ਪੰਜਾਬ ਦੇ ਰਾਜਪਾਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ
Tuesday, Sep 02, 2025 - 03:24 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਤਾਂ ਜੋ ਹੜ੍ਹ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਰਾਜਪਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਪੀੜਤਾਂ ਤੱਕ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਹਾਇਤਾ ਪਹੁੰਚਾਈ ਜਾਵੇ।
ਉਨ੍ਹਾਂ ਖ਼ਾਸ ਤੌਰ ’ਤੇ ਜ਼ੋਰ ਦਿੱਤਾ ਕਿ ਪ੍ਰਭਾਵਿਤ ਪਰਿਵਾਰਾਂ ਦੇ ਮੁੜ-ਵਸੇਬੇ ਲਈ ਯੋਜਨਾਬੱਧ ਤਰੀਕੇ ਨਾਲ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਭੋਜਨ, ਪਾਣੀ, ਦਵਾਈਆਂ ਅਤੇ ਰਹਿਣ ਦੀਆਂ ਥਾਵਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ। ਰਾਜਪਾਲ ਨੇ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ, ਸਗੋਂ ਸੇਵਾ ਦਾ ਹੈ ਅਤੇ ਸਰਕਾਰ ਹਰ ਪੀੜਤਾਂ ਨਾਲ ਖੜ੍ਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਤਾਂ ਜੋ ਰਾਹਤ ਕਾਰਜਾਂ 'ਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ।
ਇਹ ਵੀ ਪੜ੍ਹੋ : ਮੀਂਹ ਤੇ ਹੜ੍ਹਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਕਰ 'ਤਾ ਐਲਾਨ
ਮੀਟਿੰਗ 'ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਅੰਦਾਜ਼ੇ ਬਾਰੇ ਵੀ ਚਰਚਾ ਕੀਤੀ ਗਈ, ਜਿਸ 'ਚ ਫ਼ਸਲਾਂ, ਘਰਾਂ ਅਤੇ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ। ਰਾਜਪਾਲ ਨੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਦੌਰਾਨ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਜਪਾਲ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8