ਪੰਜਾਬ ਸਰਕਾਰ ਵੱਲੋਂ ਸ਼ਹੀਦ ਜਸਬੀਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ
Friday, Dec 31, 2021 - 04:49 PM (IST)
ਚੰਡੀਗੜ੍ਹ (ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲਾਂਸ ਨਾਇਕ ਜਸਬੀਰ ਸਿੰਘ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਨੰਤਨਾਗ ਇਲਾਕੇ ’ਚ ਅੱਤਵਾਦੀਆਂ ਵਿਰੁੱਧ ਬਹਾਦਰੀ ਨਾਲ ਲੜਦਿਆਂ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਰਾਜੇਵਾਲ ਨੇ ਰਵਾਇਤੀ ਪਾਰਟੀਆਂ ’ਤੇ ਲਾਏ ਵੱਡੇ ਇਲਜ਼ਾਮ, ਕਿਹਾ-ਪੰਜਾਬ ਨੂੰ ਬਚਾਉਣ ਲਈ ਲੋਕ ਬਣਾਉਣ ਲਹਿਰ (ਵੀਡੀਓ)
ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦਾਅ ’ਤੇ ਲਾਉਂਦਿਆਂ ਸ਼ਹੀਦ ਵੱਲੋਂ ਦਿਖਾਈ ਗਈ ਸਮਰਪਿਤ ਭਾਵਨਾ, ਉਨ੍ਹਾਂ ਦੇ ਸਾਥੀਆਂ ਨੂੰ ਹੋਰ ਵੀ ਤਨਦੇਹੀ ਅਤੇ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਜ਼ਿਕਰਯੋਗ ਹੈ ਕਿ ਜਸਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੇਈਂਪੂਈਂ ਦਾ ਰਹਿਣ ਵਾਲੇ ਸਨ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਇਕ ਭਰਾ ਅਤੇ ਇਕ ਭੈਣ ਛੱਡ ਗਏ ਹਨ। ਬੀਤੇ ਦਿਨ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 19 ਰਾਸ਼ਟਰੀ ਰਾਈਫਲਜ਼ ਦੇ ਲਾਂਸ ਨਾਇਕ ਜਸਬੀਰ ਸਿੰਘ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਸੀ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