ਪੰਜਾਬ ਨੂੰ ਨਿਰੋਗ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮਿਸ਼ਨ : ਬ੍ਰਹਮ ਸ਼ੰਕਰ ਜਿੰਪਾ
Sunday, Oct 02, 2022 - 07:22 PM (IST)
ਚੰਡੀਗੜ੍ਹ/ਹੁਸ਼ਿਆਰਪੁਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਸਵੱਛ ਭਾਰਤ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਵਿਸ਼ਾਲ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ’ਚ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ. ਕੇ. ਤਿਵਾੜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਇਹ ਖਬਰ ਵੀ ਪੜ੍ਹੋ : ਹਰਿਆਣਾ ਕਮੇਟੀ ਦੇ ਮਾਮਲੇ ’ਚ ਬੇਲੋੜਾ ਟਕਰਾਅ ਹੋ ਸਕਦੈ ਵਿਨਾਸ਼ਕਾਰੀ : ਪ੍ਰੋ. ਸਰਚਾਂਦ ਸਿੰਘ
ਇਸ ਮੌਕੇ ‘ਮੇਰਾ ਪਿੰਡ ਮੇਰੀ ਜ਼ਿੰਮੇਵਾਰੀ’ ਯੋਜਨਾ ਤਹਿਤ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਨੂੰ 1-1 ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਓ. ਡੀ. ਐੱਫ. ਪਲੱਸ ਫਿਲਮ ਮੁਕਾਬਲੇ ਦੀਆਂ ਜੇਤੂ 3 ਸਰਬੋਤਮ ਗਰਾਮ ਪੰਚਾਇਤਾਂ ਨੂੰ 10-10 ਹਜ਼ਾਰ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ‘ਹਰ ਘਰ ਜਲ’ ਮੁਹਿੰਮ ਤਹਿਤ ਪਿੰਡਾਂ ਹਰੇਕ ਘਰ ’ਚ 100 ਫੀਸਦੀ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਾਲੇ ਸੂਬੇ ਦੇ 15 ਜ਼ਿਲ੍ਹਿਆ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਸਕੂਲ ਦੇ ਬੱਚਿਆਂ ਵਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।
ਇਹ ਖ਼ਬਰ ਵੀ ਪੜ੍ਹੋ : ਰਾਸ਼ਟਰੀ ਖੇਡਾਂ : ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ, ਨਿਸ਼ਾਨੇਬਾਜ਼ੀ, ਤਲਵਾਰਬਾਜ਼ੀ ਤੇ ਵੇਟਲਿਫਟਿੰਗ ’ਚ ਜਿੱਤੇ ਸੋਨ ਤਮਗੇ
ਸਮਾਗਮ ਨੂੰ ਸੰਬੋਧਨ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੱਛਤਾ ਸਬੰਧੀ ਸੂਬਾ ਪੱਧਰੀ ਸਮਾਗਮ ਦੀ ਜ਼ਿੰਮੇਵਾਰੀ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਦੇ ਕੇ ਵੱਡਾ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਿਰੋਗ ਬਣਾਉਣਾ ਹੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਿਸ਼ਨ ਹੈ ਅਤੇ ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਸੂਬਾ ਵਾਸੀਆਂ ਨੂੰ ਸਰਫੇਸ ਜਲ ਮੁਹੱਈਆ ਕਰਵਾਉਣ ਦਾ ਤਹੱਈਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ 1100 ਕਰੋੜ ਰੁਪਏ ਦੇ ਪ੍ਰੋਜੈਕਟ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ-2 ਦੀ ਸੂਬੇ ’ਚ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਤਹਿਤ ਸਾਰੇ ਪਿੰਡਾਂ ’ਚ ਠੋਸ ਅਤੇ ਤਰਲ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਰਚ 2025 ਤੱਕ ਹਰੇਕ ਪਿੰਡ ਨੂੰ ਓ. ਡੀ. ਐੱਫ. ਪਲੱਸ ਐਲਾਨਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਉਨ੍ਹਾਂ ਸਵੱਛਤਾ ਦੇ ਨਾਲ-ਨਾਲ ਖਾਣੇ ਦੀ ਬਰਬਾਦੀ ਨੂੰ ਵੀ ਰੋਕਣ ਅਤੇ ਨਸ਼ੇ ਦੇ ਖਾਤਮੇ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਨਾਲ ਹੋਰਨਾਂ ਪੰਚਾਇਤਾਂ ਨੂੰ ਵੀ ਸਵੱਛਤਾ ਦੇ ਖੇਤਰ ਵਿਚ ਬਿਹਤਰੀਨ ਕੰਮ ਕਰਨ ਲਈ ਉਤਸ਼ਾਹ ਮਿਲੇਗਾ।