ਕੱਚੇ ਤੇ ਐਡਹਾਕ ਮੁਲਾਜ਼ਮਾਂ ਨੂੰ ਪਾਲਿਸੀ ਬਣਾ ਕੇ ਰੈਗੂਲਰ ਕਰੇ ਪੰਜਾਬ ਸਰਕਾਰ : ਪ੍ਰਿੰਸੀਪਲ ਬੁੱਧਰਾਮ

09/11/2021 8:16:11 PM

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਸਰਕਾਰ 'ਤੇ ਆਪਣੇ ਹੀ ਮੁਲਾਜ਼ਮਾਂ ਨਾਲ ਧੋਖ਼ਾ ਕਰਨ ਦਾ ਦੋਸ਼ ਲਾਇਆ ਹੈ। 'ਆਪ' ਨੇ ਕਿਹਾ ਕਿ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਮਤਰਿਆ ਵਰਤਾਓ ਕਰ ਰਹੀ ਹੈ। ਲੰਮੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕੱਚੇ ਅਤੇ ਐਡਹਾਕ ਮੁਲਾਜ਼ਮਾਂ ਨੂੰ ਪੱਕਾ (ਰੈਗੂਲਰ) ਨਾ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਵਿਸ਼ਵਾਸ਼ ਤੋੜਿਆ ਹੈ।
ਸ਼ਨੀਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਵੱਖ- ਵੱਖ ਸਰਕਾਰੀ ਵਿਭਾਗਾਂ ਵਿੱਚ ਕੱਚੇ ਅਤੇ ਐਡਹਾਕ 'ਤੇ ਕੰਮ ਕਰ ਰਹੇ ਸੈਂਕੜੇ ਮੁਲਾਜ਼ਮਾਂ ਨੂੰ ਪੱਕਾ (ਰੈਗੂਲਰ) ਕਰਨ ਦਾ ਵਾਅਦਾ ਕੀਤਾ ਸੀ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਸਰਕਾਰ ਨੇ ਨਾ ਤਾਂ ਮੁਲਾਜ਼ਮਾਂ ਨੂੰ ਪੱਕੇ ਕੀਤਾ ਅਤੇ ਨਾ ਹੀ ਨਵੀਆਂ ਭਰਤੀਆਂ ਕੱਢੀਆਂ।

ਇਹ ਵੀ ਪੜ੍ਹੋ- ਪੰਜਾਬ 'ਚ ਵਧ ਰਹੇ ਅਪਰਾਧਾਂ ਲਈ ਕੈਪਟਨ ਅਮਰਿੰਦਰ ਸਿੱਧੇ ਤੌਰ 'ਤੇ ਜ਼ਿੰਮੇਵਾਰ: ਹਰਪਾਲ ਸਿੰਘ ਚੀਮਾ
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਇਨਾਂ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਤਾਂ ਕਿ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਇਹ ਮੁਲਾਜ਼ਮ ਕੰਮ 'ਤੇ ਵਾਪਸ ਆ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਆਪਣੇ ਕੱਚੇ ਅਤੇ ਐਡਹਾਕ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਜਲਦ ਤੋਂ ਜਲਦ ਰਣਨੀਤੀ ਬਣਾਉਣੀ ਚਾਹੀਦੀ ਹੈ।
ਪੁਰਾਣੀ ਪੈਨਸ਼ਨ ਦੇ ਮਾਮਲੇ ਬਾਰੇ ਬੋਲਦੇ ਹੋਏ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਾਲ 2004 ਵਿੱਚ ਬੰਦ ਹੋਈ ਪੈਂਨਸ਼ਨ ਯੋਜਨਾ ਨੂੰ ਕੈਪਟਨ ਸਰਕਾਰ ਜਲਦ ਤੋਂ ਜਲਦ ਬਹਾਲ ਕਰੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਖਾਲੀ ਪਈਆਂ ਆਸਾਮੀਆਂ 'ਤੇ ਭਰਤੀ ਕਰਨ ਸਮੇਤ ਕਈ ਮਾਮਲੇ ਲੰਮੇ ਸਮੇਂ ਤੋਂ ਹੱਲ ਨਹੀਂ ਕੀਤੇ ਗਏ, ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਅੱਜ ਵੀ ਕੱਚੇ ਮੁਲਾਜ਼ਮ ਪੱਕੇ ਹੋਣ ਦਾ ਇੰਤਜਾਰ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਛੇਵੇਂ ਤਨਖ਼ਾਹ ਕਮਿਸ਼ਨ ਦੇ ਨਾਂ 'ਤੇ ਪੱਕੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦ ਤੋਂ ਜਲਦ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਕੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਦੇਵੇ।

 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਕਾਂਗਰਸ ਸਰਕਾਰ ਤੇ ਵਿਰੋਧੀ ਧਿਰਾਂ ਦੀ ਸੋਚੀ-ਸਮਝੀ ਸਾਜਿਸ਼ : ਅਸ਼ਵਨੀ ਸ਼ਰਮਾ
ਵਿਧਾਇਕ ਬੁੱਧਰਾਮ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੜਤਾਲਾਂ ਨੂੰ ਪੁਲਸ ਬਲ ਨਾਲ ਖ਼ਤਮ ਕਰਾਉਣਾ ਚਾਹੁੰਦੀ ਹੈ, ਜੋ ਸਰਾਸਰ ਗਲਤ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਲਾਜ਼ਮਾਂ ਦੇ ਸ਼ਾਂਤੀਪੂਰਨ ਧਰਨੇ ਨੂੰ ਕੁਚਲਨ ਲਈ ਸਰਕਾਰੀ ਤੰਤਰ ਦੀ ਗਲਤ ਵਰਤੋਂ ਕਰਨਾ ਬੰਦ ਕਰਨ ਅਤੇ ਉਨਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿਚੋਂ ਠੇਕਾ ਪ੍ਰਣਾਲੀ ਖ਼ਤਮ ਕੀਤੀ ਜਾਵੇਗੀ ਅਤੇ ਦਿੱਲੀ ਦੀ ਤਰਜ 'ਤੇ ਪੱਕੀਆਂ ਨੌਕਰੀਆਂ ਲਈ ਯੋਜਨਾ ਬਣਾਈ ਜਾਵੇਗੀ।

Bharat Thapa

This news is Content Editor Bharat Thapa