ਪੰਜਾਬ ''ਚ ਗਰਮੀ ਵਿਚਾਲੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੰਗਤ ਲਈ ਸਖ਼ਤ ਹਦਾਇਤਾਂ ਜਾਰੀ

Wednesday, Jun 10, 2026 - 02:29 PM (IST)

ਪੰਜਾਬ ''ਚ ਗਰਮੀ ਵਿਚਾਲੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੰਗਤ ਲਈ ਸਖ਼ਤ ਹਦਾਇਤਾਂ ਜਾਰੀ

ਮਹਿਲ ਕਲਾਂ (ਹਮੀਦੀ): ਗਰਮੀ ਦੇ ਮੌਸਮ ਦੌਰਾਨ ਗੁਰਦੁਆਰਾ ਸਾਹਿਬਾਨ ਵਿਚ ਸ਼ਾਰਟ ਸਰਕਟ ਕਾਰਨ ਵਾਪਰ ਰਹੀਆਂ ਅੱਗ ਲੱਗਣ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੰਗਤ ਲਈ ਅਹਿਮ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਗੁਰਦੁਆਰਾ ਸਾਹਿਬਾਨ, ਖ਼ਾਸ ਕਰਕੇ ਸੱਚਖੰਡ ਸਾਹਿਬ ਅੰਦਰ ਬਿਜਲੀ ਦੀਆਂ ਫਿਟਿੰਗਾਂ ਦੀ ਤੁਰੰਤ ਜਾਂਚ ਕਰਵਾ ਕੇ ਉਨ੍ਹਾਂ ਨੂੰ ਮੁਕੰਮਲ ਤੌਰ 'ਤੇ ਸੁਰੱਖਿਅਤ ਅਤੇ ਦਰੁਸਤ ਬਣਾਉਣ ਦੇ ਆਦੇਸ਼ ਦਿੱਤੇ ਹਨ। 

ਸਿੰਘ ਸਾਹਿਬ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਮੂੰਮ ਵਿਖੇ ਸਥਿਤ ਗੁਰਦੁਆਰਾ ਆਕੀਗੜ੍ਹ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਕੌਮ ਲਈ ਬੇਹੱਦ ਦੁਖਦਾਈ ਹਨ। ਉਨ੍ਹਾਂ ਕਿਹਾ ਕਿ ਬਿਜਲੀ ਉਪਕਰਨਾਂ ਦੇ ਓਵਰਹੀਟ ਹੋਣ, ਪੁਰਾਣੀ ਵਾਇਰਿੰਗ ਅਤੇ ਲਾਪਰਵਾਹੀ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਸਾਵਧਾਨੀ ਵਰਤ ਕੇ ਰੋਕਿਆ ਜਾ ਸਕਦਾ ਹੈ। ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਨਜ਼ਦੀਕ ਬਿਜਲਈ ਪੱਖੇ ਨਾ ਲਗਾਏ ਜਾਣ। ਉਨ੍ਹਾਂ ਕਿਹਾ ਕਿ ਗਰਮੀ ਦੇ ਦਿਨਾਂ ਵਿਚ ਲਗਾਤਾਰ ਚੱਲਣ ਕਾਰਨ ਪੱਖੇ ਗਰਮ ਹੋ ਜਾਂਦੇ ਹਨ ਅਤੇ ਕਈ ਵਾਰ ਸ਼ਾਰਟ ਸਰਕਟ ਜਾਂ ਅੱਗ ਲੱਗਣ ਦਾ ਕਾਰਨ ਬਣ ਸਕਦੇ ਹਨ। 

