ਪੰਜਾਬ: ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਬੰਦ ਦੁਕਾਨ 'ਚ ਤਾੜ ਕੇ ਰੱਖੇ 16 ਮਰੀਜ਼ ਕਰਵਾਏ ਰੈਸਕਿਊ
Saturday, Aug 29, 2026 - 12:56 PM (IST)
ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਇਤਿਹਾਸਕ ਪਿੰਡ ਪਹੁਵਿੰਡ ਵਿਖੇ ਇਕ ਦੁਕਾਨ ਅੰਦਰ ਕਥਿਤ ਤੌਰ ’ਤੇ ਬਿਨਾਂ ਕਿਸੇ ਮਨਜ਼ੂਰੀ ਅਤੇ ਲੋੜੀਂਦੇ ਮਾਪਦੰਡਾਂ ਦੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਪ੍ਰਸ਼ਾਸਨ ਅਤੇ ਪੁਲਸ ਦੀ ਸਾਂਝੀ ਟੀਮ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਕਾਰਵਾਈ ਦੌਰਾਨ ਕੇਂਦਰ ਅੰਦਰ ਬੰਦ ਕਰਕੇ ਰੱਖੇ ਗਏ 16 ਮਰੀਜ਼ਾਂ ਨੂੰ ਮੁਕਤ ਕਰਵਾ ਕੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਸਬੰਧੀ ਪਰਚਾ ਦਰਜ ਕਰਕੇ ਕੇਂਦਰ ਚਲਾਉਣ ਨਾਲ ਸਬੰਧਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣੇ ਬਾਕੀ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਨਕਲੀ ਪਨੀਰ ਬਣਾਉਣ ਤੇ ਵੇਚਣ ਵਾਲਿਆਂ ਦੀ ਖੈਰ ਨਹੀਂ, ਸਿਹਤ ਵਿਭਾਗ ਦੀ ਸਖ਼ਤ ਐਡਵਾਈਜ਼ਰੀ ਜਾਰੀ
ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਸੰਦੀਪ ਧਵਨ ਨੇ ਦੱਸਿਆ ਕਿ ਇਕ ਸ਼ਿਕਾਇਤ ਦੇ ਆਧਾਰ ਉਪਰ ਜ਼ਿਲੇ ਦੇ ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਐੱਸ.ਡੀ.ਐੱਮ. ਪੱਟੀ, ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ, ਥਾਣਾ ਭਿੱਖੀਵਿੰਡ ਦੇ ਮੁਖੀ ਹਰਪ੍ਰੀਤ ਸਿੰਘ ਵਿਰਕ ਅਤੇ ਜ਼ਿਲਾ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਸਮੇਤ ਹੋਰ ਕਰਮਚਾਰੀ ਸ਼ਾਮਲ ਸਨ। ਟੀਮ ਵੱਲੋਂ ਪਿੰਡ ਪਹੁਵਿੰਡ ਵਿਖੇ ਦੁਕਾਨ ਦੇ ਰੂਪ ਵਿਚ ਬਣੀ ਇਮਾਰਤ ਅੰਦਰ ਛਾਪੇਮਾਰੀ ਕੀਤੀ ਗਈ, ਜਿੱਥੇ 16 ਮਰੀਜ਼ਾਂ ਨੂੰ ਇਕ ਬੰਦ ਕਮਰੇ ਅੰਦਰ ਬੇਹੱਦ ਮਾੜੇ ਹਾਲਾਤਾਂ ਵਿਚ ਰੱਖਿਆ ਹੋਇਆ ਸੀ। ਸਿਵਲ ਸਰਜਨ ਡਾਕਟਰ ਸੰਦੀਪ ਧਵਨ ਨੇ ਦੱਸਿਆ ਕਿ ਸੰਚਾਲਕਾਂ ਕੋਲ ਨਸ਼ਾ ਛੁਡਾਊ ਕੇਂਦਰ ਚਲਾਉਣ ਸਬੰਧੀ ਕੋਈ ਵੀ ਮਨਜੂਰੀ ਨਹੀਂ ਪਾਈ ਗਈ ਅਤੇ ਨਾ ਹੀ ਇਸ ਕੇਂਦਰ ਵਿਚ ਕੋਈ ਮਨੋਰੋਗ ਮਾਹਿਰ ਡਾਕਟਰ ਮੌਜੂਦ ਸੀ, ਜੋ ਨਸ਼ੇ ਦੇ ਆਦੀ ਮਰੀਜ਼ਾਂ ਦਾ ਇਲਾਜ ਕਰਦਾ ਹੋਵੇ।
ਇਹ ਵੀ ਪੜ੍ਹੋ- ਪੰਜਾਬ: ਘਰ ’ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ
