤੇ ਆਪਣੇ ਆਸ-ਪਾਸ ਕਿਸੇ ਵੀ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਲਗਾਤਾਰ ਆਪਸ ਵਿੱਚ ਮੀਟਿੰਗਾਂ ਕਰਕੇ ਸੂਚਨਾ ਸਾਂਝੀ ਕੀਤੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਜਪਾਲ ਪੁਰੋਹਿਤ ਅਤੇ ਉੱਚ ਅਧਿਕਾਰੀਆਂ ਦਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਆਉਣ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਸਰਹੱਦ ਦੇ ਨਾਲ ਲੱਗਦੀ 15 ਕਿਲੋਮੀਟਰ ਦੀ ਪੱਟੀ ਦੇ ਸਾਰੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਗਠਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੇ ਕੋਈ ਵੀ ਨਾਗਰਿਕ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਹਰ ਤਰਾਂ ਦੀ ਚੌਕਸੀ ਵਰਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ BJP ਨੇ ਉਲੀਕੀ ਵੱਡੀ ਰਣਨੀਤੀ, ਪੰਜਾਬ 'ਚ ਦੋ ਵਿਸ਼ਾਲ ਰੈਲੀਆਂ ਕਰਨਗੇ ‘ਸ਼ਾਹ’

ਸਰਹੱਦੀ ਖੇਤਰ ਦੇ ਮੋਹਤਬਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਰਾਜਪਾਲ ਪੰਜਾਬ ਨੂੰ ਭਰੋਸਾ ਦਿਵਾਇਆ ਕਿ ਉਹ ਦੇਸ਼ ਦੀ ਸੁਰੱਖਿਆ ਲਈ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਸੁਰੱਖਿਆ ਏਜੰਸੀਆਂ ਨੂੰ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਸਰਹੱਦ ਉੱਪਰ ਰੀ-ਟਰੀਟ ਸੈਰੇਮਨੀ ਸ਼ੁਰੂ ਕਰਨ ਦੀ ਮੰਗ ਵੀ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਧਰਮਕੋਟ ਰੰਧਾਵਾ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਵੀ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ। ਮਾਣਯੋਗ ਰਾਜਪਾਲ ਪੁਰੋਹਿਤ ਵੱਲੋਂ ਅਬਾਦ ਕੈਂਪ ਦੌਰਾਨ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਗਿਆ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto