ਪੰਜਾਬ ਸਰਕਾਰ ਵਲੋਂ 3,95,000 ਪ੍ਰਵਾਸੀਆਂ ਨੂੰ ਵਿਸ਼ੇਸ਼ ਟਰੇਨਾਂ ਰਾਹੀਂ ਪਿੱਤਰੀ ਰਾਜ ਭੇਜਿਆ ਵਾਪਸ
Monday, May 25, 2020 - 12:38 AM (IST)
ਚੰਡੀਗੜ੍ਹ, (ਅਸ਼ਵਨੀ)— ਐਤਵਾਰ ਪਟਿਆਲਾ ਤੋਂ 300ਵੀਂ ਟਰੇਨ ਰਵਾਨਾ ਹੋਣ ਨਾਲ ਪੰਜਾਬ ਸਰਕਾਰ ਵਲੋਂ ਕੈ. ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਹੁਣ ਤਕ 3,95,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਦੀ ਸਹੂਲਤ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਐਤਵਾਰ ਕੁੱਲ 23 ਰੇਲ ਗੱਡੀਆਂ ਚੱਲ ਰਹੀਆਂ ਹਨ, ਜਿਸ ਨਾਲ ਪ੍ਰਵਾਸੀ ਕਾਮਿਆਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਦੀ ਕੁੱਲ ਗਿਣਤੀ 311 ਹੋ ਗਈ ਹੈ ਤੇ ਪੰਜਾਬ ਇਸ ਸਬੰਧ 'ਚ ਮੋਹਰੀ ਸੂਬਾ ਬਣ ਗਿਆ ਹੈ। ਸੂਬਾ ਸਰਕਾਰ ਵਲੋਂ ਪ੍ਰਵਾਸੀ ਕਾਮਿਆਂ ਨੂੰ ਉਨ੍ਹਾਂ ਦੇ ਪਿੱਤਰੀ ਰਾਜ ਵਾਪਸ ਜਾਣ ਦੀ ਸਹੂਲਤ ਦੇਣ ਵਾਸਤੇ ਹੁਣ ਤਕ 21.8 ਕਰੋੜ ਰੁਪਏ ਖ਼ਰਚੇ ਗਏ ਹਨ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵਲੋਂ ਪਟਿਆਲੇ ਤੋਂ ਹਰੀ ਝੰਡੀ ਦਿਖਾ ਕੇ ਰਵਾ ਨਾ ਕੀਤੀ ਗਈ 300ਵੀਂ ਟਰੇਨ ਪ੍ਰਵਾਸੀ ਕਾਮਿਆਂ ਨੂੰ ਉੱਤਰ ਪ੍ਰਦੇਸ਼ 'ਚ ਉਨ੍ਹਾਂ ਦੇ ਘਰ ਲੈ ਕੇ ਜਾਏਗੀ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਆਪਣੇ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਦੀ ਇੱਛਾ ਰੱਖਣ ਵਾਲੇ ਪ੍ਰਵਾਸੀ ਕਾਮਿਆਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਜਾਵੇ। ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਸਾਡੇ ਮਹਿਮਾਨ ਕਰਮਚਾਰੀਆਂ ਨੂੰ ਹਰ ਤਰ੍ਹਾਂ ਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਜ ਡਿਪਟੀ ਕਮਿਸ਼ਨਰਾਂ ਅਤੇ ਫਿਰੋਜ਼ਪੁਰ ਅਤੇ ਅੰਬਾਲਾ ਡਵੀਜ਼ਨ ਦੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਕੁੱਲ 311 'ਚੋਂ ਉੱਤਰ ਪ੍ਰਦੇਸ਼ ਨੂੰ ਸਭ ਤੋਂ ਵੱਧ 204 ਟਰੇਨਾਂ ਅਤੇ ਉਸ ਤੋਂ ਬਾਅਦ ਬਿਹਾਰ ਨੂੰ 82 ਟਰੇਨਾਂ ਪ੍ਰਵਾਸੀ ਕਾਮਿਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ। ਇਸੇ ਤਰ੍ਹਾਂ ਝਾਰਖੰਡ ਨੂੰ 9, ਮੱਧ ਪ੍ਰਦੇਸ਼ ਨੂੰ 7 ਅਤੇ ਛੱਤੀਸਗੜ੍ਹ ਅਤੇ ਪੱਛਮੀ ਬੰਗਾਲ ਨੂੰ 2-2 ਟਰੇਨਾਂ ਰਵਾਨਾ ਹੋਈਆਂ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਮਨੀਪੁਰ, ਤਾਮਿਲਨਾਡੂ ਅਤੇ ਉਤਰਾਖੰਡ ਨੂੰ ਇਕ-ਇਕ ਟਰੇਨ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਰਵਾਨਾ ਹੋਈ ਹੈ।