ਟੀਮ ਵੱਲੋਂ ਮੌਕੇ ਤੋਂ ਵੱਡੀ ਗਿਣਤੀ ਵਿਚ ਨਸ਼ਾ ਛੁਡਾਉਣ ਦੇ ਇਲਾਜ ਦੌਰਾਨ ਵਰਤੀਆਂ ਜਾਣ ਵਾਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਜਾਂਚ ਦਾ ਅਹਿਮ ਵਿਸ਼ਾ ਇਹ ਵੀ ਹੈ ਕਿ ਇਹ ਦਵਾਈਆਂ ਕਿੱਥੋਂ ਅਤੇ ਕਿਸ ਦੇ ਨਾਂ ’ਤੇ ਖਰੀਦੀਆਂ ਗਈਆਂ ਅਤੇ ਬਿਨ੍ਹਾਂ ਲੋੜੀਂਦੀ ਮੈਡੀਕਲ ਨਿਗਰਾਨੀ ਦੇ ਮਰੀਜ਼ਾਂ ਨੂੰ ਕਿਵੇਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਸੰਚਾਲਕਾਂ ਵੱਲੋਂ ਹਰੇਕ ਮਰੀਜ਼ ਦੇ ਪਰਿਵਾਰ ਕੋਲੋਂ ਕਰੀਬ 20 ਤੋਂ 25 ਹਜ਼ਾਰ ਰੁਪਏ ਤੱਕ ਵਸੂਲੇ ਜਾਣ ਦੇ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦੀ ਇਮਾਰਤ ਅੰਦਰ ਜਾਨਵਰਾਂ ਵਾਂਗ ਕੈਦ ਕਰਕੇ ਰੱਖੇ ਗਏ 16 ਮਰੀਜ਼ਾਂ ਨੂੰ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਰੈਸਕਿਊ ਕਰਦੇ ਹੋਏ ਰੀਹੈੱਬ ਸੈਂਟਰ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਸਰਕਾਰੀ ਖਰਚੇ ਉਪਰ ਮੁਫਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਡਾਕਟਰ ਸੰਦੀਪ ਧਵਨ ਨੇ ਗੈਰ ਕਾਨੂੰਨੀ ਢੰਗ ਨਾਲ ਚਲਾਏ ਜਾਣ ਵਾਲੇ ਨਸ਼ਾ ਛੁਡਾਊ ਕੇਂਦਰ ਵਿਚ ਜੇ ਕਿਸੇ ਕਰਮਚਾਰੀ ਦੀ ਕੋਈ ਵੀ ਮਿਲੀ ਭੁਗਤ ਸਾਹਮਣੇ ਆਈ ਤਾਂ ਉਸ ਦੇ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜ੍ਹੋ- SGPC ਦੀ ਪਾਕਿਸਤਾਨ ਨੂੰ ਅਪੀਲ, 500 ਪਾਕਿ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਦਿਓ ਇਜਾਜ਼ਤ
ਧੜਾ-ਧੜਾ ਚੱਲ ਰਹੇ ਜ਼ਿਲੇ ਅੰਦਰ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ
ਇਸ ਕਾਰਵਾਈ ਤੋਂ ਬਾਅਦ ਇਕ ਵਾਰ ਫਿਰ ਜ਼ਿਲੇ ਅੰਦਰ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਦੀ ਨਿਗਰਾਨੀ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਸਵਾਲ ਇਹ ਹੈ ਕਿ ਜੇਕਰ ਇਕ ਦੁਕਾਨ ਅੰਦਰ 16 ਵਿਅਕਤੀਆਂ ਨੂੰ ਰੱਖ ਕੇ ਲੰਬੇ ਸਮੇਂ ਤੋਂ ਅਜਿਹਾ ਕੇਂਦਰ ਚਲਾਇਆ ਜਾ ਰਿਹਾ ਸੀ ਤਾਂ ਸਬੰਧਤ ਵਿਭਾਗ ਨੂੰ ਇਸ ਦੀ ਪਹਿਲਾਂ ਜਾਣਕਾਰੀ ਕਿਉਂ ਨਹੀਂ ਮਿਲੀ? ਅਜਿਹੇ ਕੇਂਦਰਾਂ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਸਪਲਾਈ ਅਤੇ ਰਿਕਾਰਡ ਦੀ ਨਿਗਰਾਨੀ ਕਿਸ ਪੱਧਰ ’ਤੇ ਕੀਤੀ ਜਾ ਰਹੀ ਹੈ?