ਇਸੇ ਤਰ੍ਹਾਂ ਪਾਵਨ ਬੀੜਾਂ ਦੇ ਬਿਲਕੁਲ ਨੇੜੇ ਤੇਜ਼ ਰੌਸ਼ਨੀ ਵਾਲੇ ਬਲਬ ਲਗਾਉਣ ਤੋਂ ਵੀ ਗੁਰੇਜ਼ ਕੀਤਾ ਜਾਵੇ, ਕਿਉਂਕਿ ਬਲਬਾਂ ਦੀ ਗਰਮੀ ਅਤੇ ਬਿਜਲੀ ਖ਼ਰਾਬੀ ਕਾਰਨ ਪਹਿਲਾਂ ਵੀ ਕਈ ਅਣਸੁਖਾਵੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਸਮੂਹ ਪ੍ਰਬੰਧਕ ਕਮੇਟੀਆਂ ਨੂੰ ਆਦੇਸ਼ ਦਿੱਤਾ ਕਿ ਗੁਰਦੁਆਰਾ ਸਾਹਿਬ ਦੀ ਬਿਜਲੀ ਫਿਟਿੰਗ ਦੀ ਤਕਨੀਕੀ ਮਾਹਿਰਾਂ ਤੋਂ ਜਾਂਚ ਕਰਵਾਈ ਜਾਵੇ ਅਤੇ ਜਿੱਥੇ ਵੀ ਕਮਜ਼ੋਰ, ਪੁਰਾਣੀਆਂ ਜਾਂ ਨੰਗੀਆਂ ਤਾਰਾਂ ਹੋਣ, ਉਨ੍ਹਾਂ ਨੂੰ ਤੁਰੰਤ ਬਦਲਿਆ ਜਾਵੇ। ਇਸ ਤੋਂ ਇਲਾਵਾ ਸੱਚਖੰਡ ਸਾਹਿਬ ਅੰਦਰ ਲੱਗੇ ਬਿਜਲੀ ਉਪਕਰਨਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਸੇਵਾਦਾਰਾਂ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਜਾਵੇ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਅਤੇ ਸਤਿਕਾਰ ਹਰ ਸਿੱਖ ਦਾ ਪਹਿਲਾ ਫ਼ਰਜ਼ ਹੈ। ਗਰਮੀ ਦੇ ਮੌਸਮ ਦੌਰਾਨ ਮਾਮੂਲੀ ਜਿਹੀ ਲਾਪਰਵਾਹੀ ਵੀ ਵੱਡੇ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਮੂਹ ਗੁਰਦੁਆਰਾ ਪ੍ਰਬੰਧਕ ਇਸ ਮਾਮਲੇ ਨੂੰ ਅਤਿ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ।

ਉਨ੍ਹਾਂ ਸਮੂਹ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਵਿਭਾਗ ਅਤੇ ਤਕਨੀਕੀ ਮਾਹਿਰਾਂ ਦੇ ਸਹਿਯੋਗ ਨਾਲ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਤਾਂ ਜੋ ਭਵਿੱਖ ਵਿਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ ਅਤੇ ਗੁਰੂ ਘਰਾਂ ਦੀ ਮਰਯਾਦਾ, ਸੁਰੱਖਿਆ ਅਤੇ ਪਵਿੱਤਰਤਾ ਨੂੰ ਹਰ ਹਾਲ ਵਿਚ ਬਰਕਰਾਰ ਰੱਖਿਆ ਜਾ ਸਕੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ (ਹਲਕਾ ਚੰਨਣਵਾਲ), ਐਸਜੀਪੀਸੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ (ਹਲਕਾ ਭਦੌੜ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸ਼੍ਰੋਮਣੀ ਅਕਾਲੀ ਦਲ ਐਸਸੀ-ਬੀਸੀ ਸੈੱਲ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਆੜ੍ਹਤੀਆ ਰਵਿੰਦਰ ਸਿੰਘ ਸੇਖੋ, ਬਲਾਕ ਸੰਮਤੀ ਮੈਂਬਰ ਗੁਰਤੇਜ ਸਿੰਘ, ਜਗਦੀਸ਼ ਸਿੰਘ, ਹਰਜਿੰਦਰ ਸਿੰਘ ਖਾਲਸਾ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਗ੍ਰਾਮ ਪੰਚਾਇਤ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
 


author

Anmol Tagra

Content Editor

Related News