ਪੰਜਾਬ ਸਰਕਾਰ ਨੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ

Tuesday, Oct 18, 2022 - 06:35 PM (IST)

ਪੰਜਾਬ ਸਰਕਾਰ ਨੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ

ਚੰਡੀਗੜ੍ਹ/ਲੁਧਿਆਣਾ : ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨ੍ਹਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਏ ਸਮਾਗਮ ਦੌਰਾਨ ਕਰੀਬ 150 ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸ਼ਹਿਰ ਵਿਚ ਸਾਰੇ ਨਿਯੁਕਤੀ ਪੱਤਰ ਪੜਾਅਵਾਰ ਢੰਗ ਨਾਲ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ, ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਨਗਰ-ਨਿਗਮ ਕਮਿਸ਼ਨਰ ਡਾ. ਸੇਨਾ ਅਗਰਵਾਲ ਤੋਂ ਇਲਾਵਾ ਕਈ ਹੋਰ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਫਾਈ ਸੇਵਕਾਂ/ਸੀਵਰਮੈਨਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਨਗਰ-ਨਿਗਮ ਲੁਧਿਆਣਾ (ਐੱਮ.ਸੀ.ਐੱਲ.) ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿਚ ਕੁਝ ਗੜਬੜੀ ਸੀ, ਜੋ ਉਕਤ ਕਰਮੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ’ਚ ਮੁੱਖ ਅੜਿੱਕਾ ਬਣ ਰਿਹਾ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਤੋਂ ਬਾਅਦ ਰੈਗੂਲਰ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਗਈ ਹੈ, ਇਸ ਲਈ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੈਗੂਲਰ ਕਰਨਾ ਸਫਾਈ ਸੇਵਕਾਂ/ਸੀਵਰਮੈਨਾਂ ਦਾ ਅਧਿਕਾਰ ਹੈ ਅਤੇ ਇਸ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਰਹਿੰਦੇ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਮੇਸ਼ਾ ਸਫਾਈ ਕਰਮੀਆਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਕੋਵਿਡ-19 ਦੌਰਾਨ ਸਫਾਈ ਕਰਮੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਫਾਈ ਕਰਮੀਆਂ ਨੇ ਆਪਣੀ ਜਾਨ ਜ਼ੋਖਿਮ ਵਿਚ ਪਾ ਕੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਇਆ। ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਨਗਰ-ਨਿਗਮ ਲੁਧਿਆਣਾ ਵਿਚ ਡੀ. ਸੀ. ਰੇਟ ’ਤੇ ਕੰਮ ਕਰਦੇ 456 ਬੇਲਦਾਰਾਂ/ਡਰਾਈਵਰਾਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੁੱਲ 3542 ਰੈਗੂਲਰ ਕਰਮਚਾਰੀਆਂ ਵਿਚੋਂ 2428 ਸਫਾਈ ਸੇਵਕ ਅਤੇ 1114 ਸੀਵਰਮੈਨ ਹਨ। ਜੋਨ- ਏ ਦੇ 369 ਸਫਾਈ ਸੇਵਕਾਂ, ਜੋਨ-ਬੀ ਵਿੱਚੋਂ 579 ਸਫਾਈ ਸੇਵਕ, ਜੋਨ-ਸੀ ਦੇ 724 ਅਤੇ ਜੋਨ- ਡੀ ਦੇ 756 ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਜੋਨ-ਏ ਦੇ 212 ਸੀਵਰਮੈਨ, ਜੋਨ-ਬੀ ਦੇ 394, ਜੋਨ- ਸੀ ਦੇ 296 ਅਤੇ ਜੋਨ- ਡੀ ਦੇ 212 ਸੀਵਰਮੈਨਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕ ਮਿਸਾਲ ਕਾਇਮ ਕਰਨ ਅਤੇ ਵਾਤਾਵਰਣ ਪ੍ਰਤੀ ਆਪਣੀ ਸੁਹਿਰਦ ਜ਼ਿੰਮੇਵਾਰੀ ਨੂੰ ਧਿਆਨ ਵਿਚ ਰੱਖਦਿਆਂ ਅੱਜ ਦਾ ਸਮਾਗਮ ‘ਨੋ ਪਲਾਸਟਿਕ’ ਦਿਵਸ ਵਜੋਂ ਮਨਾਇਆ ਗਿਆ।


author

Gurminder Singh

Content Editor

Related News