ਇਹ ਵੀ ਪੜ੍ਹੋ- ਪੰਜਾਬ: 8 ਆਧੁਨਿਕ ਪਿਸਤੌਲ ਤੇ ਹੈਰੋਇਨ ਦੀ ਵੱਡੀ ਖੇਪ ਸਣੇ 6 ਮੁਲਜ਼ਮ ਗ੍ਰਿਫਤਾਰ, ਡਰੋਨ ਰਾਹੀਂ ਕਰਦੇ ਸੀ ਸਮੱਗਲਿੰਗ
ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਕਈ ਕਥਿਤ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਅਧੀਨ ਆਉਂਦੇ ਡਿਪਟੀ ਮੈਡੀਕਲ ਕਮਿਸ਼ਨਰ ਸ਼ਾਖਾ ਦੀ ਕਾਰਜ਼ ਪ੍ਰਣਾਲੀ ਵੀ ਸਵਾਲਾਂ ਦੇ ਘੇਰੇ ਵਿਚ ਆ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਿਰਫ਼ ਛਾਪੇਮਾਰੀ ਕਰਕੇ ਅਜਿਹੇ ਕੇਂਦਰ ਬੰਦ ਕਰਵਾਉਣਾ ਹੀ ਕਾਫ਼ੀ ਨਹੀਂ, ਸਗੋਂ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਹ ਕੇਂਦਰ ਕਿੰਨੇ ਸਮੇਂ ਤੋਂ ਚੱਲ ਰਹੇ ਸਨ, ਦਵਾਈਆਂ ਕਿੱਥੋਂ ਆ ਰਹੀਆਂ ਸਨ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੱਕ ਇਨ੍ਹਾਂ ਦੀ ਜਾਣਕਾਰੀ ਕਿਉਂ ਨਹੀਂ ਪਹੁੰਚੀ।
ਇਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਵਿਖੇ ਪੁਲਸ ਵੱਲੋਂ ਇਸ ਮਾਮਲੇ ਦੇ ਸਬੰਧ ਵਿਚ ਪੁਲਸ ਵੱਲੋਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਦੀ ਪਹਿਚਾਣ ਹਰਬੀਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਭਿੱਖੀਵਿੰਡ, ਅਰਸ਼ਪਾਲ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਪੂਹਲਾ, ਪ੍ਰਿਤਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਸੈਦੋ ਅਤੇ ਸੰਦੀਪ ਸਿੰਘ ਉਰਫ ਸਾਜਨ ਪੁੱਤਰ ਮੰਗਲ ਸਿੰਘ ਵਾਸੀ ਵਲਟੋਹਾ ਨੂੰ ਗ੍ਰਿਫਤਾਰ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਹੋਰ ਖੁਲਾਸੇ ਹੋ ਸਕਦੇ ਹਨ।
ਗੈਰ-ਕਾਨੂੰਨੀ ਕੇਂਦਰਾਂ ਦੀ ਹੋਵੇ ਉੱਚ ਪੱਧਰੀ ਜਾਂਚ- ਕਾਮਰੇਡ ਗਿੱਲ
ਯੂਨਾਈਟਡ ਟਰੇਡ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਹਰਜਿੰਦਰ ਸਿੰਘ ਗਿੱਲ ਨੇ ਇਸ ਮਾਮਲੇ ਨੂੰ ਲੈ ਕੇ ਸਿਹਤ ਵਿਭਾਗ ਦੇ ਡਿਪਟੀ ਮੈਡੀਕਲ ਕਮਿਸ਼ਨਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਕਿ ਜ਼ਿਲੇ ਅੰਦਰ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦਾ ਵਾਰ-ਵਾਰ ਸਾਹਮਣੇ ਆਉਣਾ ਆਪਣੇ ਆਪ ਵਿਚ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜ਼ਿਲਾ ਮੈਡੀਕਲ ਕਮਿਸ਼ਨਰ ਅਤੇ ਉਨ੍ਹਾਂ ਦੀ ਟੀਮ ਦੀ ਭੂਮਿਕਾ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਗਿੱਲ ਨੇ ਕਥਿਤ ਤੌਰ ’ਤੇ ਮਹੀਨਾਵਾਰ ਰਕਮ ਵਸੂਲ ਕੇ ਅਜਿਹੇ ਕੇਂਦਰਾਂ ਨੂੰ ਸਰਪ੍ਰਸਤੀ ਦਿੱਤੇ ਜਾਣ ਦਾ ਗੰਭੀਰ ਦੋਸ਼ ਲਗਾਇਆ, ਹਾਲਾਂਕਿ ਇਸ ਦੋਸ਼ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਡਿਪਟੀ ਕਮਿਸ਼ਨਰ ਜਾਂਚ ਲਈ ਸਿਹਤ ਵਿਭਾਗ ਤੋਂ ਵੱਖਰੀ ਉੱਚ ਪੱਧਰੀ ਕਮੇਟੀ ਬਣਾਉਣ ਅਤੇ ਪਿਛਲੇ ਸਮੇਂ ਦੌਰਾਨ ਫੜ੍ਹੇ ਗਏ ਸਾਰੇ ਗੈਰ-ਕਾਨੂੰਨੀ ਕੇਂਦਰਾਂ ਦੇ ਸੰਚਾਲਕਾਂ ਦੇ ਬਿਆਨ ਅਤੇ ਆਰਥਿਕ ਲੈਣ-ਦੇਣ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਜਾਂਚ ਵਿਚ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਡਾ. ਰੂਪਮ ਚੌਧਰੀ ਜ਼ਿਲਾ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਉਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
